ਡਾ. ਬਲਜੀਤ ਕੌਰ: ਹਰ ਬਜ਼ੁਰਗ ਸਤਿਕਾਰ, ਸੁਰੱਖਿਆ ਅਤੇ ਸਮੇਂ ਸਿਰ ਸਹਾਇਤਾ ਦਾ ਹੱਕਦਾਰ
- ਪੰਜਾਬ
- (Asia/Kolkata)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ‘ਐਲਡਰਲਾਈਨ 14567’ ਰਾਹੀਂ ਸਹਾਇਤਾ ਸੇਵਾਵਾਂ ਦਾ ਦਾਇਰਾ ਵਧਾਇਆ ਹੈ। ਇਸ ਪਹਿਲ ਦੇ ਤਹਿਤ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਆਸਾਨੀ ਨਾਲ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐਲਡਰਲਾਈਨ 14567 ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਯੋਗ ਸਹਾਇਤਾ ਮੰਚ ਵਜੋਂ ਉਭਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚੋਂ ਪ੍ਰਾਪਤ 2.5 ਲੱਖ ਤੋਂ ਵੱਧ ਕਾਲਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, ਹੈਲਪਲਾਈਨ ਰਾਹੀਂ 91 ਬੇਸਹਾਰਾ ਬਜ਼ੁਰਗਾਂ ਨੂੰ ਬਚਾ ਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਗਿਆ, ਜਦਕਿ ਬਜ਼ੁਰਗਾਂ ਨਾਲ ਦੁਰਵਿਵਹਾਰ ਅਤੇ ਗੁਜ਼ਾਰਾ ਭੱਤੇ ਨਾਲ ਸਬੰਧਤ 1,000 ਤੋਂ ਵੱਧ ਮਾਮਲਿਆਂ ਦੇ ਹੱਲ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਗਈ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਕੀਮਤੀ ਧਰੋਹਰ ਹਨ ਅਤੇ ਉਹ ਸਤਿਕਾਰ, ਹਮਦਰਦੀ ਅਤੇ ਸੁਰੱਖਿਅਤ ਜੀਵਨ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਜਾਂ ਬੇਸਹਾਰਾ ਮਹਿਸੂਸ ਨਾ ਕਰੇ। ਉਨ੍ਹਾਂ ਦੇ ਅਨੁਸਾਰ, ਐਲਡਰਲਾਈਨ 14567 ਸਿਰਫ਼ ਇੱਕ ਹੈਲਪਲਾਈਨ ਨਹੀਂ, ਸਗੋਂ ਲੋੜ ਦੇ ਸਮੇਂ ਭਰੋਸੇਮੰਦ ਮਾਰਗਦਰਸ਼ਨ ਅਤੇ ਤੁਰੰਤ ਸਹਾਇਤਾ ਦਾ ਪ੍ਰਭਾਵਸ਼ਾਲੀ ਸਾਧਨ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਇਹ ਸੇਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਹੈਲਪਏਜ ਇੰਡੀਆ (HelpAge India) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ (NISD) ਦੇ ਤਿਕੋਣੇ ਸਮਝੌਤੇ ਤਹਿਤ ਚਲਾਈ ਜਾ ਰਹੀ ਹੈ। ਇਹ ਟੋਲ-ਫ੍ਰੀ ਹੈਲਪਲਾਈਨ ਹਫ਼ਤੇ ਦੇ ਸੱਤੋਂ ਦਿਨ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਕਾਰਜਸ਼ੀਲ ਰਹਿੰਦੀ ਹੈ, ਜਿੱਥੇ ਸਿਖਲਾਈ ਪ੍ਰਾਪਤ ਕਾਲ ਅਧਿਕਾਰੀ ਬਜ਼ੁਰਗਾਂ ਨੂੰ ਤੁਰੰਤ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਹੈਲਪਲਾਈਨ ਰਾਹੀਂ ਬੁਢਾਪਾ ਪੈਨਸ਼ਨ, ਸਰਕਾਰੀ ਭਲਾਈ ਸਕੀਮਾਂ ਬਾਰੇ ਜਾਣਕਾਰੀ, ਪੇਸ਼ੇਵਰ ਕੌਂਸਲਿੰਗ, ਕਾਨੂੰਨੀ ਸਹਾਇਤਾ, ਬੇਘਰ ਬਜ਼ੁਰਗਾਂ ਦਾ ਬਚਾਅ ਅਤੇ ਮੁੜ-ਵਸੇਬਾ ਵਰਗੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ‘ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਅਤੇ ਭਲਾਈ ਐਕਟ, 2007’ ਤਹਿਤ ਗਠਿਤ ਜ਼ਿਲ੍ਹਾ ਟ੍ਰਿਬਿਊਨਲਾਂ ਰਾਹੀਂ ਬਜ਼ੁਰਗਾਂ ਨਾਲ ਦੁਰਵਿਵਹਾਰ, ਅਣਗਹਿਲੀ ਅਤੇ ਗੁਜ਼ਾਰਾ ਭੱਤੇ ਨਾਲ ਸਬੰਧਤ ਮਾਮਲਿਆਂ ਦੇ ਹੱਲ ਵਿੱਚ ਵੀ ਇਹ ਹੈਲਪਲਾਈਨ ਅਹਿਮ ਭੂਮਿਕਾ ਨਿਭਾ ਰਹੀ ਹੈ। ਡਾ. ਬਲਜੀਤ ਕੌਰ ਨੇ ਸੀਨੀਅਰ ਸਿਟੀਜ਼ਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਪਵੇ, ਉਹ ਟੋਲ-ਫ੍ਰੀ ਹੈਲਪਲਾਈਨ 14567 ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬਜ਼ੁਰਗਾਂ ਨਾਲ ਦੁਰਵਿਵਹਾਰ ਦੀ ਘਟਨਾ ਸਾਹਮਣੇ ਆਵੇ ਤਾਂ ਉਸ ਦੀ ਜਾਣਕਾਰੀ ਤੁਰੰਤ ਇਸ ਹੈਲਪਲਾਈਨ 'ਤੇ ਦਿੱਤੀ ਜਾਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇੱਕ ਅਜਿਹਾ ਸੰਵੇਦਨਸ਼ੀਲ ਅਤੇ ਸਹਿਯੋਗੀ ਸਮਾਜ ਸਿਰਜਣ ਲਈ ਦ੍ਰਿੜ ਹੈ, ਜਿੱਥੇ ਹਰ ਬਜ਼ੁਰਗ ਸੁਰੱਖਿਆ, ਸਤਿਕਾਰ ਅਤੇ ਮਾਨਸਿਕ ਸ਼ਾਂਤੀ ਨਾਲ ਆਪਣਾ ਜੀਵਨ ਬਤੀਤ ਕਰ ਸਕੇ।
Leave a Reply