Daily Suraj

ਪੰਜਾਬੀ

ਅੰਮ੍ਰਿਤਸਰ ਡਿਪਟੀ ਕਮਿਸ਼ਨਰ ਨੇ ਅਕਵਾਈਰ ਜ਼ਮੀਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਕੀਤੀ ਮੀਟਿੰਗ

04 Dec, 2024 05:30 AM

ਅੰਮ੍ਰਿਤਸਰ : ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਦਿੱਲੀ ਕੱਟੜਾ ਐਕਸਪ੍ਰੈਸ ਹਾਈਵੇ ਲਈ ਨੈਸ਼ਨਲ ਹਾਈਵੇ ਵਲੋਂ ਅਕਵਾਈਰ ਕੀਤੀ ਗਈ ਜ਼ਮੀਨ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ, ਬੀਡੀਪੀਓ ਮਲਕੀਤ ਸਿੰਘ, ਐਸ.ਡੀ.ਓ. ਵਾਟਰ ਸਪਲਾਈ ਅਭੀਸ਼ੇਕ ਕੁਮਾਰ, ਨੈਸ਼ਨਲ ਹਾਈਵੇ ਤੋਂ ਵਿਸ਼ਾਲ ਗੌਤਮ , ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸ: ਪਰਵਿੰਦਰ ਸਿੰਘ , ਸਕੱਤਰ ਜਗਜੀਵਨ ਸਿੰਘ , ਸਕੱਤਰ ਕੁਲਬੀਰ ਸਿੰਘ, ਅਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਭਰੋਸਾ ਦਵਾਇਆ ਕਿ ਜਿਲ੍ਹਾ ਪ੍ਰਸ਼ਾਸ਼ਨ ਉਨਾਂ ਦੇ ਨਾਲ ਖੜ੍ਹਾ ਹੈ ਅਤੇ ਉਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਕਵਾਈਰ ਕੀਤੀ ਗਈ ਜ਼ਮੀਨ ਦੀ ਅਦਾਇਗੀ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸ: ਪਰਵਿੰਦਰ ਸਿੰਘ ਨੇ ਡਿਪਟੀ ਕਮਿਸ਼ਨ ਦੇ ਧਿਆਨ ਵਿੱਚ ਕੁਝ ਹੋਰ ਮੰਗਾਂ ਨੂੰ ਵੀ ਲਿਆਂਦਾ ਜਿਸ ਤੇ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਉਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਘੱਟ ਅਦਾਇਗੀ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਆਰਬੀਟਰੇਟਰ ਪਾਸ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਤੁਹਾਡੀਆਂ ਜਾਇਜ ਮੰਗਾਂ ਨੂੰ ਪੂਰਾ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਹਰ ਸਮੇਂ ਤੱਤਪਰ ਹੈ ।

Posted By: Daily Suraj Bureau

Latest News