Daily Suraj

ਪੰਜਾਬੀ

ਵੋਟਰ ਸੂਚੀ ਵਿੱਚ ਨਾਮ ਨਾ ਹੋਇਆ ਤਾਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਨਹੀਂ ਮਿਲੇਗਾ: ਭਗਵੰਤ ਮਾਨ

08 Jul, 2026 04:44 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਪ੍ਰਕਿਰਿਆ ਵਿੱਚ ਲਾਜ਼ਮੀ ਤੌਰ 'ਤੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਹੋਣਾ ਸਰਕਾਰੀ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਮਹੱਤਵਪੂਰਨ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਯੋਗ ਵੋਟਰਾਂ ਦਾ ਨਾਮ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤੋਂ ਬਾਅਦ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੋਵੇਗਾ, ਉਹ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਅਤੇ ਭਲਾਈ ਯੋਜਨਾਵਾਂ ਦੇ ਲਾਭ ਤੋਂ ਵਾਂਝੇ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਵਿੱਚ ਮਾਵਾਂ ਧੀਆਂ ਸਤਿਕਾਰ ਯੋਜਨਾ ਵੀ ਸ਼ਾਮਲ ਹੈ। ਬੰਗਲੁਰੂ ਤੋਂ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਫਾਰਮ ਭਰ ਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਸੁਰੱਖਿਅਤ ਕਰਵਾਉਣ, ਤਾਂ ਜੋ ਭਵਿੱਖ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵੋਟਰ ਦਾ ਨਾਮ ਇੱਕ ਵਾਰ ਵੋਟਰ ਸੂਚੀ ਵਿੱਚੋਂ ਹਟ ਜਾਂਦਾ ਹੈ ਤਾਂ ਉਹ ਸਮਾਜਿਕ ਸੁਰੱਖਿਆ ਨਾਲ ਜੁੜੀਆਂ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਅਯੋਗ ਹੋ ਸਕਦਾ ਹੈ। ਇਸ ਲਈ ਹਰ ਯੋਗ ਨਾਗਰਿਕ ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ 25 ਜੂਨ ਤੋਂ ਘਰ-ਘਰ ਜਾ ਕੇ ਵਿਸ਼ੇਸ਼ ਸੁਧਾਈ ਮੁਹਿੰਮ ਤਹਿਤ ਸਰਵੇਖਣ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਵੱਲੋਂ ਵੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚੋਂ ਨਾ ਕੱਟਿਆ ਜਾਵੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਤਿਕਾਰ ਭੱਤਾ ਭੇਜ ਕੇ ਆਪਣਾ ਚੋਣੀ ਵਾਅਦਾ ਪੂਰਾ ਕੀਤਾ ਹੈ।

Posted By: Daily Suraj Bureau

Latest News