ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਵੱਲੋਂ ਤਿੰਨ ਦਿਨ ਲਈ ਚੱਕਾ ਜਾਮ, ਸਰਕਾਰ ਵਿਰੁੱਧ ਕੱਢੀ ਜੰਮ ਕੇ ਭੜਾਸ

ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਵੱਲੋਂ ਤਿੰਨ ਦਿਨ ਲਈ ਚੱਕਾ ਜਾਮ, ਸਰਕਾਰ ਵਿਰੁੱਧ ਕੱਢੀ ਜੰਮ ਕੇ ਭੜਾਸ

ਜ਼ੀਰਾ : ਅੱਜ ਜ਼ੀਰਾ ਵਿਖੇ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਜ਼ੀਰਾ ਡੀਪੂ ਵੱਲੋਂ ਤਿੰਨ ਦਿਨ ਦੀ ਹੜਤਾਲ ਕਰਦਿਆਂ ਪੰਜਾਬ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਚੇਅਰਮੈਨ ਜਗਦੀਪ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ, ਜਨਰਲ ਸਕੱਤਰ ਗੁਰਜੰਟ ਸਿੰਘ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਵੜੈਚ ਆਦਿ ਨੇ ਦੱਸਿਆ ਕਿ ਜੱਥੇਬੰਦੀ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਮਿਤੀ 6, 7 ਤੇ 8 ਜਨਵਰੀ ਨੂੰ ਤਿੰਨ ਦਿਨਾਂ ਬੱਸਾਂ ਦੀ ਹੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਵੱਡੇ ਵੱਡੇ ਦਾਅਵੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਹਰ ਫਰੰਟ ਤੋਂ ਫੇਲ੍ਹ ਸਾਬਤ ਹੋਈ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ, ਪਰ ਤਿੰਨ ਸਾਲ ਬੀਤ ਚੁੱਕੇ ਹਨ ਸਰਕਾਰ ਨੇ ਅਜੇ ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਠੇਕੇਦਾਰੀ ਜਲਦ ਖਤਮ ਕਰ ਦਿੱਤੀ ਜਾਵੇਗੀ, ਪਰ ਸਰਕਾਰ ਨੇ ਸਰਕਾਰ ਨੇ ਤਿੰਨ-ਤਿੰਨ ਠੇਕੇਦਾਰ ਰੱਖ ਦਿੱਤੇ ਹਨ। ਹੁਣ ਕਿਲੋਮੀਟਰ ਬੱਸਾਂ ਪਾ ਕੇ ਸਰਕਾਰ ਮਹਿਕਮੇ ਨੂੰ ਖਤਮ ਕਰਨ ਲਈ ਪੱਬਾਂ ਭਾਰ ਹੋ ਗਈ ਹੈ। ਆਗੂਆਂ ਨੇ ਕਿਹਾ ਕਿ ਮਿਤੀ 7 ਜਨਵਰੀ ਨੂੰ ਚੰਡੀਗੜ੍ਹ ਵਿਖੇ ਸੀਐੱਮ ਹਾਊਸ ਮੂਹਰੇ ਰੋਸ ਧਰਨਾ ਦਿੱਤਾ ਜਾਵੇਗਾ। ਚੇਅਰਮੈਨ ਜਗਦੀਪ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਵੱਲੋਂ ਸਾਨੂੰ ਵਾਰ-ਵਾਰ ਲਾਰੇ ਲਾ ਕੇ ਸਾਡੇ ਨਾਲ ਧੋਖਾ ਕੀਤਾ ਜਾ ਰਿਹਾ ਹੈ, ਜੋ ਕਿ ਹਰਗਿਜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਨੂੰ ਪੱਕੇ ਨਾ ਕੀਤਾ ਸਾਡੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਦਿੱਲੀ ਵੱਲ ਨੂੰ ਕੂਚ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਜਗਦੀਪ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ, ਜਰਨਲ ਸਕੱਤਰ ਗੁਰਜੰਟ ਸਿੰਘ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਵੜੈਚ, ਮੀਤ ਪ੍ਰਧਾਨ ਨਛੱਤਰ ਸਿੰਘ, ਅਮਨਦੀਪ ਸਿੰਘ ਕੈਸ਼ੀਅਰ, ਜਗਜੀਤ ਸਿੰਘ ਕੈਸ਼ੀਅਰ, ਗੁਰਦੀਪ ਸਿੰਘ, ਅਮਰੀਕ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਮਨਜਿੰਦਰ ਸਿੰਘ, ਬਲਵਿੰਦਰ ਸਿੰਘ, ਪ੍ਰਗਟ ਸਿੰਘ, ਕੁਲਵੰਤ ਸਿੰਘ, ਸੁਖਪ੍ਰੀਤ ਸਿੰਘ ਆਦਿ ਸਮੂਹ ਮੈਂਬਰ ਹਾਜ਼ਰ ਸਨ।