ਬਾਬਾ ਬੁੱਢਾ ਸਾਹਿਬ ਸਕੂਲ ਉਗਰੇਵਾਲ ’ਚ ਸ਼ਹੀਦੀ ਪੁਰਬ ਮਨਾਇਆ

ਬਾਬਾ ਬੁੱਢਾ ਸਾਹਿਬ ਸਕੂਲ ਉਗਰੇਵਾਲ ’ਚ ਸ਼ਹੀਦੀ ਪੁਰਬ ਮਨਾਇਆ

ਬਟਾਲਾ : ਬਾਬਾ ਬੁੱਢਾ ਸਾਹਿਬ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਹਫਤਾਵਾਰੀ ਸਰਗਰਮੀਆਂ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਨਰਸਰੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤਕ ਦੇ ਬੱਚਿਆਂ ਨੇ ਹਿੱਸਾ ਲਿਆ। ਇਸ ਸਬੰਧੀ ਸਭ ਤੋਂ ਪਹਿਲਾਂ ਨਰਸਰੀ ਜਮਾਤ ਤੋਂ ਲੈ ਕੇ ਪਹਿਲੀ ਜਮਾਤ ਦੇ ਬੱਚਿਆਂ ਨੇ ਵਾਹਿਗੁਰੂ ਗੁਰੂ ਮੰਤ੍ਰ ਦਾ ਜਾਪ, ਮੂਲ ਮੰਤਰ ਦਾ ਪਾਠ ਕੀਤਾ। ਇਸੇ ਤਰ੍ਹਾਂ ਦੂਜੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ, ਧਾਰਮਿਕ ਗੀਤ ਪੇਸ਼ ਕੀਤੇ, ਜਿਸ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ’ਤੇ ਵਿਸਤਾਰ ਸਹਿਤ ਚਾਨਣਾ ਪਾਇਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਸਤਿਕਾਰ ਸਹਿਤ ਸ਼ਬਦ ਗਾਇਨ ਕੀਤੇ, ਜਿਸ ਦਾ ਬੱਚਿਆਂ ਨੇ ਬਹੁਤ ਹੀ ਆਨੰਦ ਮਾਣਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਗਾਥਾ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਸਿੱਖਾਂ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੀ ਰੋਸ਼ਨੀ ਹੀ ਕੱਟੜਤਾ ਦੇ ਨਸ਼ੇ ਵਿੱਚ ਅੰਨ੍ਹੇ ਹੋਏ ਹਿੰਸਾਵਾਦੀਆਂ ਨੂੰ ਚਾਨਣ ਦੀ ਕਿਰਨ ਦੇ ਸਕਦੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਵਾਈਸ ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਭਜੀਤ ਕੌਰ, ਰਜਵੰਤ ਕੌਰ ਕਲਰਕ, ਨਵਨੀਤ ਕੌਰ, ਜਸ਼ਨਪ੍ਰੀਤ, ਚਰਨਜੀਤ ਕੌਰ ਆਦਿ ਹਾਜ਼ਰ ਸਨ।