ਬੱਸ ਸਟੈਂਡ ਤੋਂ ਵਿੱਦਿਅਕ ਅਦਾਰਿਆਂ ਤੱਕ ਬੱਸ ਸੇਵਾ ਸ਼ੁਰੂ ਕਰਨ ਲਈ ਮੰਗ ਪੱਤਰ ਦਿੱਤਾ

ਬੱਸ ਸਟੈਂਡ ਤੋਂ ਵਿੱਦਿਅਕ ਅਦਾਰਿਆਂ ਤੱਕ ਬੱਸ ਸੇਵਾ ਸ਼ੁਰੂ ਕਰਨ ਲਈ ਮੰਗ ਪੱਤਰ ਦਿੱਤਾ

ਗੁਰਦਾਸਪੁਰ: ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਏਡੀਸੀ ਨੂੰ ਮੰਗ ਪੱਤਰ ਸੌਂਪ ਕੇ ਬੱਸ ਸਟੈਂਡ ਤੋਂ ਸ਼ਹਿਰ ਦੀਆਂ ਵਿੱਦਿਅਕ ਸੰਸਥਾਵਾਂ ਤੱਕ ਬੱਸ ਸੇਵਾ ਚਲਾਉਣ ਅਤੇ ਉਸਾਰੀ ਕਿਰਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਵਜ਼ੀਫ਼ੇ ਲਾਗੂ ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਮਰ ਕ੍ਰਾਂਤੀ ਨੇ ਕਿਹਾ ਕਿ ਸ਼ਹਿਰ ਵਿੱਚ ਪੜ੍ਹਨ ਲਈ ਆਉਣ ਵਾਲੇ ਵਿਦਿਆਰਥੀਆਂ ਨੂੰ ਬੱਸ ਅੱਡਾ ਸ਼ਹਿਰ ਤੋਂ ਬਾਹਰ ਹੋਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦਿਆਰਥੀਆਂ ਨੂੰ ਬੱਸ ਸਟੈਂਡ ਤੋਂ ਵਿਦਿਅਕ ਅਦਾਰਿਆਂ ਤੱਕ ਪਹੁੰਚਣ ਲਈ ਰੋਜ਼ਾਨਾ 40 ਤੋਂ 60 ਰੁਪਏ ਖਰਚ ਕਰਨੇ ਪੈਂਦੇ ਹਨ, ਜਿਸ ਕਾਰਨ ਵਾਧੂ ਬੋਝ ਉਨ੍ਹਾਂ ਦੇ ਪਰਿਵਾਰ ਦੀਆਂ ਜੇਬਾਂ ’ਤੇ ਪੈ ਰਿਹਾ ਹੈ। ਬੱਸ ਸਟੈਂਡ ਤੋਂ ਵਿੱਦਿਅਕ ਅਦਾਰਿਆਂ ਦੀ ਦੂਰੀ ਪ੍ਰੀਖਿਆ ਦੇ ਦਿਨਾਂ ਵਿੱਚ ਵਿਦਿਆਰਥੀਆਂ ਲਈ ਮਾਨਸਿਕ ਪ੍ਰੇਸ਼ਾਨੀਆਂ ਦਾ ਕਾਰਨ ਬਣਦੀ ਹੈ। ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸਾਰੀ ਮਜ਼ਦੂਰਾਂ ਦੇ ਬੱਚਿਆਂ ਦੇ ਵਜ਼ੀਫ਼ੇ ਲੰਮੇ ਸਮੇਂ ਤੋਂ ਰੁਕੇ ਹੋਏ ਹਨ। ਇਸ ਸਬੰਧੀ ਅਧਿਕਾਰੀਆਂ ਨੂੰ ਕਈ ਵਾਰ ਲਿਖਤੀ ਮੰਗ ਪੱਤਰ ਸੌਂਪੇ ਗਏ ਹਨ ਪਰ ਅੱਜ ਤੱਕ ਵਜ਼ੀਫੇ ਦਾ ਲਾਭ ਨਹੀਂ ਮਿਲ ਸਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਉਸਾਰੀ ਮਜ਼ਦੂਰ ਯੂਨੀਅਨ ਇਫਟੂ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ,ਜੋਗਿੰਦਰਪਾਲ ਘੁਰਾਲਾ,ਸੁਨੀਲ ਬਰਿਆਰ, ਕਾਂਤਾ ਦੇਵੀ ਬਰਿਆਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਯੂਥ ਵਿੰਗ ਆਗੂ ਮੇਜਰ ਸਿੰਘ ਆਦਿ ਹਾਜ਼ਰ ਸਨ।