ਬੀਕੇਯੂ ਉਗਰਾਹਾਂ ਵੱਲੋਂ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਦਾ ਐਲਾਨ

ਬੀਕੇਯੂ ਉਗਰਾਹਾਂ ਵੱਲੋਂ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਦਾ ਐਲਾਨ

  ਮਹਿਲ ਕਲਾਂ :ਹਲਕਾ ਮਹਿਲ ਕਲਾਂ ਦੇ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸੂਬਾ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਚਾਉਕੇ ਆਦਰਸ਼ ਸਕੂਲ ਸੰਘਰਸ਼ ਵਿਚ ਗ੍ਰਿਫ਼ਤਾਰ ਕੀਤੇ ਆਗੂ ਵਰਕਰਾਂ ਦੀ ਰਿਹਾਈ, ਕਿਸਾਨਾਂ ਅਤੇ ਅਧਿਆਪਕਾਂ ‘ਤੇ ਜਬਰ ਢਾਹੁਣ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ, ਆਦਰਸ਼ ਸਕੂਲ ਚਾਉਕੇ ਦੀ ਭ੍ਰਿਸ਼ਟ ਮੈਨੇਜਮੈਂਟ ਖ਼ਿਲਾਫ਼ ਕਾਰਵਾਈ ਅਤੇ ਸਕੂਲੋਂ ਕੱਢੇ ਅਧਿਆਪਕਾਂ ਨੂੰ ਬਹਾਲ ਕਰਵਾਉਣ ਆਦਿ ਮੰਗਾਂ ਲਈ ਸੰਘਰਸ਼ ਨੂੰ ਤੇਜ਼ ਕਰਦਿਆਂ 24 ਅਪਰੈਲ ਨੂੰ ਮਾਨਸਾ ਵਿਖੇ ਹੋ ਰਹੇ ਮੁਜ਼ਾਹਰੇ ’ਚ ਜਥੇਬੰਦੀ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਮੁਜ਼ਾਹਰੇ ਰਾਹੀਂ ਭ੍ਰਿਸ਼ਟ ਮੈਨੇਜਮੈਂਟ ਦੇ ਮੁਖੀਆਂ ਦੇ ਰਿਹਾਇਸ਼ੀ ਸ਼ਹਿਰ ’ਚ ਉਨ੍ਹਾਂ ਦੇ ਕਾਰਿਆਂ ਦੀ ਪਾਜ-ਉਘੜਾਈ ਕੀਤੀ ਜਾਵੇਗੀ। ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਕਮੇਟੀ ਵੱਲੋਂ ਮੈਨੇਜਮੈਂਟ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਉਹਨਾਂ ਦਾ ਪੱਖ ਪੂਰ ਰਿਹਾ ਹੈ।

ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ’ਚ ਕਿਸਾਨਾਂ ਨੂੰ ਧਰਨਾ ਦੇਣ ਤੋਂ ਰੋਕਿਆ ਗਿਆ ਸੀ ਅਤੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਲਗਾਤਾਰ ਕਿਸਾਨ ਧਰਨਿਆਂ ਨੂੰ ਜ਼ਬਰ ਕਰਕੇ ਉਖਾੜਿਆ ਗਿਆ ਸੀ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਨੂੰ ਕੁਚਲਣ ਦੇ ਰਾਹ ‘ਤੇ ਹੈ ਅਤੇ ਹੁਣ ਇਕ ਸਥਾਨਕ ਪੱਧਰੀ ਭ੍ਰਿਸ਼ਟ ਮੈਨੇਜਮੈਂਟ ਦੀ ਪਿੱਠ ’ਤੇ ਖੜ੍ਹ ਕੇ ਲੋਕਾਂ ‘ਤੇ ਜ਼ਬਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੂੰ ਲੋਕਾਂ ਪ੍ਰਤੀ ਅਖਤਿਆਰ ਕੀਤੇ ਇਸ ਜਾਬਰ ਰਵੱਈਏ ਦਾ ਜਵਾਬ ਪਿੰਡਾਂ ਦੀਆਂ ਸੱਥਾਂ ਵਿੱਚ ਦੇਣਾ ਪਵੇਗਾ ਅਤੇ ਆਉਂਦੇ ਦਿਨਾਂ ‘ਚ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਨੂੰ ਪਿੰਡਾਂ ਆਉਣ ਸਮੇਂ ਕਾਲੀਆਂ ਝੰਡੀਆਂ ਨਾਲ ਜ਼ਬਰਦਸਤ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਮੀਟਿੰਗ ਚ ਇਹ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਹੋਏ ਕਣਕ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇ। ਮੀਟਿੰਗ ਵਿਚ ਸੂਬਾ ਸਕੱਤਰ ਜਗਤਾਰ ਸਿੰਘ ਕਾਲਾ ਝਾੜ, ਹਰਦੀਪ ਸਿੰਘ ਟੱਲੇਵਾਲ ਜਨਕ ਸਿੰਘ ਭੁਟਾਲ, ਔਰਤ ਆਗੂਆਂ ਕਮਲਜੀਤ ਬਰਨਾਲਾ, ਬਿੰਦਰ ਕੌਰ ਭਦੌੜ, ਕਰਮਜੀਤ ਕੌਰ ਲਹਿਰਾ ਖਾਨਾ, ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਹਾਜ਼ਰ ਸਨ।

#BKUUgrahan #FarmersProtest #BlackFlagsProtest #PunjabPolitics #CMProtest #FarmerUnity #MSPGuarantee #KisanAndolan #AgricultureIssues #NonViolentProtest