Daily Suraj

ਪੰਜਾਬੀ

ਯੁਵਕ ਸੇਵਾਵਾਂ ਵਿਭਾਗ ਨੇ ਚਲਾਈ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ

26 Dec, 2024 05:30 AM

ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਪਾਲ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜੁਨ ਦੇਵ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਥੜਾ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਨਸ਼ਾ ਵਿਰੋਧੀ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਉੱਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੀਤਾ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆ ਦੇ ਬੁਰੇ ਪ੍ਰਭਾਵ ਬਾਰੇ ਦੱਸਿਆ ਅਤੇ ਬੱਚਿਆਂ ਨੂੰ ਖੇਡਾਂ ਅਤੇ ਹੋਰ ਸਹਿ ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੱਲੋਂ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਹੌਸਲਾ ਅਫਜ਼ਾਈ ਵੀ ਕੀਤੀ ਗਈ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਵੱਲੋਂ ਕਲੱਬ ਮੈਂਬਰਾਂ ਅਤੇ ਯੁਵਕ ਸੇਵਾਵਾਂ ਵਿਭਾਗ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਮੈਂਬਰ ਸੰਦੀਪ ਕੁਮਾਰ, ਇਸ਼ਵਰ, ਕਸ਼ਮੀਰਾ ਸਿੰਘ, ਸਤਵੰਤ ਸਿੰਘ ਟੈਰੀ ਆਦਿ ਵੀ ਹਾਜ਼ਰ ਸਨ। ਇਸ ਜਾਗਰੂਕਤਾ ਮੁਹਿੰਮ ਵਿਚ ਯੁਵਕ ਸੇਵਾਵਾਂ ਵਿਭਾਗ ਦੇ ਸਟੈਨੋ ਟਾਈਪਿਸਟ ਗੁਰਪ੍ਰੀਤ ਕੌਰ ਦਾ ਵੱਡਾ ਯੋਗਦਾਨ ਰਿਹਾ।

Posted By: Daily Suraj Bureau

Latest News