Daily Suraj

ਪੰਜਾਬੀ

ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਵਾਰਡ ਨੰਬਰ. 19 ਵਿਖੇ ਲਾਇਆ ਕਾਨੂੰਨੀ ਜਾਗਰੂਕਤਾ ਕੈਂਪ

24 Dec, 2024 05:30 AM

ਮਾਨਸਾ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਨੂੰ ਕਾਨੂੰਨੀ ਜਾਗਰੂਕਤਾ ਸਬੰਧੀ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਾਨਸਾ ਹਰਜਿੰਦਰ ਕੌਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਮਾਨਸਾ ਦੇ ਵਾਰਡ ਨੰ. 19 ਮਾਨਸਾ ਵਿਖੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਬਲਾਕ ਪੱਧਰ ’ਤੇ ਕਾਨੂੰਨੀ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਕੈਂਪ ਦੌਰਾਨ ਵਰਕਸ਼ਾਪ ਵਿੱਚ ਪੁਲਿਸ ਵਿਭਾਗ ਤੋਂ ਲੇੜੀ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਸਿਹਤ ਵਿਭਾਗ ਤੋਂ ਵਿਜੈ ਕੁਮਾਰ ਸ਼ਾਮਲ ਹੋਏ। ਇਸ ਸਮੇਂ ਦੌਰਾਨ ਉਨ੍ਹਾਂ ਵੱਲੋਂ ਕੁੜੀਆਂ ਨਾਲ ਸਬੰਧਤ ਕਾਨੂੰਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਸਮਾਜਿਕ ਕੁਰੀਤੀਆਂ ਜਿਵੇਂ ਕਿ ਭਰੂਣ ਹੱਤਿਆ, ਬਾਲ ਵਿਆਹ, ਦਹੇਜ ਪ੍ਰਥਾ ਆਦਿ ਤੋਂ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸੀਡੀਪੀਓ ਹਰਜਿੰਦਰ ਕੌਰ ਵੱਲੋਂ ਵੀ ਵਰਕਸ਼ਾਪ ਕੈਂਪ ਦੌਰਾਨ ਮੌਜੂਦ ਵਿਅਕਤੀਆਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਬੱਚੀਆਂ ਦਾ ਕਾਪੀਆਂ ਅਤੇ ਪੈੱਨ ਦੇ ਕੇ ਸਨਮਾਨ ਕੀਤਾ ਗਿਆ। ਅਖੀਰ ਵਿੱਚ ਸੀਮਾ ਸੁਪਰਵਾਈਜ਼ਰ ਵੱਲੋਂ ਵਰਕਸ਼ਾਪ ਵਿੱਚ ਸ਼ਾਮਲ ਸਭਨਾਂ ਦਾ ਧੰਨਵਾਦ ਕੀਤਾ ਗਿਆ। ਕੈਂਪ ਦੌਰਾਨ ਸੁਪਰਵਾਈਜ਼ਰ ਸੀਮਾ ਤੋਂ ਇਲਾਵਾ, ਵਾਰਡ ਦੇ ਵਸਨੀਕ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ, ਬੱਚੇ ਅਤੇ ਔਰਤਾਂ ਮੌਜੂਦ ਸਨ।

Posted By: Daily Suraj Bureau

Latest News