Daily Suraj

ਪੰਜਾਬੀ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਵਿਖੇ ਕਰਵਾਇਆ ਗਿਆ ਸ਼ੁਕਰਾਨਾ ਸਮਾਗਮ

03 Jan, 2026 12:18 PM

*ਪੰਜਾਬ ‘ਚ 2027 ਵਿੱਚ ਬਣੇਗੀ ਅਕਾਲੀ ਦਲ ਦੀ ਸਰਕਾਰ-ਚੰਦੀ/ਖੁਰਾਣਾ
ਫਗਵਾੜਾ,ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਫਗਵਾੜਾ ਵਲੋਂ ਵਿਧਾਨਸਭਾ ਹਲਕਾ ਫਗਵਾੜਾ ਦਿਹਾਤੀ ਦੇ ਇੰਚਾਰਜ ਸ. ਰਾਜਿੰਦਰ ਸਿੰਘ ਚੰਦੀ ਅਤੇ ਸ਼ਹਿਰੀ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ,ਫਗਵਾੜਾ ਵਿਖੇ ਇਕ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਜੇਤੂ ਰਹੇ ਉੱਮੀਦਵਾਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਸ. ਜਰਨੈਲ ਸਿੰਘ ਵਾਹਦ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਗਮ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ,ਉਪਰੰਤ ਸਰਬੱਤ ਦੇ ਭਲੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਸ. ਰਾਜਿੰਦਰ ਸਿੰਘ ਚੰਦੀ ਅਤੇ ਸ. ਰਣਜੀਤ ਸਿੰਘ ਖੁਰਾਣਾ ਨੇ ਪਾਰਟੀ ਦੇ ਚੁਣੇ ਹੋਏ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ ਅਤੇ ਸਾਰੇ ਲੜੇ ਹੋਏ ਉਮੀਦਵਾਰਾਂ ਵਲੋਂ ਸਮੂਹ ਵੋਟਰਾਂ ਅਤੇ ਸਪੋਰਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿਵੇਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਵੋਟਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਭਰਪੂਰ ਪਿਆਰ ਅਤੇ ਸਤਿਕਾਰ ਮਿਲਿਆ ਹੈ, ਉਸੇ ਤਰ੍ਹਾਂ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਵਿੱਚ ਵੀ ਫਗਵਾੜਾ ਵਿਧਾਨਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਨੂੰ ਭਾਰੀ ਸਮਰਥਨ ਮਿਲੇਗਾ। ਉਨ੍ਹਾਂ ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਜੋਨਾਂ ਵਿੱਚ ਵਸਦੇ ਵੋਟਰਾਂ ਦੇ ਦੁੱਖ-ਸੁਖ ਵਿੱਚ ਸਾਂਝੀਦਾਰ ਬਣਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਰਹਿਣ। ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸ. ਜਰਨੈਲ ਸਿੰਘ ਵਾਹਦ ਨੇ ਕਿਹਾ ਕਿ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਗਵਾਹ ਹਨ ਕਿ ਭਗਵੰਤ ਮਾਨ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਵਿਰੋਧੀ ਧਿਰਾਂ ਖ਼ਿਲਾਫ਼ ਅਪਣਾਈ ਗਈ ਸਿਆਸੀ ਬਦਲਾਖੋਰੀ ਦੀ ਨੀਤੀ ਨੂੰ ਪੰਜਾਬ ਦੀ ਜਨਤਾ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਵੋਟਰ 2027 ਦੀਆਂ ਵਿਧਾਨਸਭਾ ਚੋਣਾਂ ਵਿੱਚ ਇਸ ਦਾ ਕਰਾਰਾ ਜਵਾਬ ਦੇਣਗੇ। ਸਮਾਗਮ ਦੌਰਾਨ ਮੌਜੂਦ ਸਮੂਹ ਅਕਾਲੀ ਆਗੂਆਂ ਨੇ ਇਕ ਸੁਰ ਵਿੱਚ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੀ ਬਣੇਗੀ। ਇੱਸ ਮੌਕੇ ਵੱਡੀ ਗਿਣਤੀ ‘ਚ ਅਕਾਲੀ ਵਰਕਰ ਅਤੇ ਸਮਰਥਕ ਹਾਜਰ ਸਨ।

Posted By: Daily Suraj Bureau

Latest News