ਨਵੇਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਜਲਦ, ਮੁੱਖ ਮੰਤਰੀ ਨੇ ਰਾਜਪਾਲ ਨੂੰ ਭੇਜੇ ਪੈਨਲ
ਪੰਜਾਬ ਦੀਆਂ ਦੋ ਅਹਿਮ ਯੂਨੀਵਰਸਿਟੀਆਂ ਵਿੱਚ ਨਵੇਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਹੁਣ ਅੰਤਿਮ ਪੜਾਅ ਵਿੱਚ ਪਹੁੰਚ ਗਈ ਹੈ। ਪੰਜਾਬ ਸਰਕਾਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਵਾਈਸ ਚਾਂਸਲਰਾਂ ਦੀ ਚੋਣ ਲਈ ਤਿੰਨ-ਤਿੰਨ ਉਮੀਦਵਾਰਾਂ ਦੇ ਨਾਵਾਂ ਵਾਲੇ ਪੈਨਲ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਭੇਜ ਦਿੱਤੇ ਹਨ। ਹੁਣ ਰਾਜਪਾਲ ਵੱਲੋਂ ਇਨ੍ਹਾਂ ਪੈਨਲਾਂ ਵਿੱਚੋਂ ਇੱਕ-ਇੱਕ ਉਮੀਦਵਾਰ ਦੀ ਚੋਣ ਕੀਤੀ ਜਾਣੀ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸਾਬਕਾ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ 25 ਜੁਲਾਈ ਨੂੰ ਇਸ ਯੂਨੀਵਰਸਿਟੀ ਦਾ ਚਾਰਜ ਆਈ.ਏ.ਐੱਸ. ਅਧਿਕਾਰੀ ਮਨਜੀਤ ਸਿੰਘ ਬਰਾੜ ਨੂੰ ਸੌਂਪਿਆ ਗਿਆ ਸੀ। ਯੂਨੀਵਰਸਿਟੀ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਵਿਵਾਦਾਂ ਕਾਰਨ ਚਰਚਾ ਵਿੱਚ ਰਹੀ ਹੈ। ਹਾਲ ਹੀ ਵਿੱਚ ਇੱਥੇ ਹੋਏ ਅੰਤਰਰਾਜੀ ਨਕਲ ਮਾਮਲੇ ਨੂੰ ਲੈ ਕੇ ਵੀ ਵਿਵਾਦ ਸਾਹਮਣੇ ਆਇਆ ਸੀ। ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ ਕੁੱਲ 70 ਉਮੀਦਵਾਰਾਂ ਨੇ ਅਰਜ਼ੀਆਂ ਦਿੱਤੀਆਂ ਸਨ। ਮੁੱਖ ਸਕੱਤਰ ਦੀ ਅਗਵਾਈ ਹੇਠ ਬਣੀ ਸਕਰੀਨਿੰਗ ਕਮੇਟੀ ਨੇ ਉਮੀਦਵਾਰਾਂ ਦੇ ਇੰਟਰਵਿਊ ਲੈਣ ਤੋਂ ਬਾਅਦ ਤਿੰਨ ਨਾਵਾਂ ਦਾ ਪੈਨਲ ਤਿਆਰ ਕਰਕੇ ਮੁੱਖ ਮੰਤਰੀ ਦਫ਼ਤਰ ਨੂੰ ਭੇਜਿਆ ਸੀ। ਇਸ ਤੋਂ ਬਾਅਦ ਇਹ ਪੈਨਲ ਰਾਜਪਾਲ ਕੋਲ ਭੇਜਿਆ ਗਿਆ ਹੈ। ਇਸੇ ਤਰ੍ਹਾਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ 10 ਉਮੀਦਵਾਰ ਮੈਦਾਨ ਵਿੱਚ ਸਨ। ਇਨ੍ਹਾਂ ਵਿੱਚੋਂ ਤਿੰਨ ਨਾਵਾਂ ਨੂੰ ਅੰਤਿਮ ਪੈਨਲ ਵਿੱਚ ਸ਼ਾਮਲ ਕੀਤਾ ਗਿਆ ਹੈ। ਫਿਲਹਾਲ ਇਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ਦਾ ਚਾਰਜ ਡੀਨ (ਅਕਾਦਮਿਕ) ਡਾ. ਯਾਦਵਿੰਦਰ ਸਿੰਘ ਬਰਾੜ ਕੋਲ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਹੋਈ ਮੁਲਾਕਾਤ ਨੂੰ ਵੀ ਇਨ੍ਹਾਂ ਨਿਯੁਕਤੀਆਂ ਦੀ ਪ੍ਰਕਿਰਿਆ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸਰਕਾਰੀ ਪੱਧਰ ’ਤੇ ਦੋਵਾਂ ਯੂਨੀਵਰਸਿਟੀਆਂ ਲਈ ਨਵੇਂ ਵੀਸੀ ਦੀ ਨਿਯੁਕਤੀ ਸਬੰਧੀ ਕਾਰਵਾਈ ਤੇਜ਼ ਕੀਤੀ ਗਈ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਨਾਲ ਜੁੜੇ ਪਿਛਲੇ ਵਿਵਾਦਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਜਿਹੇ ਯੋਗ ਅਤੇ ਬੇਦਾਗ਼ ਵਿਅਕਤੀ ਦੀ ਚੋਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੀ ਨਿਯੁਕਤੀ ’ਤੇ ਕਿਸੇ ਤਰ੍ਹਾਂ ਦੇ ਸਵਾਲ ਨਾ ਉੱਠਣ। ਦੋਵਾਂ ਯੂਨੀਵਰਸਿਟੀਆਂ ਲਈ ਭੇਜੇ ਗਏ ਪੈਨਲਾਂ ਵਿੱਚੋਂ ਰਾਜਪਾਲ ਵੱਲੋਂ ਨਾਵਾਂ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਨਵੇਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਦਾ ਰਾਹ ਸਾਫ਼ ਹੋ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਲਈ ਵੀ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਡਾ. ਸਤਬੀਰ ਸਿੰਘ ਗੋਸਲ 18 ਅਗਸਤ ਨੂੰ ਇਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਸੇਵਾ-ਮੁਕਤ ਹੋ ਚੁੱਕੇ ਹਨ। ਇਸ ਕਾਰਨ ਇੱਥੇ ਵੀ ਨਵੇਂ ਵੀਸੀ ਦੀ ਨਿਯੁਕਤੀ ਲਈ ਸਰਕਾਰੀ ਪੱਧਰ ’ਤੇ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ।
Posted By: Daily Suraj Bureau