ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅਟਾਰੀ (ਅੰਮ੍ਰਿਤਸਰ) : ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਨਾਨਕਸਰ ਖੁਰਮਣੀਆ ਖਾਸਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁ. ਤਪ ਅਸਥਾਨ ਬਾਬਾ ਲਾਲ ਸਿੰਘ ਜੀ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਇਸ ਸ਼ੁਭ ਦਿਹਾੜੇ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੰਤ ਬਾਬਾ ਕੁਲਵੰਤ ਸਿੰਘ ਖੁਰਮਣੀਆ ਵਾਲਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਨਾਨਕਸਰ ਖੁਰਮਣੀਆ ਤੋਂ ਨਗਰ ਕੀਰਤਨ ਸਜਾਏ ਗਏ ਜੋ ਕਿ ਵੱਖ-ਵੱਖ ਪਿੰਡਾਂ ਤੋਂ ਹੁੰਦੇ ਹੋਏ ਬੱਸ ਸਟੈਂਡ ਅਟਾਰੀ ਪਹੁੰਚੇ ਜਿਥੇ ਸ਼ਰਧਾਲੂ ਸੰਗਤਾਂ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ।