ਮਾਨਸਾ : ਕਿਸਾਨਾਂ ਨੂੰ ਇੰਨ੍ਹੀਂ ਦਿਨ੍ਹੀਂ ਆਪਣੇ ਖੇਤਾਂ ਦਾ ਨਿਰੰਤਰ ਦੌਰਾ ਕਰਕੇ ਕਣਕ ਦੀ ਫ਼ਸਲ ਦਾ ਮੁਆਇਨਾ ਕਰਨਾ ਚਾਹੀਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਇਹ ਅਪੀਲ ਕੀਤੀ। ਉਨ੍ਹਾਂ ਫ਼ਸਲ ਦੇ ਪੀਲੇ ਪੈਣ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਫ਼ਸਲ ਦੇ ਪੀਲੇ ਪੈਣ ਦੇ ਕਈ ਕਾਰਨ ਹੋ ਸਕਦੇ ਹਨ, ਜਿੰਨ੍ਹਾਂ ਵਿੱਚੋਂ ਨਾਇਟਰੋਜਨ ਦੀ ਘਾਟ, ਮੈਗਨੀਜ਼ ਦੀ ਘਾਟ, ਜ਼ਿੰਕ ਦੀ ਘਾਟ, ਗੰਧਕ, ਖ਼ਰਾਬ ਮੌਸਮ ਅਤੇ ਪਾਣੀ ਦੀ ਘੱਟ ਨਿਕਾਸੀ ਆਦਿ ਪ੍ਰਮੁੱਖ ਹਨ। ਉਨ੍ਹਾਂ ਦੱਸਿਆ ਕਿ ਮੈਂਗਨੀਜ਼ ਦੀ ਘਾਟ ਆਮ ਤੌਰ ’ਤੇ ਝੋਨਾ, ਕਣਕ ਫ਼ਸਲੀ ਚੱਕਰ ਵਾਲੀਆਂ ਰੇਤਲੀਆਂ ਜ਼ਮੀਨਾਂ ਵਿੱਚ ਜ਼ਿਆਦਾ ਵੇਖਣ ਵਿੱਚ ਆਉਂਦੀ ਹੈ। ਇਸ ਦੀਆਂ ਨਿਸ਼ਾਨੀਆਂ ਬੂਟੇ ਦੇ ਵਿਚਕਾਰਲੇ ਪੱਤਿਆਂ ਦੀਆਂ ਨਾੜੀਆਂ ਦੇ ਦਰਮਿਆਨ ਵਾਲੀ ਥਾਂ ’ਤੇ ਹਲਕੇ ਪੀਲੇ ਸਲੇਟੀ ਰੰਗ ਤੋਂ ਗੁਲਾਬੀ ਭੂਰੇ ਰੰਗ ਦੇ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀਆਂ ਹਨ। ਇਹ ਧੱਬੇ ਪੱਤਿਆਂ ਦੇ ਮੁੱਢ ਵਾਲੇ 2/3 ਹਿੱਸੇ ਵਿੱਚ ਜ਼ਿਆਦਾ ਹੁੰਦੇ ਹਨ। ਬਾਅਦ ਵਿੱਚ ਇਹ ਧੱਬੇ ਨਾੜੀਆਂ ਵਿਚਕਾਰ, ਜਿਹੜੀਆਂ ਕਿ ਹਰੀਆਂ ਰਹਿੰਦੀਆਂ ਹਨ, ਇਕੱਠੇ ਹੋ ਕੇ ਇੱਕ ਲੰਮੀ ਧਾਰੀ ਦਾ ਆਕਾਰ ਧਾਰਨ ਕਰ ਲੈਂਦੇ ਹਨ। ਬਹੁਤ ਜ਼ਿਆਦਾ ਘਾਟ ਆਉਣ ਨਾਲ ਬੂਟੇ ਬਿਲਕੁਲ ਸੁੱਕ ਜਾਂਦੇ ਹਨ। ਮੈਂਗਨੀਜ਼ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ 0.5 ਫੀਸਦੀ ਮੈਗਨੀਜ਼ ਸਲਫ਼ੇਟ (ਇੱਕ ਕਿਲੋ ਮੈਂਗਨੀਜ਼ ਸਲਫ਼ੇਟ 200 ਲਿਟਰ ਪਾਣੀ ਵਿੱਚ) ਦਾ ਇੱਕ ਛਿੜਕਾਅ ਪਹਿਲੇ ਪਾਣੀ ਤੋਂ 2—4 ਦਿਨ ਪਹਿਲਾਂ ਅਤੇ 3 ਛਿੜਕਾਅ ਹਫ਼ਤੇ—ਹਫ਼ਤੇ ਦੇ ਫ਼ਰਕ ਨਾਲ ਬਾਅਦ ਵਿੱਚ ਧੁੱਪ ਵਾਲੇ ਦਿਨਾਂ ਵਿੱਚ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਤੇ ਜ਼ਿੰਕ ਦੀ ਘਾਟ ਨਾਲ ਬੂਟਿਆਂ ਦਾ ਵਾਧਾ ਰੁਕ ਜਾਂਦਾ ਹੈ ਅਤੇ ਬੂਟੇ ਝਾੜੀ ਵਰਗੇ ਬਣ ਜਾਂਦੇ ਹਨ। ਪੱਤੇ ਲੱਕ ਵਿਚਕਾਰੋਂ ਪੀਲੇ ਪੈ ਜਾਂਦੇ ਹਨ ਅਤੇ ਬਾਅਦ ਵਿੱਚ ਉਥੋਂ ਟੁੱਟ ਕੇ ਲਮਕ ਜਾਂਦੇ ਹਨ। ਘਾਟ ਵਾਲੀਆਂ ਜ਼ਮੀਨਾਂ ਵਿੱਚ ਬਿਜਾਈ ਸਮੇਂ 25 ਕਿੱਲੋ ਜ਼ਿੰਕ ਸਲਫ਼ੇਟ (21 ਫੀਸਦੀ ਜਿੰਕ) ਪ੍ਰਤੀ ਏਕੜ ਜ਼ਮੀਨ ਵਿੱਚ ਛੱਟੇ ਨਾਲ ਪਾਉ। ਜ਼ਿੰਕ ਦੀ ਘਾਟ ਫ਼ਸਲ ‘ਤੇ ਜ਼ਿੰਕ ਸਲਫ਼ੇਟ (0.5 ਫ਼ੀਸਦੀ) ਦੀ ਸਪਰੇਅ ਕਰਨ ਨਾਲ ਵੀ ਪੁਰ੍ਹੀ ਕੀਤੀ ਜਾ ਸਕਦੀ ਹੈ। ਇੱਕ ਏਕੜ ਲਈ ਇੱਕ ਕਿੱਲੋ ਜ਼ਿੰਕ ਸਲਫ਼ੇਟ ਅਤੇ ਅੱਧਾ ਕਿੱਲੋ ਅਣਬੁਝਿਆ ਚੂਨਾ 200 ਲਿਟਰ ਪਾਣੀ ਵਿੱਚ ਘੋਲ ਕੇ 15 ਦਿਨਾਂ ਦੀ ਵਿੱਥ ਤੇ 2-3 ਵਾਰ ਛਿੜਕਾਅ ਕਰਨਾ ਚਾਹੀਦਾ ਹੈ। ਯੂਰੀਆ ਦੀ ਪੂਰੀ ਮਾਤਰਾ ਖੇਤ ਵਿੱਚ ਪਾ ਦੇਣ ਉਪਰੰਤ ਵੀ ਫ਼ਸਲ ਤੇ ਨਾਈਟਰੋਜਨ ਤੱਤ ਦੀ ਘਾਟ ਦੇ ਲੱਛਣ ਆਉਣ, ਤਾਂ 03 ਫੀਸਦੀ ਯੂਰੀਆ ਘੋਲ ( 09 ਕਿਲੋ ਯੂਰੀਆ 300 ਲਿਟਰ ਪਾਣੀ ਵਿੱਚ) ਦਾ ਦੋ ਪਾਸਾ ਛਿੜਕਾਅ ਕਰਨਾ ਚਾਹੀਦਾ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਦੀ ਕਾਸ਼ਤ ਸਬੰਧੀ ਵਧੇਰੇ ਤਕਨੀਕੀ ਜਾਣਕਾਰੀ ਲੈਣ ਲਈ ਸੰਬੰਧਿਤ ਬਲਾਕ ਦਫਤਰ ਦੇ ਅਧਿਕਾਰੀਆਂ ਨਾਲ ਸੰਪਰਕ ਕਰਨਾ ਚਾਹੀਦਾ ਹੈ।
Leave a Reply