ਅਧਿਆਪਕਾਂ ਨੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
- ਪੰਜਾਬ
- 24 Dec,2024

ਬਠਿੰਡਾ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਦੇ ਆਗੂਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਅਧਿਆਪਕ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਮਾੜਾ ਵਿਵਹਾਰ ਕਰਨ ਖਿਲਾਫ ਬਠਿੰਡਾ ਵਿਖੇ ਡੀਸੀ ਦਫਤਰ ਦੇ ਸਾਹਮਣੇ ਪੁਤਲਾ ਫੂਕ ਕੇ ਅਧਿਆਪਕਾਂ ਨੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਡੈਮੋਕਰੇਟਿਕ ਟੀਚਰ ਫਰੰਟ ਜ਼ਿਲ੍ਹਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਬੀਐਡ ਅਧਿਆਪਕ ਫਰੰਟ ਤੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਜਲਾਲ, ਜੀਟੀਯੂ ਤੋਂ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਮੀਟਿੰਗ ਦਰ ਮੀਟਿੰਗ ਕਰਕੇ ਅਣਗੌਲਿਆ ਕੀਤਾ ਜਾ ਰਿਹਾ ਹੈ। ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ, ਜਿਨ੍ਹਾਂ ਵਿਚ ਪੁਰਾਣੀ ਪੈਨਸ਼ਨ ਬਹਾਲ ਕਰਨਾ, ਡੀਏ ਦਾ ਬਕਾਇਆ ਜਾਰੀ ਕਰਨਾ, ਸੋਧਿਆ ਹੋਇਆ ਪੇ ਕਮਿਸ਼ਨ ਜਾਰੀ ਕਰਨਾ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕਰਨਾ, ਪੀਟੀਆਈ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਤਨਖਾਹਾਂ ’ਤੇ ਜਬਰੀ ਕੱਟ ਲਾਉਂਦਾ ਪੱਤਰ ਵਾਪਸ ਕਰਨਾ, ਪ੍ਰਮੋਟ ਹੋਏ ਅਧਿਆਪਕਾਂ ਨੂੰ ਦੂਰ ਦੁਰਾਡੇ ਸਟੇਸ਼ਨ ਦੇ ਕੇ ਨੇੜਲੇ ਸਟੇਸ਼ਨਾਂ ਨੂੰ ਲੁਕੋ ਕੇ ਰੱਖਣਾ, ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਨੀਤੀ ਰੱਦ ਕਰਨਾ, ਬੱਚਿਆਂ ਦੀ ਗਿਣਤੀ ਨੂੰ ਆਧਾਰ ਬਣਾ ਕੇ ਪੋਸਟਾਂ ਖ਼ਤਮ ਕਰਨ , ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਨਾ ਆਦਿ ਅਨੇਕਾਂ ਮੰਗਾਂ ਜੋ ਸਿੱਖਿਆ ਮੰਤਰੀ ਪੰਜਾਬ ਪਿਛਲੇ ਸਮੇਂ ਤੋਂ ਮੀਟਿੰਗਾਂ ਕਰਕੇ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੇ ਹਨ। ਹੁਣ ਵੀ ਜਦ ਦੋਵੇਂ ਕਾਡਰਾਂ ਦੀਆਂ ਜਥੇਬੰਦੀਆਂ ਦੀ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਵਿਖੇ ਹੋਈ ਤਾਂ ਸਿੱਖਿਆ ਮੰਤਰੀ ਦਾ ਰਵੱਈਆ ਜਥੇਬੰਦੀਆਂ ਦੀਆਂ ਮੰਗਾਂ ਅਤੇ ਆਗੂਆਂ ਪ੍ਰਤੀ ਜਿੱਥੇ ਨਾ ਪੱਖੀ ਸੀ, ਉੱਥੇ ਉਨ੍ਹਾਂ ਵੱਲੋਂ ਮਿਡਲ ਸਕੂਲਾਂ ਨੂੰ ਬੰਦ ਕਰਨ ,ਘੱਟ ਗਿਣਤੀ ਵਾਲੇ ਸਕੂਲਾਂ ਨੂੰ ਬੰਦ ਕਰਨ ਦੀਆਂ ਦਲੀਲਾਂ ਦਿੱਤੀਆਂ ਗਈਆਂ, ਜਿਸ ਦਾ ਜਥੇਬੰਦੀਆਂ ਵੱਲੋਂ ਡਟਵਾਂ ਵਿਰੋਧ ਕੀਤਾ ਗਿਆ।
Posted By:

Leave a Reply