ਕੀਨੀਆ ਦੇ ਗਰਲਜ਼ ਬੋਰਡਿੰਗ ਸਕੂਲ ਵਿੱਚ ਭਿਆਨਕ ਅੱਗ, 16 ਦੀ ਮੌਤ
ਕੀਨੀਆ ਦੇ ਇੱਕ ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਵੱਡੀ ਗਿਣਤੀ ਬੱਚਿਆਂ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ, ਇਹ ਹਾਦਸਾ ਨਕੁਰੂ ਕਾਊਂਟੀ ਦੇ ਗਿਲਗਿਲ ਇਲਾਕੇ ਵਿੱਚ ਸਥਿਤ ਉਤੁਮਿਸ਼ੀ ਗਰਲਜ਼ ਅਕੈਡਮੀ ਸੀਨੀਅਰ ਸਕੂਲ ਦੇ ਹੋਸਟਲ ਵਿੱਚ ਵਾਪਰਿਆ। ਕੀਨੀਆਈ ਰੈੱਡ ਕਰਾਸ ਮੁਤਾਬਕ ਅੱਗ ਰਾਤ ਕਰੀਬ 1 ਵਜੇ ਲੱਗੀ, ਜਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਹੋਸਟਲ ਦੇ ਵੱਡੇ ਹਿੱਸੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿੱਚ 73 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਸਿੱਖਿਆ ਮੰਤਰੀ ਜੂਲੀਅਸ ਓਂਗਾਮਾ ਨੇ ਕਿਹਾ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰਾਹਤ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਲਈ ਤੁਰੰਤ ਕਾਰਵਾਈ ਕੀਤੀ ਗਈ। ਸਕੂਲ ਵਿੱਚ 800 ਤੋਂ ਵੱਧ ਵਿਦਿਆਰਥਣਾਂ ਪੜ੍ਹਦੀਆਂ ਹਨ। ਅੱਗ ਦੀ ਘਟਨਾ ਤੋਂ ਬਾਅਦ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਕਈ ਪਰਿਵਾਰ ਆਪਣੇ ਬੱਚਿਆਂ ਦੀ ਸੁਰੱਖਿਆ ਬਾਰੇ ਜਾਣਕਾਰੀ ਲੈਣ ਲਈ ਸਕੂਲ ਅਤੇ ਹਸਪਤਾਲਾਂ ਵੱਲ ਦੌੜੇ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਹਾਦਸਾ ਸ਼ਾਰਟ ਸਰਕਟ ਕਾਰਨ ਹੋਇਆ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਸੀ।
Posted By: Daily Suraj Bureau