ਕਿਸਾਨ ਟਰੈਕਟਰ ਮਾਰਚ ਕਰਕੇ 26 ਜਨਵਰੀ ਨੂੰ ਵਜਾਉਣਗੇ ਸੰਘਰਸ਼ ਦਾ ਬਿਗੁਲ

ਕਿਸਾਨ ਟਰੈਕਟਰ ਮਾਰਚ ਕਰਕੇ 26 ਜਨਵਰੀ ਨੂੰ ਵਜਾਉਣਗੇ ਸੰਘਰਸ਼ ਦਾ ਬਿਗੁਲ

ਸ੍ਰੀ ਮੁਕਤਸਰ ਸਾਹਿਬ : ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ ਅਤੇ ਬੀਕੇਯੂ ਉਗਰਾਹਾਂ ਦੇ ਜਿਲ੍ਹਾ ਸਹਾਇਕ ਸਕੱਤਰ ਗੁਰਮੀਤ ਸਿੰਘ ਬਿੱਟੂ ਮੱਲਣ ਦੀ ਸਾਂਝੀ ਪ੍ਰਧਾਨਗੀ ਹੇਠ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ। ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਦੇਸ਼ ਵਿਆਪੀ ਟਰੈਕਟਰ ਮਾਰਚ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਟੋਹਾਣੇ ਮਹਾ ਪੰਚਾਇਤ ’ਚ ਜਾਂਦੇ ਸਮੇਂ ਵਾਪਰੇ ਸੜਕੀ ਹਦਸੇ ਦੌਰਾਨ ਪਿੰਡ ਕੋਠਾ ਗੁਰੂ ਦੇ ਸ਼ਹੀਦ ਹੋਏ ਆਗੂ ਬਸੰਤ ਸਿੰਘ ਕੋਠਾ ਗੁਰੂ, ਟੇਲਰ ਕਰਮ ਸਿੰਘ ਅਤੇ ਤਿੰਨ ਮਾਤਾਵਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਬੋਲਦਿਆਂ ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਕਿੱਟੂ ਬਾਂਮ, ਬੀਕੇਯੂ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ) ਦੇ ਸੂਬਾ ਆਗੂ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਬੀਕੇਯੂ ਲੱਖੋਵਾਲ ਦੇ ਜਿਲ੍ਹਾ ਜਥੇਦਾਰ ਗੁਰਮੀਤ ਸਿੰਘ ਲੰਬੀ ਢਾਬ, ਕੌਮੀ ਕਿਸਾਨ ਯੂਨੀਅਨ ਦੇ ਜਿਲ੍ਹਾ ਸਰਪ੍ਰਸਤ ਭਿੰਦਰ ਸਿੰਘ ਲੰਬੀ ਢਾਬ, ਬੀਕੇਯੂ (ਬੋਘ ਮਾਨਸਾ) ਦੇ ਜਿਲ੍ਹਾ ਜਥੇਦਾਰ ਬਲਜਿੰਦਰ ਸਿੰਘ ਗੁਰੂਸਰ, ਬੀਕੇਯੂ ਮਾਲਵਾ ਜਿਲ੍ਹਾ ਆਗੂ ਸੁਖਦੇਵ ਸਿੰਘ ਨਵਾਂ ਭੁੱਲਰ, ਕੁਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਦੇ ਜਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ ਨੇ ਬੋਲਦਿਆਂ ਕਿਹਾ ਕਿ ਦਿੱਲੀ ਦੇ ਕਿਸਾਨ ਘੋਲ ਸਮੇਂ ਤਿੰਨ ਖੇਤੀ ਕਾਲੇ ਕਾਨੂੰਨ ਤਾਂ ਰੱਦ ਕਰ ਦਿੱਤੇ ਸਨ ਪਰ ਹੁਣ ਕੇਂਦਰ ਸਰਕਾਰ ਫਿਰ ਟੇਢੇ ਢੰਗ ਨਾਲ ਕਿਸਾਨ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਲਈ ਤਰਲੋ ਮੱਛੀ ਹੋ ਰਹੀ ਹੈ। ਇਸ ਤਹਿਤ ਹੀ ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਲਿਆਂਦਾ ਜਾ ਰਿਹਾ ਹੈ। ਇਸਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਇਸਨੂੰ ਕਿਸੇ ਵੀ ਕੀਮਤ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹਿਆ ਪੂਰਾ ਕਰਜ਼ਾ ਮੁਆਫ਼ ਕੀਤਾ ਜਾਵੇ। ਐਮਐਸਪੀ ਤੇ ਗਰੰਟੀ ਕਾਨੂੰਨ ਬਣਾਇਆ ਜਾਵੇ। ਕਿਸਾਨਾਂ ਦੀ ਪ੍ਰਤੀ ਮਹੀਨਾ 10 ਹਜ਼ਾਰ ਪੈਨਸ਼ਨ ਲਾਈ ਜਾਵੇ (ਔਰਤ ਹੋਵੇ ਜਾਂ ਮਰਦ),ਦਿੱਲੀ ਅੰਦੋਲਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿੱਤਾ ਜਾਵੇ, ਫ਼ਸਲ ਬੀਮਾ ਯੋਜਨਾ ਲਾਗੂ ਕੀਤੀ ਜਾਵੇ। ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਅਤੇ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਕਰਵਾਉਣ ਦੇ ਸਬੰਧ ’ਚ ਪੂਰੇ ਪੰਜਾਬ ’ਚ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ। ਇਸ ਮੌਕੇ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਟੋਹਾਣਾ ਮਹਾ ਪੰਚਾਇਤ ਦੌਰਾਨ ਵਾਪਰੇ ਸੜਕੀ ਹਦਸੇ ’ਚ ਸ਼ਹੀਦ ਹੋਏ ਕੋਠਾ ਗੁਰੂ ਦੇ ਕਿਸਾਨਾਂ ਮਜ਼ਦੂਰਾਂ ਨੂੰ ਇੱਕ ਜੀਅ ਪ੍ਰਤੀ 10 ਲੱਖ ਰੁਪਏ ਮੁਆਵਜਾ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਆਗੂਆਂ ਨੇ ਕਿਹਾ ਕਿ 26 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਬਦਲੇ ਬੀਕੇਯੂ ਕ੍ਰਾਂਤੀਕਰੀ ਦੇ ਆਗੂਆਂ ਖਿਲਾਫ ਪੁਲਿਸ ਕੇਸ ਦਰਜ ਕਰਨ ਦੀ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਖੇਧੀ ਕੀਤੀ ਗਈ। ਮੋਰਚੇ ਵੱਲੋਂ ਮੰਗ ਕੀਤੀ ਗਈ ਕਿ ਕਿਸਾਨਾਂ ’ਤੇ ਦਰਜ ਹੋਏ ਕੇਸ ਵਾਪਸ ਲਏ ਜਾਣ ਨਹੀਂ ਤਾਂ ਪੰਜਾਬ ਸਰਕਾਰ ਸਿੱਟੇ ਭੁਗਤਣ ਲਈ ਤਿਆਰ ਰਹੇ। ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 26 ਜਨਵਰੀ ਨੂੰ ਕੀਤੀ ਜਾ ਰਹੇ ਟਰੈਕਟਰ ਮਾਰਚ ’ਚ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਕਿਸਾਨਾਂ ਅਤੇ ਟਰੈਕਟਰਾਂ ਸਮੇਤ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗਾ। ਪ੍ਰੋਗਰਾਮ ਨੂੰ ਸਫਲਤਾ ਪੂਰਵਕ ਸਿਰੇ ਚਾੜਨ ਲਈ ਮੋਰਚੇ ’ਚ ਸ਼ਾਮਿਲ ਕਿਸਾਨ ਜਥੇਬੰਦੀਆਂ ਵੱਲੋਂ ਜੋਰਦਾਰ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਮੌਕੇ ਨਿਰਮਲ ਸਿੰਘ ਸੰਗੂਧੌਣ, ਅਮਨਦੀਪ ਸਿੰਘ ਹਰੀਕੇ ਕਲਾਂ, ਰਾਜਵਿੰਦਰ ਸਿੰਘ ਰਾਜੂ ਮੱਲਣ, ਮੋਠਾ ਸਿੰਘ ਮੱਲਣ ਆਦਿ ਆਗੂ ਹਾਜ਼ਰ ਸਨ।