ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਵਿਰੁੱਧ ਰੋਸ: 10 ਸਤੰਬਰ ਨੂੰ ਜਲੰਧਰ ਬੰਦ ਦੀ ਕਾਲ
ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ 'ਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਵੱਖ-ਵੱਖ ਦਲਿਤ ਅਤੇ ਵਾਲਮੀਕਿ ਜਥੇਬੰਦੀਆਂ ਵਿੱਚ ਗੁੱਸੇ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਦੇ ਰੋਸ ਵਜੋਂ ਵਾਲਮੀਕਿ ਭਾਈਚਾਰੇ ਵੱਲੋਂ ਕੱਲ੍ਹ, 10 ਸਤੰਬਰ ਨੂੰ ਜਲੰਧਰ ਸ਼ਹਿਰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਵਾਲਮੀਕਿ ਭਾਈਚਾਰੇ ਦੇ ਆਗੂਆਂ ਅਤੇ ਨੁਮਾਇੰਦਿਆਂ ਦਾ ਦੋਸ਼ ਹੈ ਕਿ ਇਸ ਤੋਂ ਪਹਿਲਾਂ ਵੀ ਇਸੇ ਸਥਾਨ 'ਤੇ ਬੇਅਦਬੀ ਦੀ ਘਟਨਾ ਵਾਪਰ ਚੁੱਕੀ ਹੈ, ਪਰ ਉਸ ਮਾਮਲੇ ਵਿੱਚ ਹੁਣ ਤੱਕ ਕੋਈ ਠੋਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਹੁਣ ਦੂਜੀ ਵਾਰ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਨੂੰ ਸਮਾਜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ। ਇਸੇ ਰੋਸ ਦੇ ਚਲਦਿਆਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਲਿਤ ਸੰਗਠਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਵਿਰੋਧ ਪ੍ਰਦਰਸ਼ਨ ਦੀ ਕੜੀ ਵਜੋਂ ਜਲੰਧਰ ਵਿੱਚ ਵੱਖ-ਵੱਖ ਸੰਗਠਨਾਂ ਵੱਲੋਂ ਕੱਲ੍ਹ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੂਰਨ ਸ਼ਹਿਰ ਬੰਦ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਇਸ ਬੰਦ ਤੋਂ ਮੁਕਤ ਰੱਖਿਆ ਜਾਵੇਗਾ। ਇਸ ਦੇ ਤਹਿਤ ਸਕੂਲ, ਕਾਲਜ, ਹਸਪਤਾਲ ਅਤੇ ਮੈਡੀਕਲ ਸਟੋਰਾਂ ਵਰਗੀਆਂ ਸੇਵਾਵਾਂ 'ਤੇ ਇਹ ਬੰਦ ਲਾਗੂ ਨਹੀਂ ਹੋਵੇਗਾ। ਜਲੰਧਰ ਬੰਦ ਦਾ ਇਹ ਸਾਂਝਾ ਫੈਸਲਾ 'ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ ਪੰਜਾਬ' ਦੇ ਪ੍ਰਧਾਨ ਰਾਜੀਵ ਗੋਰਾ ਅਤੇ 'ਭੀਮ ਕ੍ਰਾਂਤੀ ਸੈਨਾ' ਦੇ ਪ੍ਰਧਾਨ ਗੌਰਵ ਵਾਲਮੀਕਿ ਦੀ ਸਾਂਝੀ ਅਗਵਾਈ ਹੇਠ ਲਿਆ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਦੀ ਜਲਦ ਤੋਂ ਜਲਦ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Posted By: Daily Suraj Bureau