Daily Suraj

ਪੰਜਾਬੀ

ਧਾਰਮਿਕ ਅਸਥਾ ਨਾਲ ਜੁੜੀ ਘਟਨਾ ‘ਤੇ ਸਿਆਸੀ ਆਗੂਆਂ ਵੱਲੋਂ ਉੱਚ ਪੱਧਰੀ ਜਾਂਚ ਦੀ ਮੰਗ

23 Mar, 2026 04:07 PM

ਖੰਨਾ ਦੇ ਆਨੰਦ ਨਗਰ ਇਲਾਕੇ ਵਿੱਚ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀਆਂ ਵਿੱਚ ਖਿਲਰੇ ਹੋਏ ਮਿਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਸਥਾਨਕ ਲੋਕਾਂ ਵਿੱਚ ਗੁੱਸੇ ਅਤੇ ਰੋਸ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਕੱਲ੍ਹ ਬਾਅਦ ਦੁਪਹਿਰ ਦੀ ਦੱਸੀ ਜਾ ਰਹੀ ਹੈ, ਹਾਲਾਂਕਿ ਇਸ ਬਾਰੇ ਇਲਾਕੇ ਦੇ ਲੋਕਾਂ ਨੂੰ ਦੇਰ ਸ਼ਾਮ ਜਾਣਕਾਰੀ ਮਿਲੀ। ਇਸ ਤੋਂ ਬਾਅਦ ਤੁਰੰਤ ਸਥਾਨਕ ਪੁਲੀਸ ਨੂੰ ਸੂਚਿਤ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀਐੱਸਪੀ ਤਰਲੋਚਨ ਸਿੰਘ ਅਤੇ ਡੀਐੱਸਪੀ ਵਿਨੋਦ ਕੁਮਾਰ ਦੀ ਅਗਵਾਈ ਵਿੱਚ ਪੁਲੀਸ ਟੀਮ ਨੇ ਜਾਂਚ ਸ਼ੁਰੂ ਕੀਤੀ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਦੌਰਾਨ ਇੱਕ 11-12 ਸਾਲਾਂ ਦਾ ਪਰਵਾਸੀ ਲੜਕਾ ਹੱਥ ਵਿੱਚ ਗੁਟਕਾ ਸਾਹਿਬ ਲੈ ਕੇ ਉਸਦੇ ਅੰਗ ਪਾੜ ਕੇ ਸੜਕਾਂ ‘ਤੇ ਖਿਲਾਰਦਾ ਹੋਇਆ ਨਜ਼ਰ ਆਇਆ। ਪੁਲੀਸ ਨੂੰ ਇਹ ਵੀ ਪਤਾ ਲੱਗਾ ਹੈ ਕਿ ਇਸ ਬੱਚੇ ਨਾਲ ਹੋਰ ਦੋ ਬੱਚੇ ਵੀ ਮੌਜੂਦ ਸਨ। ਇਸ ਘਟਨਾ ‘ਤੇ ਇਲਾਕੇ ਦੇ ਕਾਂਗਰਸੀ ਕੌਂਸਲਰ ਨੀਨੂੰ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ, ਨਵਤੇਜ ਸਿੰਘ ਖੱਟੜਾ, ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਜਿੰਦਰ ਸਿੰਘ ਜੀਤ ਸਮੇਤ ਕਈ ਸਥਾਨਕ ਆਗੂਆਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਇਹ ਵੀ ਸ਼ੱਕ ਜ਼ਾਹਰ ਕੀਤਾ ਕਿ ਬੱਚਿਆਂ ਵੱਲੋਂ ਪਾੜੇ ਗਏ ਨਵੇਂ ਗੁਟਕਾ ਸਾਹਿਬ ਦੇ ਪਿੱਛੇ ਕਿਸੇ ਸ਼ਰਾਰਤੀ ਅਨਸਰ ਦਾ ਹੱਥ ਹੋ ਸਕਦਾ ਹੈ ਅਤੇ ਇਸ ਪੱਖ ਤੋਂ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਦੂਜੇ ਪਾਸੇ ਸਥਾਨਕ ਪੁਲੀਸ ਨੇ ਇਸ ਮਾਮਲੇ ਵਿੱਚ ਝੋਪੜੀਆਂ ਵਿੱਚ ਰਹਿ ਰਹੇ ਤਿੰਨ ਬੱਚਿਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Posted By: Daily Suraj Bureau

Latest News