Daily Suraj

ਪੰਜਾਬੀ

ਭਗਵੰਤ ਮਾਨ ਦੀ ਕਥਿਤ ਵੀਡੀਓ ਵਿਵਾਦ: ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਕਰੇਗੀ ‘ਆਪ’

20 Jun, 2026 10:37 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੋੜੀ ਜਾ ਰਹੀ ਕਥਿਤ ਵਿਵਾਦਿਤ ਵੀਡੀਓ ਨੂੰ ਲੈ ਕੇ ਸੂਬੇ ਦੀ ਸਿਆਸਤ ਹੋਰ ਗਰਮਾ ਗਈ ਹੈ। ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਦੀ ਕਥਿਤ ਫਰਜ਼ੀ ਵੀਡੀਓ ਦਾ ਗਲਤ ਤਰੀਕੇ ਨਾਲ ਪ੍ਰਚਾਰ ਕਰਨ ਦੇ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ‘ਆਪ’ ਆਗੂਆਂ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 10:00 ਵਜੇ ਤੋਂ 11:00 ਵਜੇ ਤੱਕ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਮੋਹਾਲੀ ਸਮੇਤ ਕਈ ਪ੍ਰਮੁੱਖ ਸ਼ਹਿਰ ਸ਼ਾਮਲ ਹੋਣਗੇ। ਪ੍ਰਦਰਸ਼ਨਾਂ ਦੀ ਅਗਵਾਈ ਸਥਾਨਕ ਪਾਰਟੀ ਲੀਡਰਸ਼ਿਪ ਅਤੇ ਸੀਨੀਅਰ ਅਹੁਦੇਦਾਰ ਕਰਨਗੇ। ਪਾਰਟੀ ਦਾ ਦੋਸ਼ ਹੈ ਕਿ ਮੁੱਖ ਮੰਤਰੀ ਦੀ ਕਥਿਤ ਫਰਜ਼ੀ ਵੀਡੀਓ ਵਾਇਰਲ ਕਰਕੇ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ‘ਆਪ’ ਲੀਡਰਸ਼ਿਪ ਦਾ ਕਹਿਣਾ ਹੈ ਕਿ ਵਿਰੋਧੀ ਧਿਰਾਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ, ਸਿਆਸੀ ਲਾਭ ਹਾਸਲ ਕਰਨ ਲਈ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਅਤੇ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ, ਮੁੱਖ ਮੰਤਰੀ ਨਾਲ ਜੋੜੀ ਜਾ ਰਹੀ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਦੋਖੀ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾਂ ਕਹਿਣਾ ਸੀ ਕਿ ਇਹ ਵੀਡੀਓ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਨਾਲ ਤਿਆਰ ਕੀਤੀ ਗਈ ਹੈ। ਹਾਲਾਂਕਿ ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਵੀਡੀਓ ਪੂਰੀ ਤਰ੍ਹਾਂ ਫਰਜ਼ੀ ਹੈ ਅਤੇ ਇਸ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ।

Posted By: Daily Suraj Bureau

Latest News