ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵੱਲੋਂ ਰੋਸ ਰੈਲੀ

ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵੱਲੋਂ ਰੋਸ ਰੈਲੀ

ਐੱਸਏਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਡੇਲੀਵੇਜ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸਿੱਖਿਆ ਬੋਰਡ ਦਫ਼ਤਰ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਇਆ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ 7 ਅਕਤੂਬਰ 2022 ਨੂੰ ਸਿੱਖਿਆ ਵਿਭਾਗ ਵਿਚ 8736 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ। ਜਿਸ ’ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨੋਟੀਫ਼ਿਕੇਸ਼ਨ ਨੂੰ ਅਡਾਪਟ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਕੱਚੇ ਮੁਲਾਜ਼ਮਾਂ ਦੇ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੋਫਾਰਮੇ ਵੀ ਭਰਵਾਏ ਗਏ ਸੀ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਬੋਰਡ ਦੇ ਵੱਲੋਂ ਇਕ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ ਪਰੰਤੂ ਦੋ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਕਮੇਟੀ ਹੁਣ ਤਕ ਕਿਸੇ ਨਤੀਜੇ ’ਤੇ ਨਹੀਂ ਪੁੱਜੀ। ਕਮੇਟੀ ਵਾਰ-ਵਾਰ ਮੀਟਿੰਗ ਰੱਖ ਕੇ ਮੁਲਤਵੀ ਕਰ ਦਿੰਦੀ ਹੈ। ਦੂਜੇ ਪਾਸੇ ਬੋਰਡ ਦੇ ਕੱਚੇ ਮੁਲਾਜ਼ਮਾਂ ਵਿਚੋਂ ਬਹੁਤ ਸਾਰੇ ਮੁਲਾਜ਼ਮ ਓਵਰਏਜ ਹੁੰਦੇ ਜਾ ਰਹੇ ਹਨ। ਯੂਨੀਅਨ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਜਥੇਬੰਦੀ ਵੱਲੋਂ ਇਸ ਸਬੰਧੀ ਕਈ ਵਾਰ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਬੋਰਡ ਮੈਨੇਜਮੈਂਟ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਕੱਚੇ ਮੁਲਾਜ਼ਮਾਂ ਦੀ ਕਿਸੇ ਨੇ ਇਕ ਨਾ ਸੁਣੀ। ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਤਾਂ ਆਉਂਦੇ ਦਿਨਾਂ ’ਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਬੋਰਡ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਯੂਨੀਅਨ ਆਗੂ ਬੂਟਾ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਤੇਜਿੰਦਰ ਸਿੰਘ, ਕਰਨ ਸਿੰਘ, ਭਗਵੰਤ ਸਿੰਘ, ਨਵਪ੍ਰੀਤ ਸਿੰਘ, ਨਿਰਮਲ ਸਿੰਘ, ਵਿਸ਼ਵਪ੍ਰੀਤ ਸਿੰਘ, ਹਰਵਿੰਦਰ ਸਿੰਘ, ਸੰਗਤ ਸਿੰਘ, ਸੁਸ਼ਮਾ ਕੁਮਾਰੀ, ਸੁਖਵਿੰਦਰ ਕੌਰ, ਸਤਿੰਦਰ ਕੌਰ, ਗੁਰਜੀਤ ਕੌਰ, ਹਰਮੇਸ਼ ਕੌਰ, ਸਮਿਕਸ਼ਾ ਤੋ ਇਲਾਵਾ ਤੇ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ।