ਸਰਹੱਦ ਪਾਰੋਂ ਆਉਂਦੀ ਸੀ ਨਸ਼ੇ ਦੀ ਖੇਪ: ਮੋਗਾ 'ਚ ਸੀ.ਆਈ.ਏ. ਨੇ ਸਵਿਫ਼ਤ ਕਾਰ 'ਚੋਂ ਬਰਾਮਦ ਕੀਤੀ 12 ਕਿਲੋ ਹੈਰੋਇਨ
ਜ਼ਿਲ੍ਹਾ ਮੋਗਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ 12 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਅਤੇ ਸੀ.ਆਈ.ਏ. (CIA) ਸਟਾਫ਼ ਦੀ ਸੰਯੁਕਤ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਹੈ। ਨਸ਼ੇ ਦੀ ਇਸ ਵੱਡੀ ਖੇਪ ਦੇ ਫੜੇ ਜਾਣ ਨਾਲ ਸਰਹੱਦ ਪਾਰ ਤੋਂ ਚੱਲ ਰਹੇ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਖ਼ੁਲਾਸਾ ਹੋਇਆ ਹੈ। ਪੁਲੀਸ ਕਪਤਾਨ ਅਜੇ ਰਾਜ ਸਿੰਘ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐੱਸ.ਪੀ. (ਡੀ) ਜਤਿੰਦਰ ਸਿੰਘ ਦੀ ਰਹਿਨੁਮਾਈ ਹੇਠ ਸੀ.ਆਈ.ਏ. ਸਟਾਫ਼ ਦੇ ਮੁਖੀ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਟੀਮ ਨੇ ਥਾਣਾ ਅਜੀਤਵਾਲ ਦੇ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇੱਕ ਬਿਨਾਂ ਨੰਬਰ ਪਲੇਟ ਵਾਲੀ ਸਵਿਫ਼ਤ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਗੱਡੀ ਵਿੱਚੋਂ 12 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਕਾਰ ਸਵਾਰ ਤਿੰਨਾਂ ਵਿਅਕਤੀਆਂ ਨੂੰ ਮੌਕੇ 'ਤੇ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਨੇ ਮੰਨਿਆ ਕਿ ਉਹ ਇਹ ਨਸ਼ਾ ਸਪਲਾਈ ਕਰਨ ਜਾ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਵਿੱਚੋਂ ਦੋ ਦੀ ਪਛਾਣ ਬਲਜਿੰਦਰ ਸਿੰਘ ਅਤੇ ਸਲਾਵਰ ਸਿੰਘ ਵਜੋਂ ਹੋਈ ਹੈ, ਜੋ ਕਿ ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਦੇ ਰਹਿਣ ਵਾਲੇ ਹਨ। ਇਹ ਦੋਵੇਂ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਆਉਂਦੀ ਹੈਰੋਇਨ ਪ੍ਰਾਪਤ ਕਰਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹੁੰਚਾਉਣ ਦਾ ਕੰਮ ਕਰਦੇ ਸਨ। ਤੀਜਾ ਮੁਲਜ਼ਮ ਮਨਪ੍ਰੀਤ ਸਿੰਘ, ਵਾਸੀ ਬੱਧਨੀ ਕਲਾਂ (ਮੋਗਾ), ਇਨ੍ਹਾਂ ਤੋਂ ਨਸ਼ੇ ਦੀ ਖੇਪ ਪ੍ਰਾਪਤ ਕਰਕੇ ਅੱਗੇ ਸਥਾਨਕ ਪੱਧਰ 'ਤੇ ਵੇਚਦਾ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਵਿਰੁੱਧ ਥਾਣਾ ਅਜੀਤਵਾਲ ਵਿਖੇ ਐੱਨ.ਡੀ.ਪੀ.ਐੱਸ. (NDPS) ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨੇ ਮੁਲਜ਼ਮਾਂ ਦਾ ਦੋ ਦਿਨਾਂ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਦਾ ਮੰਨਣਾ ਹੈ ਕਿ ਰਿਮਾਂਡ ਦੌਰਾਨ ਕੀਤੀ ਜਾਣ ਵਾਲੀ ਪੁੱਛਗਿੱਛ 'ਚ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਵੱਡੇ ਖ਼ੁਲਾਸੇ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਪੂਰੀ ਸੰਭਾਵਨਾ ਹੈ। ਜ਼ਿਲ੍ਹਾ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਇਲਾਕੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਇਹ ਅਭਿਆਨ ਅੱਗੇ ਵੀ ਮੁਹਾਰਤ ਅਤੇ ਸਖ਼ਤੀ ਨਾਲ ਜਾਰੀ ਰਹੇਗਾ।
Posted By: Daily Suraj Bureau