ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 13,371 ਬੱਚਿਆਂ ਨੂੰ ਪਿਆਈਆਂ ਪੋਲੀਓ ਬੂੰਦਾਂ

ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 13,371 ਬੱਚਿਆਂ ਨੂੰ ਪਿਆਈਆਂ ਪੋਲੀਓ ਬੂੰਦਾਂ

ਨਵਾਂਸ਼ਹਿਰ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਨੇ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸਿਹਤ ਬਲਾਕ ਮੁਜ਼ੱਫਰਪੁਰ ਤੇ ਮੁਕੰਦਪੁਰ ਵਿਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਕੰਮਕਾਜ ਦੀ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਸਿਹਤ ਟੀਮਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਅਧੀਨ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਤਸੱਲੀਬਖਸ਼ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਤਿੰਨ ਰੋਜ਼ਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸੋਮਵਾਰ ਨੂੰ ਜ਼ਿਲ੍ਹੇ ਵਿਚ 13,371 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ। ਇੰਝ ਜ਼ਿਲ੍ਹਾ ਸਿਹਤ ਵਿਭਾਗ ਨੇ 83.67 ਫ਼ੀਸਦੀ ਟੀਚਾ ਹਾਸਲ ਕਰ ਲਿਆ ਹੈ। ਪਹਿਲੇ ਦਿਨ 33,836 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ ਗਈਆਂ ਸਨ। ਜ਼ਿਲ੍ਹੇ ਵਿਚ 56,421 ਬੱਚਿਆਂ ਨੂੰ ਬੂੰਦਾਂ ਪਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਡਾ. ਮਨਦੀਪ ਕਮਲ ਨੇ ਦੱਸਿਆ ਕਿ ਅੱਜ ਨਵਾਂਸ਼ਹਿਰ ਵਿਖੇ 1627, ਬੰਗਾ ਵਿਖੇ 1315, ਰਾਹੋਂ ਵਿਖੇ 621, ਬਲਾਚੌਰ ਅਰਬਨ 782, ਮੁਜੱਫਰਪੁਰ ਵਿਖੇ 2062, ਮੁਕੰਦਪੁਰ ਵਿਖੇ 1604, ਸੁੱਜੋਂ ਵਿਖੇ 1630, ਸੜੋਆ ਵਿਖੇ 1922, ਬਲਾਚੌਰ ਰੂਰਲ ਵਿਖੇ 1808 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ। ਇਸ ਤਰ੍ਹਾਂ ਪਿਛਲੇ ਦੋ ਦਿਨਾਂ ਵਿੱਚ 47,207 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਨਿਰਧਾਰਤ ਟੀਚੇ ਦਾ 86 ਫ਼ੀਸਦੀ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੂਜੇ ਦਿਨ ਜੋ ਬੱਚੇ ਪੋਲੀਓ ਬੂੰਦਾਂ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 10 ਦਸੰਬਰ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੋਲੀਓ ਦੀਆਂ ਦੋ ਬੂੰਦਾਂ ਪਿਆਉਣੀਆਂ ਬੱਚਿਆਂ ਦੀ ਸੁਨਹਿਰੀ ਜ਼ਿੰਦਗੀ ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਮਾਪਿਆਂ ਨੂੰ ਮੁਹਿੰਮ ਦੇ ਆਖ਼ਰੀ ਦਿਨ ਆਪਣੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਆਉਣ ਦੀ ਅਪੀਲ ਵੀ ਕੀਤੀ ਹੈ।