ਸਰਪੰਚਾਂ ਤੇ ਪੰਚਾਂ ਨੂੰ ਟ੍ਰੇਨਿੰਗ ਦੇਣ ਲਈ ਕੈਂਪ ਸੰਪੰਨ
- ਪੰਜਾਬ
- 25 Jan,2025

ਪਾਤੜਾਂ : ਪਿਛਲੀਆਂ ਪੰਚਾਇਤੀ ਚੋਣਾਂ ਦੌਰਾਨ ਬਲਾਕ ਪਾਤੜਾਂ ਅਧੀਨ ਆਉਂਦੀਆਂ ਪੰਚਾਇਤਾਂ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਟ੍ਰੇਨਿੰਗ ਦੇਣ ਲਈ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਪਾਤੜਾਂ ਬਘੇਲ ਸਿੰਘ ਦੀ ਅਗਵਾਈ ਵਿੱਚ ਲਗਾਇਆ ਗਿਆ ਟ੍ਰੇਨਿੰਗ ਕੈਂਪ ਸੰਪੰਨ ਹੋ ਗਿਆ ਹੈ। ਇਹਨਾਂ ਕੈਂਪਾਂ ਦੌਰਾਨ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪੰਚਾਇਤਾਂ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਜਾਣਕਾਰੀ ਦੇਣ ਵਾਲੇ ਮਾਸਟਰ ਰਿਸੋਰਸ ਪਰਸਨ ਮਨਦੀਪ ਕੌਰ ਅਤੇ ਰਿਸੋਰਸ ਪਰਸਨ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਟ੍ਰੇਨਿੰਗ ਕੈਂਪਾਂ ਦੌਰਾਨ ਪੰਚਾਇਤਾਂ ਦੇ ਅਧਿਕਾਰ ਅਤੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੇ ਨਾਲ-ਨਾਲ ਪੰਚਾਇਤਾਂ ਦੇ ਸਮਾਜ ਭਲਾਈ ਲਈ ਕੀਤੇ ਜਾਣ ਵਾਲੇ ਕਰਤੱਵਾਂ ਸਬੰਧੀ ਜਾਣਕਾਰੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਨੂੰ ਪੰਚਾਇਤੀ ਰਾਜ ਐਕਟ ਤਹਿਤ ਬਹੁਤ ਸਾਰੇ ਅਧਿਕਾਰ ਪ੍ਰਾਪਤ ਹਨ, ਜਿਨ੍ਹਾਂ ਦੀ ਵਰਤੋਂ ਕਰ ਕੇ ਪਿੰਡਾਂ ਦੇ ਲੋਕਾਂ ਨੂੰ ਨਾ ਸਿਰਫ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਜਾ ਸਕਦੀ ਹੈ, ਸਗੋਂ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਆਮ ਲੋਕਾਂ ਤਕ ਪਹੁੰਚਾਉਣਾ ਪੰਚਾਇਤ ਦਾ ਫਰਜ਼ ਹੈ। ਇਸ ਦੌਰਾਨ ਬੀਡੀਪੀਓ ਪਾਤੜਾਂ ਬਘੇਲ ਸਿੰਘ ਨੇ ਦੱਸਿਆ ਕਿ 2 ਦਸੰਬਰ 2024 ਤੋਂ 25 ਜਨਵਰੀ ਤਕ ਚੱਲੇ ਇਨ੍ਹਾਂ ਟ੍ਰੇਨਿੰਗ ਕੈਂਪਾਂ ਵਿੱਚ ਬਲਾਕ ਪਾਤੜਾਂ ਅਧੀਨ ਆਉਂਦੀਆਂ 105 ਪੰਚਾਇਤਾਂ ਨੂੰ 12 ਵੱਖ-ਵੱਖ ਕੈਂਪਾਂ ਰਾਹੀਂ ਟ੍ਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਗ੍ਰਾਮ ਸਭਾ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਗਈ।
Posted By:

Leave a Reply