ਪੰਜਾਬ ਵਿੱਚ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਤੇ ਹਲਕੇ ਮੀਂਹ ਦੀ ਕੀਤੀ ਭਵਿੱਖਬਾਣੀ
ਪੰਜਾਬ ਵਿੱਚ ਲਗਾਤਾਰ ਪੈ ਰਹੀ ਗਰਮੀ ਦੇ ਦਰਮਿਆਨ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਪਿਛਲੇ ਤਿੰਨ ਦਿਨਾਂ ਤੱਕ ਹੋਈ ਬਾਰਿਸ਼ ਤੋਂ ਬਾਅਦ ਐਤਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਰਿਹਾ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਹਲਕਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਚੰਡੀਗੜ੍ਹ ਦੀ ਤਾਜ਼ਾ ਪੇਸ਼ੀਨਗੋਈ ਅਨੁਸਾਰ ਸੋਮਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਬੱਦਲਵਾਈ ਰਹਿਣ ਅਤੇ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਮੌਸਮ ਮਾਹਰਾਂ ਮੁਤਾਬਕ ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਇਸ ਤੋਂ ਬਾਅਦ 16 ਤੋਂ 18 ਜੂਨ ਤੱਕ ਮੌਸਮ ਮੁੱਖ ਤੌਰ 'ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ, ਜਦਕਿ 19 ਅਤੇ 20 ਜੂਨ ਨੂੰ ਸੂਬੇ ਵਿੱਚ ਪ੍ਰੀ-ਮੌਨਸੂਨ ਦੀ ਪਹਿਲੀ ਵਰਖਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਐਤਵਾਰ ਨੂੰ ਤਾਪਮਾਨ ਰਿਹਾ ਆਮ ਨਾਲੋਂ ਘੱਟ ਬੀਤੇ ਦਿਨਾਂ ਦੌਰਾਨ ਹੋਈ ਬਾਰਿਸ਼ ਕਾਰਨ ਐਤਵਾਰ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ, ਜੋ ਆਮ ਨਾਲੋਂ ਘੱਟ ਰਿਹਾ। ਇਸੇ ਤਰ੍ਹਾਂ ਰਾਤ ਦਾ ਘੱਟੋ-ਘੱਟ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਕਾਰਨ ਰਾਤਾਂ ਵੀ ਸੁਹਾਵਣੀਆਂ ਬਣੀਆਂ ਰਹੀਆਂ। ਪੰਜਾਬ ਦੇ ਮੁੱਖ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਪਟਿਆਲਾ: 38.1 ਡਿਗਰੀ ਸੈਲਸੀਅਸ ਬਠਿੰਡਾ: 37.6 ਡਿਗਰੀ ਸੈਲਸੀਅਸ ਚੰਡੀਗੜ੍ਹ: 36.6 ਡਿਗਰੀ ਸੈਲਸੀਅਸ ਲੁਧਿਆਣਾ: 36.2 ਡਿਗਰੀ ਸੈਲਸੀਅਸ ਅੰਮ੍ਰਿਤਸਰ: 36.1 ਡਿਗਰੀ ਸੈਲਸੀਅਸ ਰੋਪੜ: 35.6 ਡਿਗਰੀ ਸੈਲਸੀਅਸ ਹੁਸ਼ਿਆਰਪੁਰ: 35.4 ਡਿਗਰੀ ਸੈਲਸੀਅਸ ਗੁਰਦਾਸਪੁਰ: 35.0 ਡਿਗਰੀ ਸੈਲਸੀਅਸ ਪਠਾਨਕੋਟ: 34.2 ਡਿਗਰੀ ਸੈਲਸੀਅਸ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪ੍ਰੀ-ਮੌਨਸੂਨ ਦੀ ਆਮਦ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਇਸ ਨਾਲ ਸਾਉਣੀ ਦੀਆਂ ਫ਼ਸਲਾਂ, ਖ਼ਾਸ ਕਰਕੇ ਝੋਨੇ ਦੀ ਲਵਾਈ ਵਿੱਚ ਜੁਟੇ ਕਿਸਾਨਾਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ।
Posted By: Daily Suraj Bureau