ਕੈਪਟਨ ਅਮਰਿੰਦਰ ਸਿੰਘ ਦਾ ਬਿਆਨ: ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਵੰਡ ਲਈ ਨਾ ਵਰਤਿਆ ਜਾਵੇ

ਕੈਪਟਨ ਅਮਰਿੰਦਰ ਸਿੰਘ ਦਾ ਬਿਆਨ: ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਵੰਡ ਲਈ ਨਾ ਵਰਤਿਆ ਜਾਵੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਤਿਹਾਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਪਰ ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਸਮੇਂ ਵਿੱਚ ਲੋਕਾਂ ਵਿਚ ਵੰਡ ਪੈਦਾ ਕਰਨ ਲਈ ਵਰਤਣਾ ਠੀਕ ਨਹੀਂ ਹੈ। ਇੱਕ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਮਰੇ ਹੋਏ ਕਲੀਨ-ਸ਼ੇਵ ਵਿਅਕਤੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਕੇ ਇਸ ਮੁੱਦੇ ਨੂੰ ਬੇਵਜ੍ਹਾ ਉਭਾਰਿਆ ਜਾ ਰਿਹਾ ਹੈ। ਫਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਘਟਨਾਵਾਂ ਨੂੰ ਇੱਕ ਪੱਖੀ ਨਜ਼ਰੀਏ ਨਾਲ ਨਹੀਂ, ਸਗੋਂ ਪੂਰੇ ਪ੍ਰਸੰਗ ਵਿੱਚ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਕਰੀਬ 25 ਹਜ਼ਾਰ ਲੋਕ ਮਾਰੇ ਗਏ, ਤਾਂ ਅਤਿਵਾਦ ਨਾਲ ਲੜਦੇ ਹੋਏ 1,800 ਪੁਲੀਸ ਮੁਲਾਜ਼ਮ ਵੀ ਸ਼ਹੀਦ ਹੋਏ ਅਤੇ ਹਜ਼ਾਰਾਂ ਬੇਗੁਨਾਹ ਨਾਗਰਿਕਾਂ ਨੇ ਵੀ ਆਪਣੀਆਂ ਜਾਨਾਂ ਗੁਆਈਆਂ। ਉਨ੍ਹਾਂ ਦਾ ਕਹਿਣਾ ਸੀ ਕਿ ਦੋਵੇਂ ਧਿਰਾਂ ਵੱਲੋਂ ਹੋਈਆਂ ਵਧੀਕੀਆਂ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਨਹੀਂ ਕਿ ਫਿਲਮ ਨੂੰ ਕਿਸ ਨੇ ਹਟਵਾਇਆ। ਕੈਪਟਨ ਨੇ ਕਿਹਾ ਕਿ ਫਿਲਮ ਨੂੰ ਪੰਜਾਬ ਭਰ ਵਿੱਚ ਦਿਖਾਉਣ ਨਾਲ ਨਾ ਤਾਂ ਭਾਜਪਾ ਨੂੰ ਅਤੇ ਨਾ ਹੀ ਕਾਂਗਰਸ ਨੂੰ ਕੋਈ ਸਿਆਸੀ ਲਾਭ ਹੋਵੇਗਾ। ਉਨ੍ਹਾਂ ਦਾ ਦਾਅਵਾ ਸੀ ਕਿ ਸ਼੍ਰੋਮਣੀ ਅਕਾਲੀ ਦਲ, ਵਾਰਿਸ ਪੰਜਾਬ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਇਸ ਮਾਮਲੇ ਤੋਂ ਸਿਆਸੀ ਲਾਭ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਫਿਲਮ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਹੀ ਲੋਕਾਂ ਵਿੱਚ ਇਸ ਪ੍ਰਤੀ ਦਿਲਚਸਪੀ ਵਧੀ ਹੈ। ਮਨੁੱਖੀ ਹੱਕਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਉਹ ਲਾਪਤਾ ਹੋਏ ਲੋਕਾਂ ਨਾਲ ਜੁੜੇ ਸਬੂਤ ਇਕੱਠੇ ਕਰ ਰਹੇ ਸਨ ਅਤੇ ਇਸ ਵਿੱਚ ਕੁਝ ਵੀ ਗਲਤ ਨਹੀਂ ਸੀ। ਉਨ੍ਹਾਂ ਕਿਹਾ ਕਿ ਅਤੀਤ ਨੂੰ ਸਵੀਕਾਰ ਕਰਨਾ ਅਤੇ ਉਸ ਤੋਂ ਸਿੱਖਣਾ ਜ਼ਰੂਰੀ ਹੈ, ਪਰ ਨਵੀਂ ਪੀੜ੍ਹੀ ਨੂੰ ਪੁਰਾਣੀਆਂ ਘਟਨਾਵਾਂ ਦੇ ਆਧਾਰ 'ਤੇ ਭੜਕਾਉਣਾ ਖ਼ਤਰਨਾਕ ਹੋ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਤਿਵਾਦ ਦੇ ਦੌਰ ਵਿੱਚ ਵੀ ਪੰਜਾਬ ਵਿੱਚ ਹਿੰਦੂ ਅਤੇ ਸਿੱਖ ਭਾਈਚਾਰਿਆਂ ਵਿਚਕਾਰ ਏਕਤਾ ਬਣੀ ਰਹੀ। ਸਾਬਕਾ ਮੁੱਖ ਮੰਤਰੀ ਨੇ ਸਾਬਕਾ ਪੁਲੀਸ ਮੁਖੀ ਕੇ.ਪੀ.ਐੱਸ. ਗਿੱਲ ਦੀ ਭੂਮਿਕਾ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਤਿਵਾਦ ਨੂੰ ਖ਼ਤਮ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਇਸ ਮਾਮਲੇ 'ਤੇ ਹੋਰ ਸਿਆਸੀ ਆਗੂਆਂ ਨੇ ਵੀ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਦੋਸ਼ ਲਗਾਇਆ ਕਿ ਰਵਨੀਤ ਸਿੰਘ ਬਿੱਟੂ ਸਿਆਸੀ ਏਜੰਡੇ ਤਹਿਤ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਿਲਮ ਦੀ ਰਿਲੀਜ਼ ਅਤੇ ਉਸ 'ਤੇ ਲੱਗੀ ਪਾਬੰਦੀ ਕਈ ਸਵਾਲ ਖੜ੍ਹੇ ਕਰਦੀ ਹੈ। ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਹਿੰਦੂ-ਸਿੱਖ ਏਕਤਾ ਨੇ ਹੀ ਪੰਜਾਬ ਨੂੰ ਮੁਸ਼ਕਲ ਸਮੇਂ ਵਿੱਚ ਸੰਭਾਲਿਆ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਤੱਤ ਸਿੱਧੇ ਤੌਰ 'ਤੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐੱਸ.ਆਈ. ਦੇ ਮਨਸੂਬਿਆਂ ਨੂੰ ਮਜ਼ਬੂਤ ਕਰ ਸਕਦੇ ਹਨ। ਉੱਧਰ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਵੱਲੋਂ ਉਠਾਇਆ ਗਿਆ ਮੁੱਦਾ ਸੰਵੇਦਨਸ਼ੀਲ ਹੈ ਅਤੇ ਉਹ ਤੱਥਾਂ ਦੀ ਪੂਰੀ ਜਾਂਚ ਤੋਂ ਬਾਅਦ ਹੀ ਆਪਣੀ ਵਿਸਥਾਰਪੂਰਵਕ ਪ੍ਰਤੀਕਿਰਿਆ ਦੇਣਗੇ। ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਵੀ ਬਿੱਟੂ ਦੇ ਬਿਆਨ 'ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਅਤਿਵਾਦ ਦੇ ਕਾਲੇ ਦੌਰ ਅਤੇ 1984 ਦੇ ਸਿੱਖ ਕਤਲੇਆਮ ਸਮੇਂ ਵੀ ਪੰਜਾਬ ਵਿੱਚ ਕਦੇ ਫਿਰਕੂ ਦੰਗੇ ਨਹੀਂ ਹੋਏ।