ਸ਼੍ਰੋਮਣੀ ਅਕਾਲੀ ਦਲ ਦੇ ਭਵਿੱਖ ਨੂੰ ਲੈ ਕੇ ਮਨਪ੍ਰੀਤ ਇਆਲੀ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਦੇ ਭਵਿੱਖ ਨੂੰ ਲੈ ਕੇ ਮਨਪ੍ਰੀਤ ਇਆਲੀ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਪੰਥਕ ਵਿਚਾਰਧਾਰਾ ਵਾਲੀ ਪਾਰਟੀ ਨਾਲ ਹੀ ਜੁੜੇ ਰਹਿਣਗੇ ਅਤੇ ‘ਆਪ’ ਦੀ ਸੋਚ ਉਨ੍ਹਾਂ ਨਾਲ ਮੇਲ ਨਹੀਂ ਖਾਂਦੀ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵੱਡੇ ਫੈਸਲੇ ਅਤੇ ਕੰਮਕਾਜ ਦਿੱਲੀ ਤੋਂ ਚਲਾਏ ਜਾਂਦੇ ਹਨ, ਇਸ ਲਈ ਉਨ੍ਹਾਂ ਦਾ ਉਸ ਪਾਰਟੀ ਨਾਲ ਜੁੜਨ ਦਾ ਕੋਈ ਸਵਾਲ ਹੀ ਨਹੀਂ ਬਣਦਾ। ਉਨ੍ਹਾਂ ਇਹ ਬਿਆਨ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇੱਕ ਤਸਵੀਰ ਤੋਂ ਬਾਅਦ ਦਿੱਤਾ, ਜਿਸ ਵਿੱਚ ਉਹ ਮੁੱਖ ਮੰਤਰੀ ਭਗਵੰਤ ਮਾਨ, ਬੀਬੀ ਜਗੀਰ ਕੌਰ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਦਿਖਾਈ ਦੇ ਰਹੇ ਸਨ। ਇਆਲੀ ਨੇ ਵਾਇਰਲ ਤਸਵੀਰ ਨੂੰ ਫਰਜ਼ੀ ਕਰਾਰ ਦਿੰਦਿਆਂ ਕਿਹਾ ਕਿ ਇਹ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਸਵੀਰ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ ਹੈ ਅਤੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਬੇਬੁਨਿਆਦ ਹਨ। ਉਨ੍ਹਾਂ ਦੁਹਰਾਇਆ ਕਿ ਉਹ ਕਦੇ ਵੀ ‘ਆਪ’ ਵਿੱਚ ਸ਼ਾਮਲ ਨਹੀਂ ਹੋਣਗੇ ਕਿਉਂਕਿ ਇਸ ਪਾਰਟੀ ਦੀ ਵਿਚਾਰਧਾਰਾ ਪੰਥਕ ਏਜੰਡੇ ਤੋਂ ਵੱਖਰੀ ਹੈ ਅਤੇ ਇਸ ਦੀ ਪੂਰੀ ਕਮਾਂਡ ਦਿੱਲੀ ਦੇ ਹੱਥਾਂ ਵਿੱਚ ਹੈ। ਇਸ ਦੌਰਾਨ ਇਆਲੀ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਹੋਏ ਗਠਜੋੜ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਦੇ ਬਰਾਬਰ ਮੈਂਬਰਾਂ ਨੂੰ ਸ਼ਾਮਲ ਕਰਕੇ ਇੱਕ ਕਮੇਟੀ ਬਣਾਈ ਗਈ ਸੀ, ਪਰ ਹੁਣ ਤੱਕ ਇਸ ਸਬੰਧੀ ਕੋਈ ਅੰਤਿਮ ਫੈਸਲਾ ਨਹੀਂ ਹੋ ਸਕਿਆ। ਇਆਲੀ ਨੇ ਇਹ ਵੀ ਇਸ਼ਾਰਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਈ ਬਾਗੀ ਆਗੂ ਬੀਬੀ ਜਗੀਰ ਕੌਰ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਕੰਮ ਕਰਨ ਦੇ ਢੰਗ ਨਾਲ ਸੰਤੁਸ਼ਟ ਨਹੀਂ ਸਨ, ਜਿਸ ਕਾਰਨ ‘ਪੁਨਰ ਸੁਰਜੀਤ’ ਮੁਹਿੰਮ ਵਿੱਚ ਵੀ ਅੰਦਰੂਨੀ ਮਤਭੇਦ ਸਾਹਮਣੇ ਆਏ। ਪਾਰਟੀ ਦੀ ਸਥਿਤੀ ਬਾਰੇ ਗੱਲ ਕਰਦਿਆਂ ਇਆਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਸਾਰੇ ਆਗੂਆਂ ਨੂੰ ਇਕੱਠੇ ਹੋ ਕੇ ਸਾਂਝਾ ਫੈਸਲਾ ਲੈਣਾ ਪਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਜੜ੍ਹਾਂ ਅਜੇ ਵੀ ਅਕਾਲੀ ਦਲ ਨਾਲ ਜੁੜੀਆਂ ਹੋਈਆਂ ਹਨ, ਪਰ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਰਗੁਜ਼ਾਰੀ ਨਾਲ ਅਸਹਿਮਤ ਹਨ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਹਿਤ ਵਿੱਚ ਪ੍ਰਧਾਨਗੀ ਦਾ ਅਹੁਦਾ ਛੱਡ ਦਿੰਦੇ ਹਨ ਤਾਂ ਸਾਰੇ ਆਗੂ ਦੁਬਾਰਾ ਇਕੱਠੇ ਹੋ ਕੇ ਪਾਰਟੀ ਨੂੰ ਮਜ਼ਬੂਤ ਦਿਸ਼ਾ ਦੇ ਸਕਦੇ ਹਨ।