ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ: ਪੰਜਾਬ ਭਾਜਪਾ ਦਫ਼ਤਰ ਧਮਾਕਾ ਮਾਮਲੇ ਦੀ ਕਮਾਨ ਹੁਣ NIA ਸੰਭਾਲੇਗੀ
- ਪੰਜਾਬ
- (Asia/Kolkata)
ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਰਤੀ ਜਨਤਾ ਪਾਰਟੀ (BJP) ਦਫ਼ਤਰ ਦੇ ਬਾਹਰ ਚਾਲੂ ਸਾਲ 1 ਅਪ੍ਰੈਲ ਨੂੰ ਹੋਏ ਗ੍ਰੇਨੇਡ ਧਮਾਕੇ ਦੇ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ (NIA) ਨੇ ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਜਾਂਚ ਰਸਮੀ ਤੌਰ 'ਤੇ ਆਪਣੇ ਹੱਥ ਵਿੱਚ ਲੈ ਲਈ ਹੈ। NIA ਨੇ ਇਸ ਸਬੰਧੀ ਨਵੀਂ ਪ੍ਰਾਥਮਿਕੀ (FIR) ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 1 ਅਪ੍ਰੈਲ ਨੂੰ ਹੋਏ ਇਸ ਗ੍ਰੇਨੇਡ ਧਮਾਕੇ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਸੀ, ਪਰ ਪੁਲਿਸ ਅਤੇ ਜਾਂਚ ਏਜੰਸੀਆਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਜਾਂਚ ਆਰੰਭ ਦਿੱਤੀ ਸੀ। ਪੁਲਿਸ ਦੀਆਂ ਸ਼ੁਰੂਆਤੀ ਛਾਪੇਮਾਰੀਆਂ ਦੌਰਾਨ ਕੁੱਲ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪੁਲਿਸ ਨੇ 13 ਜੁਲਾਈ 2026 ਨੂੰ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ ਸੀ। ਪੁਲਿਸ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਸੀ ਕਿ ਇਸ ਗ੍ਰੇਨੇਡ ਹਮਲੇ ਦੇ ਤਾਰ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਸਨ। ਜਾਂਚ ਵਿੱਚ ਪੁਰਤਗਾਲ ਅਤੇ ਜਰਮਨੀ ਵਿੱਚ ਮੌਜੂਦ ਹੈਂਡਲਰਾਂ ਦੀ ਸ਼ਮੂਲੀਅਤ ਦੇ ਪੁਖ਼ਤਾ ਸਬੂਤ ਸਾਹਮਣੇ ਆਏ ਸਨ। ਅੰਤਰਰਾਸ਼ਟਰੀ ਅਤੇ ਦਹਿਸ਼ਤਗਰਦੀ ਨਾਲ ਜੁੜੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਜਾਂਚ ਦੀ ਜ਼ਿੰਮੇਵਾਰੀ NIA ਨੂੰ ਸੌਂਪੀ ਹੈ। ਜਾਂਚ ਦੇ ਤਬਾਦਲੇ ਦੀ ਪ੍ਰਕਿਰਿਆ ਤਹਿਤ NIA ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰਕੇ ਕੇਸ ਨਾਲ ਸਬੰਧਤ ਰਿਕਾਰਡ ਮੰਗਿਆ ਸੀ। ਅਦਾਲਤ ਨੇ ਅਰਜ਼ੀ 'ਤੇ ਸੁਣਵਾਈ ਕਰਦਿਆਂ ਮਾਮਲੇ ਨਾਲ ਜੁੜੇ ਨਿਆਂਇਕ ਰਿਕਾਰਡ, ਚਾਰਜਸ਼ੀਟ ਅਤੇ ਜਾਂਚ ਦਸਤਾਵੇਜ਼ NIA ਦੀ ਵਿਸ਼ੇਸ਼ ਅਦਾਲਤ ਨੂੰ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹੁਣ ਜੇਲ੍ਹ ਵਿੱਚ ਬੰਦ ਸਾਰੇ 11 ਮੁਲਜ਼ਮਾਂ ਨੂੰ NIA ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Leave a Reply