ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 20ਵੇਂ ਦਿਨ ਵੀ ਰਹੀ ਜਾਰੀ
- ਪੰਜਾਬ
- 23 Dec,2024

ਫ਼ਾਜ਼ਿਲਕਾ :ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 20ਵੇਂ ਦਿਨ ਵੀ ਜਾਰੀ। ਪੱਕਾ ਕਰਨ, ਤਨਖਾਹ ਕਟੋਤੀ ਬੰਦ ਕਰਨ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੇ ਵੱਡੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ 26 ਦਸੰਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਰੈਗੂਲਰ ਤਨਖਾਹ ਕਟੌਤੀ ਸਮੇਤ ਬਾਕੀ ਸਾਰੀਆਂ ਮੰਗਾਂ ਦਾ ਠੋਸ ਹੱਲ ਨਾ ਹੋਇਆ ਅਤੇ ਸਰਕਾਰ ਨੇ ਮੁਲਾਜ਼ਮਾਂ ਤੇ ਕੁਝ ਜਬਰੀ ਕਰਨ ਦੀ ਕੋਸ਼ਿਸ਼ ਕੀਤੀ ਤਾ 26 ਦਸੰਬਰ ਨੂੰ ਚੰਡੀਗੜ੍ਹ ਵਿੱਚ ਗੁਪਤ ਐਕਸ਼ਨ ਕੀਤਾ ਜਾਵੇਗਾ ਅਤੇ ਸਰਕਾਰ ਦੀ ਪੋਲ ਖੋਲੀ ਜਾਵੇਗੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰ ਚੁੱਕੇ ਹਨ ਫਿਰ ਅਫ਼ਸਰਸ਼ਾਹੀ ਮੰਗਾਂ ਵਿਚ ਰੋੜਾ ਕਿਓ ਅਟਕਾਂ ਰਹੀ ਹੈ।ਆਗੂਆ ਨੇ ਕਿਹਾ 14 ਮਾਰਚ 2024 ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੰਗਾਂ ਮੰਨਣ ਉਪਰੰਤ ਦਫ਼ਤਰੀ ਮੁਲਾਜ਼ਮਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਵੀ ਆਪਣੀ ਸਹਿਮਤੀ ਦੇ ਚੁੱਕੇ ਹਨ ਅਤੇ ਹੁਣ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਵਿੱਚ ਕੋਈ ਕਾਨੂੰਨੀ ਅੜਚਨ ਨਹੀਂ ਹੈ। ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 6 ਨਵੰਬਰ ਨੂੰ ਮੀਟਿੰਗ ਕਰਕੇ ਅਧਿਕਾਰੀਆ ਇਕ ਮਹੀਨੇ ਅੰਦਰ ਅਤੇ 9 ਦਸੰਬਰ ਨੂੰ ਹੋਈ ਮੀਟਿੰਗ ਵਿੱਚ ਮੁੜ ਅਧਿਕਾਰੀਆਂ ਨੂੰ 15 ਦਿਨ ਦੇ ਅੰਦਰ ਅੰਦਰ ਰੈਗੂਲਰ ਅਤੇ ਤਨਖਾਹ ਕਟੋਤੀ ਦਾ ਮਸਲਾ ਹੱਲ ਕਰਨ ਦੇ ਹੁਕਮ ਜਾਰੀ ਕੀਤੇ ਸਨ ਪਰ ਵਿੱਤ ਮੰਤਰੀ ਦੇ ਹੁਕਮਾਂ ਨੂੰ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀ ਅਣਗੋਲਿਆ ਕਰ ਰਹੇ ਹਨ।ਆਗੂਆਂ ਨੇ ਕਿਹਾ ਕਿ ਸਘੰਰਸ਼ਾਂ ਵਿੱਚੋਂ ਨਿਕਲੀ ਪਾਰਟੀ ਦੇ ਮੰਤਰੀਆ ਨੂੰ ਮੁਲਾਜ਼ਮਾਂ ਦੇ ਸਘੰਰਸ਼ ਮਾੜੇ ਲੱਗਣ ਲੱਗ ਗਏ ਹਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਨੋਕਰੀਓ ਕੱਢਣ ਦੀਆਂ ਧਮਕੀਆਂ ਦੇਣ ਲੱਗ ਗਏ ਹਨ। ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਠੇਕਾ ਪ੍ਰਣਾਲੀ ਨੂੰ ਜੜ੍ਹੋਂ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸਰਕਾਰ ਹੁਣ ਮਸਲੇ ਹੱਲ ਕਰਨ ਤੋਂ ਭੱਜਣ ਲੱਗੀ ਹੈ। ਸਿੱਖਿਆ ਵਿਭਾਗ ਦੇ ਦਫਤਰੀ ਕਾਮਿਆ ਦੀ ਪੂਰੇ ਪੰਜਾਬ ਦੇ ਦਫ਼ਤਰਾਂ ਵਿੱਚ ਕਲਮ ਛੋੜ ਹੜਤਾਲ 20ਵੇਂ ਦਿਨ ਵੀ ਜਾਰੀ ਰਹੀ ਅਤੇ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਅੱਜ 26ਵੇਂ ਦਿਨ ਵਿੱਚ ਦਾਖਿਲ ਹੋ ਗਿਆ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਾਜੇਸ਼ ਵਾਟਸ ਫ਼ਾਜ਼ਿਲਕਾ ਨੇ ਕਿਹਾ ਕਿ ਸੂਬੇ ਦੀ ਅਫਸਰਸ਼ਾਹੀ ਸਰਕਾਰ ਦੇ ਮੰਤਰੀਆ ਨੂੰ ਟਿੱਚ ਜਾਣਦੀ ਹੈ ਅਤੇ 14 ਮਾਰਚ 2024 ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿਚ ਮਸਲਾ ਹੱਲ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਫਾਈਲਾਂ ਦੀਆ ਘੁੰਮਣਘੇਰੀਆ ਵਿਚ ਪਾਇਆ ਹੋਇਆ ਹੈ। ਦਫ਼ਤਰੀ ਮੁਲਾਜ਼ਮਾਂ ਦਾ 2020 ਤੋਂ ਮਹਿੰਗਾਈ ਭੱਤਾ ਬੰਦ ਕਰ ਦਿੱਤਾ ਗਿਆ ਹੈ ਅਤੇ 576 ਮੁਲਾਜ਼ਮਾਂ ਦੀ ਬਿਨ੍ਹਾ ਕਿਸੇ ਪੱਤਰ ਦੇ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕਟੋਤੀ ਲਗਾ ਦਿੱਤੀ ਗਈ।
Posted By:

Leave a Reply