ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਵੱਲੋਂ ਮੰਗਾਂ ਦੀ ਪੂਰਤੀ ਲਈ ਧਰਨਾ, ਡਾਇਰੈਕਟਰ ਨੇ ਮੰਗ ਪੱਤਰ ਪ੍ਰਾਪਤ ਕੀਤਾ

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਵੱਲੋਂ ਮੰਗਾਂ ਦੀ ਪੂਰਤੀ ਲਈ ਧਰਨਾ, ਡਾਇਰੈਕਟਰ ਨੇ ਮੰਗ ਪੱਤਰ ਪ੍ਰਾਪਤ ਕੀਤਾ

 ਐੱਸਏਐੱਸ ਨਗਰ : ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੀ ਪੂਰਤੀ ਕਰਾਉਣ ਲਈ ਵਿਕਾਸ ਭਵਨ ਦੇ ਸਾਹਮਣੇ ਧਰਨਾ ਦਿੱਤਾ। ਧਰਨੇ ’ਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਅਤੇ ਅਧਿਕਾਰ ਸ਼ਾਹੀ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਧਰਨੇ ਵਿਚ ਪੈਨਸ਼ਨਰਾਂ ਦੀ ਦੂਜੀ ਜਥੇਬੰਦੀ ਦੇ ਆਗੂ ਜੈ ਦੇਵ ਸਿੰਘ ਦੀ ਅਗਵਾਈ ’ਚ ਆਏ ਪੈਨਸ਼ਨਰਾਂ ਦਾ ਯੂਨੀਅਨ ਵੱਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਬੁਲਾਰਿਆਂ ਨੇ ਆਪਣੀਆਂ ਮੰਗਾਂ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪੈਨਸ਼ਨ ਛੇਵੇਂ ਪੇ ਕਮਿਸ਼ਨ ਅਨੁਸਾਰ ਸੋਧ ਕੇ ਜਨਵਰੀ ਮਹੀਨੇ ਤੋਂ ਦਿੱਤੀ ਜਾਵੇ। ਇਸ ਦੇ ਨਾਲ ਹੀ ਜੁਲਾਈ 2021 ਤੋਂ ਹੁਣ ਤਕ ਦਾ ਬਕਾਇਆ ਰਾਸ਼ੀ ਜਲਦੀ ਜਾਰੀ ਹੋਵੇ। ਇਸ ਦੇ ਨਾਲ ਹੀ ਹੋਰ ਪੈਨਸ਼ਨਰਾਂ ਦੀ ਤਰਜ਼ ’ਤੇ ਇਹ ਸੁਵਿਧਾਵਾਂ ਜਾਰੀ ਕੀਤੀਆਂ ਜਾਣ। ਇਸ ਦੇ ਇਲਾਵਾ ਨਵੰਬਰ 2024 ਤੋਂ 4 ਫ਼ੀਸਦ ਡੀਏ ਦਾ ਭੁਗਤਾਨ ਕੀਤਾ ਜਾਵੇ। ਇਸ ਦੇ ਨਾਲ ਹੀ ਮੰਗ ਕੀਤੀ ਗਈ ਕਿ ਪੈਨਸ਼ਨ ਅਤੇ ਫੈਮਲੀ ਪੈਨਸ਼ਨ ਲਾਉਣ ਦੀ ਸਮਾਂ ਸੀਮਾ ਤਹਿ ਹੋਵੇ ਅਤੇ ਪੈਨਸ਼ਨਰਾਂ ਦੇ ਬਕਾਏ ਦੀ ਪ੍ਰਕਿਰਿਆ ’ਚ ਸੁਧਾਰ ਹੋਵੇ। ਇਸ ਦੇ ਇਲਾਵਾ ਪੈਨਸ਼ਨ ਹਰ ਮਹੀਨੇ ਪਹਿਲੀ ਤਾਰੀਖ਼ ਨੂੰ ਦੇਣ ਦੀ ਮੰਗ ਕੀਤੀ ਗਈ। ਡਾਇਰੈਕਟਰ ਪੰਚਾਇਤ ਵਿਭਾਗ ਅਤੇ ਸੰਯੁਕਤ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਨੇ ਧਰਨੇ ’ਚ ਪਹੁੰਚ ਕੇ ਮੰਗ ਪੱਤਰ ਪ੍ਰਾਪਤ ਕੀਤਾ। ਉਨ੍ਹਾਂ ਨੇ ਧਰਨਾਕਾਰੀਆਂ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਇਸ ਮੌਕੇ ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਜੈ ਦੇਵ ਸਿੰਘ, ਸੁਰਿੰਦਰ ਹਾਟਾ, ਦਿਆਲ ਸਿੰਘ ਅਤੇ ਹੋਰ ਆਗੂਆਂ ਨੇ ਧਰਨੇ ਨੂੰ ਸੰਬੋਧਿਤ ਕੀਤਾ। ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ, ਤਾਂ ਆਗਾਮੀ ਦਿਨਾਂ ’ਚ ਵੱਡੇ ਪੱਧਰ ਤੇ ਅੰਦੋਲਨ ਕੀਤਾ ਜਾਵੇਗਾ।