ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ
- ਪੰਜਾਬ
- 22 Jan,2025

ਖਨੌਰੀ ਬਾਰਡਰ: ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 58ਵੇਂ ਦਿਨ ਵੀ ਜਾਰੀ ਰਿਹਾ ਅੱਜ 58 ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਖੁੱਲ੍ਹੀ ਹਵਾ ਅਤੇ ਰੌਸ਼ਨੀ ਵਿੱਚ ਬਾਹਰ ਆਏ ਹਨ। ਦੁਪਹਿਰ 2 ਵਜੇ ਦੇ ਕਰੀਬ ਜਗਜੀਤ ਸਿੰਘ ਡੱਲੇਵਾਲ ਜੀ ਆਪਣੀ ਟਰਾਲੀ ਵਿੱਚੋਂ ਸਟਰੈਚਰ 'ਤੇ ਬੈਠ ਕੇ ਬਾਹਰ ਆਏ ਅਤੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਾ ਚਾਹੁੰਦਾ ਹਾਂ ਕਿਉਂਕਿ ਗੁਰੂਆਂ ਦੀ ਬਖਸ਼ਿਸ਼ ਸਦਕਾ ਹੀ ਅਸੀਂ ਕੇਂਦਰ ਸਰਕਾਰ ਨੂੰ ਗੱਲਬਾਤ ਦੀ ਮੇਜ਼ ਉੱਪਰ ਆਉਣ ਮਜਬੂਰ ਕਰਨ ਵਿੱਚ ਸਫ਼ਲਤ ਹੋਏ ਹਾਂ।ਇਸ ਤੋਂ ਬਾਅਦ ਕਿਸਾਨ ਆਗੂਆਂ, ਸੀਨੀਅਰ ਡਾਕਟਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਜਗਜੀਤ ਸਿੰਘ ਡੱਲੇਵਾਲ ਜੀ ਆਪਣੀ ਨਵੀਂ ਟਰਾਲੀ ਦੇ ਕੋਲ ਪਹੁੰਚੇ ਅਤੇ ਉੱਥੇ ਉਹ ਕਰੀਬ 3 ਘੰਟੇ ਖੁੱਲ੍ਹੀ ਹਵਾ ਅਤੇ ਧੁੱਪ ਵਿੱਚ ਰਹੇ। ਜਗਜੀਤ ਸਿੰਘ ਡੱਲੇਵਾਲ ਜੀ ਲਈ ਨਵਾਂ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਜਿਸ ਨੂੰ ਪੂਰੀ ਤਰ੍ਹਾਂ ਤਿਆਰ ਹੋਣ ਵਿੱਚ 2-3 ਦਿਨ ਲੱਗਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਸੈਂਕੜੇ ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ਵਿੱਚ ਸੰਕੇਤਿਕ ਭੁੱਖ ਹੜਤਾਲ ਕੀਤੀ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 26 ਜਨਵਰੀ ਨੂੰ ਐਲਾਨੇ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੇ ਦੇਸ਼ ਵਿੱਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅਗਲੇ ਮਹੀਨੇ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਉੱਪਰ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ, ਜਿਸ ਦੀ ਰੂਪ-ਰੇਖਾ ਦੋਵਾਂ ਮੋਰਚਿਆਂ ਵੱਲੋਂ ਤਿਆਰ ਕੀਤੀ ਜਾ ਰਹੀ ਹੈ।
Posted By:

Leave a Reply