ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੀ ਧੱਕੇਸ਼ਾਹੀ ਵਿਰੁੱਧ ਕੱਢਿਆ ਰੋਸ ਮਾਰਚ

ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੀ ਧੱਕੇਸ਼ਾਹੀ ਵਿਰੁੱਧ ਕੱਢਿਆ ਰੋਸ ਮਾਰਚ

ਬਟਾਲਾ : ਬਟਾਲਾ ’ਚ ਮਜ਼ਦੂਰ ਸਮਾਜ ਜੋੜੋ ਚੇਤਨਾ ਮੁਹਿੰਮ ਤਹਿਤ ਮਜ਼ਦੂਰਾਂ ਤੇ ਕਿਰਤੀਆਂ ਨੇ ਰੋਸ ਰੈਲੀ ਕਰਦਿਆਂ ਵੱਖ-ਵੱਖ ਬਾਜ਼ਾਰਾਂ ’ਚ ਰੋਸ ਮਾਰਚ ਕੀਤਾ ਹੈ। ਰੋਸ ਮਾਰਚ ਤੋਂ ਬਾਅਦ ਮੁੱਖ ਮੰਤਰੀ ਦੇ ਨਾਮ ’ਤੇ ਇੱਕ ਮੰਗ ਪੱਤਰ ਵੀ ਤਹਿਸੀਲਦਾਰ ਬਟਾਲਾ ਜਗਤਾਰ ਸਿੰਘ ਨੂੰ ਸੌਂਪਿਆ ਗਿਆ। ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਯਾਦਗਾਰੀ ਪਾਰਕ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਤੇ ਮਾਝਾ ਜ਼ੋਨ ਦੇ ਇੰਚਾਰਜ ਮਨਜੀਤ ਰਾਜ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਪੂੰਜੀਪਤੀਆਂ ਦੇ ਮੁਨਾਫੇ ਲਈ ਨੀਤੀਆਂ ਬਣਾ ਰਹੀਆਂ ਹਨ, ਇਸ ਲਈ ਲੋਕ ਮਾਰੂ ਨੀਤੀਆਂ ਖਿਲਾਫ਼ ਮਜ਼ਦੂਰ ਸਮਾਜ ਦਾ ਜਥੇਬੰਦ ਹੋਕੇ ਸੜਕਾਂ ’ਤੇ ਆਉਣਾ ਜ਼ਰੂਰੀ ਹੈ। ਉਨ੍ਹਾਂ ਨੇ ਇਸ ਮੌਕੇ ਖਨੌਰੀ ਬਾਡਰ ’ਤੇ ਕਿਸਾਨੀ ਮੰਗਾਂ ਲਈ ਜਾਰੀ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕਰਦੇ ਸੂਬਾ ਪ੍ਰਧਾਨ ਭਗਵੰਤ ਸਮਾਓ ਨੇ ਕਿਹਾ ਕਿ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਕੋਈ ਨੁਕਸਾਨ ਹੋਇਆ ਤਾਂ ਭਾਜਪਾ ਤੇ ਆਮ ਆਦਮੀ ਸਰਕਾਰਾਂ ਨੂੰ ਮਹਿੰਗਾ ਪਵੇਗਾ। ਉਨ੍ਹਾਂ ਕਿਹਾ ਕਿ ਮਿਡ ਡੇਅ ਮੀਲ ਕੁੱਕ ਬੀਬੀਆਂ ਸਮੇਤ ਲੱਖਾਂ ਹੀ ਵਰਕਰਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਅਤੇ ਵਿਧਾਨ ਸਭਾ ਅੰਦਰ ਲੱਖਾਂ ਰੁਪਏ ਤਨਖਾਹਾਂ ਤੇ ਭੱਤਿਆਂ ਦਾ ਪ੍ਰਾਪਤ ਕਰਨ ਵਾਲੇ ਸੱਤਾਧਾਰੀ ਲੀਡਰ ਮਜ਼ਦੂਰਾ ਦੀ ਦਿਹਾੜੀ ’ਚ ਵਾਧਾ ਨਹੀਂ ਕਰਨਾ ਚਾਹੁੰਦੇ। ਇਸ ਮੌਕੇ ਮਨਜੀਤ ਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਾਆਦਾ ਖਿਲਾਫੀ ਅਤੇ ਮਜ਼ਦੂਰ ਸਮਾਜ ਦੇ ਅਧਿਕਾਰਾਂ ਦੀ ਪ੍ਰਾਪਤੀ ਲਈ 27 ਦਸੰਬਰ ਨੂੰ ਡੀਸੀ ਦਫ਼ਤਰ ਗੁਰਦਾਸਪੁਰ ਤੇ 30 ਦਸੰਬਰ ਨੂੰ ਅੰਮ੍ਰਿਤਸਰ ਡੀਸੀ ਦਫ਼ਤਰ ਅੱਗੇ ਧਰਨੇ ਦਿੱਤੇ ਜਾਣਗੇ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਇੰਜੀਨੀਅਰ ਰਜਿੰਦਰ ਸਿੰਘ ਮੌੜ, ਮਿਡ ਡੇਅ ਮੀਲ ਵਰਕਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਿੰਦਰ ਕੌਰ, ਪ੍ਰਧਾਨ ਸਰੂਪ ਸਿੰਘ ਚਾਹਲ ਕਲਾਂ, ਜੋਨ ਮਸੀਹ ਗਿੱਲ ਬਟਾਲਾ, ਸੈਕਟਰੀ ਹੀਰਾਂ, ਨਿੰਮੋ ਪਰਮਜੀਤ ਕੌਰ, ਜਸਬੀਰ ਕੌਰ ਆਦਿ ਸਮੇਤ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।