Daily Suraj

ਪੰਜਾਬੀ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕੀਤਾ ਕੇਂਦਰੀ ਜੇਲ੍ਹ ਫਰੀਦਕੋਟ ਦਾ ਦੌਰਾ, ਕੈਦੀ ਔਰਤਾਂ ਦੇ ਬੱਚਿਆਂ ਲਈ ਕੀਤਾ ਵੱਡਾ ਐਲਾਨ

04 Jan, 2025 05:30 AM

ਚੰਡੀਗੜ੍ਹ: ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਕੈਦੀ ਮਹਿਲਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੈਦੀ ਮਹਿਲਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਇਨਰੋਲ ਕਰਨ ਲਈ ਪ੍ਰਦਾਨ ਕੀਤੇ ਜਾਣ ਵਾਲੇ ਸਪਲੀਮੈਟਰੀ ਨਿਊਟ੍ਰਿਸ਼ਨ ਪ੍ਰੋਗਰਾਮ ਤਹਿਤ ਲਾਭ ਦੇਣ ਅਤੇ ਉਨ੍ਹਾਂ ਨੂੰ ਮੁੱਢਲੀ ਸਿੱਖਿਆ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਹਿੱਸੇ ਵਜੋਂ, ਜੇਲ੍ਹ ਵਿੱਚ ਸਿਲਾਈ ਸੈਂਟਰ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜਿੱਥੇ ਮਹਿਲਾਵਾਂ ਨੂੰ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੀ ਆਤਮ ਨਿਰਭਰਤਾ ਨੂੰ ਵਧਾਇਆ ਜਾਵੇਗਾ। ਇਸ ਮੌਕੇ ਤੇ ਜੇਲ੍ਹ ਵਿੱਚ ਸੱਭਿਆਚਾਰਕ ਪ੍ਰੋਗਰਾਮ ਵੀ ਹੋਇਆ, ਜਿੱਥੇ ਔਰਤਾਂ ਨੇ ਆਪਣੀ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਭਾਗ ਲਿਆ। ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਆਂਗਣਵਾੜੀ ਕੇਂਦਰ ਇਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੌਸ਼ਟਿਕ ਭੋਜਨ ਅਤੇ ਮੁੱਢਲੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਕੈਦੀ ਮਹਿਲਾਵਾਂ ਨੂੰ ਸਸ਼ਕਤ ਕਰਨ ਲਈ ਉਨ੍ਹਾਂ ਨੂੰ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਕੇ ਜੇਲ੍ਹ ਤੋਂ ਬਾਹਰ ਦੀ ਜ਼ਿੰਦਗੀ ਲਈ ਤਿਆਰ ਕੀਤਾ ਜਾ ਰਿਹਾ ਹੈ।ਜੇਲ੍ਹ ਦੇ ਸੁਪਰਡੈਂਟ ਵੱਲੋਂ ਕੀਤੇ ਵਧੀਆ ਪ੍ਰਬੰਧਾਂ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਜੇਲ੍ਹ ਵਿੱਚ ਵਧੀਆ ਪ੍ਰਬੰਧ ਜਾਰੀ ਰੱਖਣ ਲਈ ਨਿਰਦੇਸ਼ ਦਿੱਤੇ ਗਏ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Posted By: Daily Suraj Bureau

Latest News