ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਰੇਂਜ ਪੱਧਰੀ ਚੋਣ ਕਰਵਾਈ

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਰੇਂਜ ਪੱਧਰੀ ਚੋਣ ਕਰਵਾਈ

ਗੁਰਦਾਸਪੁਰ: ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨਾਲ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਜ਼ਿਲ੍ਹਾ ਜੰਗਲਾਤ ਵਿਭਾਗ ਦੇ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਗੁਰਦਾਸਪੁਰ ਰੇਂਜ ਦੀ ਚੋਣ ਕੀਤੀ ਗਈ। ਇਸ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਲਾਹੌਰੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਵਿੱਚ ਬਲਵਿੰਦਰ ਸਿੰਘ ਤੁੰਗ ਨੂੰ ਰੇਂਜ ਪ੍ਰਧਾਨ, ਸੁਰਿੰਦਰ ਕੁਮਾਰ ਨੂੰ ਜਨਰਲ ਸਕੱਤਰ, ਵਿਨੋਦ ਕੁਮਾਰ ਨੂੰ ਵਿੱਤ ਸਕੱਤਰ, ਬਲਵਿੰਦਰ ਪਾਲ ਨੂੰ ਪ੍ਰੈਸ ਸਕੱਤਰ, ਨਿਰਮਲ ਸਿੰਘ ਤੇ ਸੁਲੱਖਣ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਰਵੀ ਕੁਮਾਰ ਤੇ ਰਾਕੇਸ਼ ਕੁਮਾਰ ਗਰੋਟੀਆ ਨੂੰ ਸਹਾਇਕ ਸਕੱਤਰ, ਰਤਨ ਸਿੰਘ ਨੂੰ ਮੁੱਖ ਸਲਾਹਕਾਰ ਤੋਂ ਇਲਾਵਾ ਬਲਜੀਤ ਸਿੰਘ, ਅਜਾਇਬ ਸਿੰਘ, ਤਰਲੋਕ ਸਿੰਘ, ਤਿਲਕ ਰਾਜ, ਨਿਸ਼ਾਨ ਨੂੰ ਮੈਂਬਰ ਚੁਣਿਆ ਗਿਆ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰਜ਼ੀ ਕਾਮਿਆਂ ਨੂੰ ਸਾਲ 2023 ਤੱਕ ਪੱਕੇ ਕਰਨ ਦੀ ਨੀਤੀ ਬਣਾਈ ਗਈ ਹੈ। ਇਸ ਵਿੱਚ ਕਈ ਸ਼ਰਤਾਂ ਲਗਾਈਆਂ ਗਈਆਂ ਸਨ। ਪਹਿਲੀ ਸ਼ਰਤ ਨੂੰ ਪੂਰਾ ਕਰਨ ਲਈ ਵਿਦਿਅਕ ਯੋਗਤਾ ਵਜੋਂ ਅੱਠਵੀਂ ਜਮਾਤ ਪਾਸ ਕੀਤੀ ਹੋਣੀ ਲਾਜ਼ਮੀ ਹੈ, ਦੂਜੀ ਸ਼ਰਤ ਚੌਥੀ ਜਮਾਤ ਦੀ ਸੇਵਾਮੁਕਤੀ ਦੀ ਉਮਰ 58 ਸਾਲ ਅਤੇ ਤੀਜੀ ਸ਼ਰਤ ਦਸ ਸਾਲ ਨਿਰੰਤਰ ਸੇਵਾ ਸੀ। ਪੰਜਾਬ ਸਰਕਾਰ ਦੀ ਅਨਪੜ੍ਹ ਕਾਮਿਆਂ ਨੂੰ ਰੁਜ਼ਗਾਰ ਦੇਣ ਦੀ ਨੀਤੀ 2006, 2011 ਅਤੇ 2015 ਵਿੱਚ ਵੀ ਪੱਕੀ ਹੋਈ ਸੀ, ਉਸ ਸਮੇਂ ਵੀ ਸੇਵਾਮੁਕਤੀ ਦੀ ਉਮਰ ਹੱਦ 60 ਸਾਲ ਸੀ, ਪਰ ਇੱਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕਰ ਰਹੀ ਹੈ, ਪਰ ਦੂਜੇ ਪਾਸੇ ਇਹ ਸ਼ਰਤਾਂ ਲਾ ਕੇ ਆਰਜ਼ੀ ਕਾਮਿਆਂ ਨੂੰ ਪੱਕੇ ਕਰਨ ਦੇ ਰਾਹ ਵਿੱਚ ਹੋਰ ਰੁਕਾਵਟਾਂ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਮੰਗਾਂ ਨੂੰ ਜਾਇਜ਼ ਮੰਨਿਆ ਜਾ ਰਿਹਾ ਹੈ ਪਰ ਅਜੇ ਤੱਕ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ। ਸੰਘਰਸ਼ ਦੌਰਾਨ ਹੋਈਆਂ ਮੀਟਿੰਗਾਂ ਨੂੰ ਵਾਰ-ਵਾਰ ਮੁਲਤਵੀ ਕੀਤਾ ਜਾ ਰਿਹਾ ਹੈ। ਜਿਸ ਕਾਰਨ ਜਥੇਬੰਦੀ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ ਲਈ ਲਗਾਈਆਂ ਗਈਆਂ ਸ਼ਰਤਾਂ ਨੂੰ ਹਟਾਉਣ ਲਈ 30 ਦਸੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਵਿਖੇ ਧਰਨਾ ਦੇ ਕੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।