ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ’ਚ ਕੈਬਨਿਟ ਮੰਤਰੀ ਖੁੱਡੀਆਂ ਨੇ ਲਹਿਰਾਇਆ ਰਾਸ਼ਟਰੀ ਝੰਡਾ
- ਪੰਜਾਬ
- 27 Jan,2025

ਤਰਨਤਾਰਨ : ਦੇਸ਼ ਦੇ 76ਵੇਂ ਗਣਤੰਤਰ ਦਿਵਸ ਦੇ ਮੌਕੇ ਤਰਨਤਾਰਨ ਦੀ ਪੁਲਿਸ ਲਾਈਨ ਦੇ ਮੈਦਾਨ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਦੇਸ਼-ਵਿਦੇਸ਼ ਵਿਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਤੇ ਸਾਨੂੰ ਦੁਨੀਆ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਤਸਵੀਰਾਂ ਲਗਾਈਆਂ। ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉੱਤੇ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 881 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਹਨ। ਜਿਨਾਂ ਵਿਚ ਮਰੀਜ਼ਾਂ ਲਈ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਤਰਨਤਾਰਨ ਜ਼ਿਲ੍ਹੇ ਵਿਚ 30 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਬਿਜਲੀ ਦੇ ਖੇਤਰ ਵਿਚ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀਵੀਕੇ ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਸ ਪਲਾਂਟ ਦਾ ਨਾਮ ਤੀਜੇ ਪਾਤਸ਼ਾਹ ਦੇ ਨਾਮ ਉੱਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਸਾਡੀ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਜ਼ਿਲ੍ਹਾ ਤਰਨਤਾਰਨ ਵਿਚ ਜਨਵਰੀ ਮਹੀਨੇ ਦੌਰਾਨ ਘਰੇਲੂ ਬਿੱਲਾਂ ਵਿਚ 2 ਲੱਖ 20 ਹਜ਼ਾਰ 143 ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿੱਲ ਆਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਵਿਚ 5 ਸਕੂਲ ਆਫ਼ ਐਮੀਨੈਂਸ ਚੱਲ ਰਹੇ ਹਨ ਅਤੇ 4 ਸਕੂਲ ਆਫ਼ ਹੈਪੀਨੈੱਸ ਨਵੇਂ ਬਣ ਰਹੇ ਹਨ। ਇਨ੍ਹਾਂ ਸਕੂਲਾਂ ਵਿਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿਚ ਦਾਖਲਾ ਟੈਸਟ ਦੇ ਆਧਾਰ ’ਤੇ ਕੀਤਾ ਜਾਂਦਾ ਹੈ। ਇਨ੍ਹਾਂ ਸਕੂਲਾਂ ਵਿਚ ਜੇਈਈ ਐਂਡ ਐੱਨਈਈਟੀ ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਤਰਨਤਾਰਨ ਵਿਚ ਕਰੀਟੀਕਲ ਕੇਅਰ ਬਲਾਕ ਦੀ ਇਮਾਰਤ 12.8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਹੈ ਅਤੇ ਇਹ ਕੰਮ 15 ਅਗਸਤ ਤੱਕ ਮੁਕੰਮਲ ਹੋ ਜਾਵੇਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਗਈਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਲੋਕ ਨਾਚ ਗਿੱਧਾ ਤੇ ਭੰਗੜਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖ਼ਸੀਅਤਾਂ ਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਹੁਲ ਅਤੇ ਐੱਸਐੱਸਪੀ ਅਭਿਮਨਿਊ ਰਾਣਾ ਵੱਲੋਂ ਕੈਬਨਿਟ ਮੰਤਰੀ ਨੂੰ ਵਿਸ਼ੇਸ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ 27 ਜਨਵਰੀ ਨੂੰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ, ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ ਤੋਂ ਇਲਾਵਾ ਜੂਡੀਸ਼ੀਅਲ, ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀਆਂ ਦੇ ਨਾਲ-ਨਾਲ ਵੱਡੀ ਗਿਣਤੀ ’ਚ ਪਤਵੰਤੇ, ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Posted By:

Leave a Reply