ਐੱਸਏਐੱਸ ਨਗਰ : ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿਰਲੱਥ ਯੋਧੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਸ਼ੇਰੇ ਪੰਜਾਬ ਕਵੀਸ਼ਰੀ ਜੱਥੇ ਨੇ ਬਚਨ ਕੇ ਬਲੀ ਸਿਰਲੱਥ ਯੋਧੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਦੀਪ ਸਿੰਘ ਜੀ ਵਲੋਂ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਮੁਗਲਾਂ ਖ਼ਿਲਾਫ਼ ਲੜੀ ਜੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਮਨਦੀਪ ਸਿੰਘ ਦਮਦਮੀ ਟਕਸਾਲ, ਭਾਈ ਹਰਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਇਕਬਾਲ ਸਿੰਘ, ਭਾਈ ਜਗਮੀਤ ਸਿੰਘ, ਭਾਈ ਸੰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਗੁਰਸੇਵਕ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ। ਇਸ ਦਿਹਾੜੇ ’ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 12 ਫਰਵਰੀ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ਼੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਇਨਟਰਨੈਸ਼ਨਲ ਢਾਡੀ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Leave a Reply