ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ’ਚ ਰੰਗ-ਰੋਗਨ ਦੀ ਸੇਵਾ ਸ਼ਰਧਾ ਭਾਵਨਾ ਨਾਲ ਆਰੰਭ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਰੰਗ-ਰੋਗਨ ਦੀ ਸੇਵਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਆਰੰਭ ਹੋ ਗਈ ਹੈ। ਸੇਵਾ ਦੀ ਸ਼ੁਰੂਆਤ ਤੋਂ ਪਹਿਲਾਂ ਗੁਰੂ ਘਰ ਵਿਖੇ ਅਰਦਾਸ ਕੀਤੀ ਗਈ, ਜਿਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਰਸਮੀ ਤੌਰ 'ਤੇ ਸੇਵਾ ਦੀ ਆਰੰਭਤਾ ਕਰਵਾਈ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬ-ਸਾਂਝੀਵਾਲਤਾ ਦਾ ਪ੍ਰਤੀਕ ਹੈ। ਇੱਥੇ ਦੇਸ਼ ਅਤੇ ਵਿਦੇਸ਼ਾਂ ਤੋਂ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਅਤੇ ਆਪਣੀ ਸਮਰੱਥਾ ਅਨੁਸਾਰ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਆਪਣਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਦਰਬਾਰ ਸਾਹਿਬ ਸਮੂਹ ਦੇ ਰੰਗ-ਰੋਗਨ ਦਾ ਇਹ ਕਾਰਜ ਸ਼੍ਰੋਮਣੀ ਕਮੇਟੀ ਵੱਲੋਂ ਇਕਬਾਲ ਸਿੰਘ ਬੰਬੇ ਵਾਲਿਆਂ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਜਾ ਰਹਾ ਹੈ। ਐਡਵੋਕੇਟ ਧਾਮੀ ਨੇ ਸੇਵਕ ਪਰਿਵਾਰ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਸ ਪਰਿਵਾਰ ਨੇ ਪਹਿਲਾਂ ਵੀ ਗੁਰੂ ਘਰ ਦੀਆਂ ਵੱਖ-ਵੱਖ ਸੇਵਾਵਾਂ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ। ਇਸ ਮੌਕੇ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਸੇਵਕ ਪਰਿਵਾਰ ਦੇ ਮੈਂਬਰਾਂ—ਇਕਬਾਲ ਸਿੰਘ ਬੰਬੇ ਵਾਲੇ, ਹਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਹਰਬੰਸ ਸਿੰਘ ਨੂੰ ਗਿਆਨੀ ਅਮਰਜੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਗਿਆਨੀ ਟੇਕ ਸਿੰਘ ਵੱਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਲੋੜੀਂਦੀ ਮੁਰੰਮਤ ਅਤੇ ਰੰਗ-ਰੋਗਨ ਦੀ ਸੇਵਾ ਅਰਦਾਸ ਉਪਰੰਤ ਸ਼ੁਰੂ ਕੀਤੀ ਗਈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਇਤਿਹਾਸਕ ਅਸਥਾਨ ਦੀ ਮੁਰੰਮਤ ਦੀ ਲੋੜ ਨੂੰ ਵੇਖਦਿਆਂ ਇਹ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਅਰਦਾਸੀਆ ਭਾਈ ਪ੍ਰੇਮ ਸਿੰਘ, ਐਕਸੀਅਨ ਸੁਖਜਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਅਤੇ ਲਾਲ ਸਿੰਘ ਸਮੇਤ ਹੋਰ ਸਿੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
Posted By: Daily Suraj Bureau