ਕਾਕਰੋਚ ਜਨਤਾ ਪਾਰਟੀ ਦੀ ਕੇਂਦਰ ਨੂੰ ਚੇਤਾਵਨੀ, ਕੇਸ ਵਾਪਸ ਨਾ ਹੋਏ ਤਾਂ ਮੁੜ ਹੋਵੇਗਾ ਅੰਦੋਲਨ
ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਨਹੀਂ ਲਏ ਜਾਂਦੇ ਤਾਂ ਉਹ ਇੱਕ ਵਾਰ ਫਿਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਲਈ ਮਜਬੂਰ ਹੋਵੇਗੀ। ਪਾਰਟੀ ਦੇ ਬੁਲਾਰੇ ਸੌਰਵ ਦਾਸ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਪਹਿਲਾਂ ਹੋਏ ਸਮਝੌਤੇ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਸੈਂਕੜੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਇਆ ਜਾ ਰਿਹਾ ਹੈ। ਸੀਜੇਪੀ ਦੇ ਇੱਕ ਹੋਰ ਬੁਲਾਰੇ ਆਸ਼ੂਤੋਸ਼ ਰੰਕਾ ਨੇ ਕਿਹਾ ਕਿ ਜੇਕਰ ਮੰਗਲਵਾਰ (28 ਜੁਲਾਈ) ਤੱਕ ਸਰਕਾਰ ਵੱਲੋਂ ਲਿਖਤੀ ਸਮਝੌਤਾ ਨਹੀਂ ਦਿੱਤਾ ਜਾਂਦਾ, ਤਾਂ ਪਾਰਟੀ ਦੁਬਾਰਾ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ। ਦਿੱਲੀ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਸੀਨੀਅਰ ਵਕੀਲ ਕਪਿਲ ਸਿੱਬਲ ਵੀ ਸੀਜੇਪੀ ਆਗੂਆਂ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਦੇ ਨਾਲ ਮੌਜੂਦ ਰਹੇ। ਪਾਰਟੀ ਨੇ ਕਿਹਾ ਕਿ ਉਸ ਨੇ ਕੇਂਦਰ ਸਰਕਾਰ ਦੇ ਇਸ ਭਰੋਸੇ 'ਤੇ ਆਪਣਾ ਦੇਸ਼-ਵਿਆਪੀ ਅੰਦੋਲਨ ਮੁਲਤਵੀ ਕੀਤਾ ਸੀ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਵਿਰੁੱਧ ਕੋਈ ਸਜ਼ਾਯੋਗ ਕਾਰਵਾਈ ਨਹੀਂ ਕੀਤੀ ਜਾਵੇਗੀ। ਸੀਜੇਪੀ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਇਸ ਭਰੋਸੇ ਤੋਂ ਪਿੱਛੇ ਹਟਦੀ ਹੈ ਤਾਂ ਇਹ ਲੱਖਾਂ ਨੌਜਵਾਨਾਂ ਦੇ ਵਿਸ਼ਵਾਸ ਨਾਲ ਧੋਖਾ ਹੋਵੇਗਾ ਅਤੇ ਅਜਿਹੀ ਸਥਿਤੀ ਵਿੱਚ ਪਾਰਟੀ ਮੁੜ ਅੰਦੋਲਨ ਦਾ ਰਾਹ ਅਖ਼ਤਿਆਰ ਕਰੇਗੀ।
Posted By: Daily Suraj Bureau