ਫਿਰੋਜ਼ਪੁਰ : ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ./ਐੱਸਐੱਸਪੀ ਦੇ ਸੰਗ’ ਪ੍ਰੋਗਰਾਮ ਤਹਿਤ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਟਾਪ ਕਰਨ ਵਾਲੀਆਂ ਜ਼ਿਲ੍ਹੇ ਦੀਆਂ ਛੇ ਹੋਣਹਾਰ ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਦੇ ਨਾਲ ਇਕ ਪ੍ਰੇਰਣਾਦਾਇਕ ਦਿਨ ਬਿਤਾਇਆ।ਅੱਜ ਸਵੇਰੇ ਇਹ ਹੋਣਹਾਰ ਵਿਦਿਆਰਥਣਾਂ ਡੀਸੀ ਨਿਵਾਸ ’ਤੇ ਪਹੁੰਚੇ, ਜਿਥੇ ਉਨ੍ਹਾਂ ਦਾ ਡਿਪਟੀ ਕਮਿਸ਼ਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਵੱਲੋਂ ਬੜੇ ਹੀ ਸੁਹਿਰਦ ਭਾਵ ਨਾਲ ਵਿਦਿਆਰਥਣਾਂ ਨਾਲ ਜਾਣ-ਪਛਾਣ ਅਤੇ ਹੋਰ ਗੱਲਬਾਤ ਕੀਤੀ ਗਈ। ਵਿਦਿਆਰਥੀਆਂ ਨੇ ਡੀਸੀ ਅਤੇ ਐੱਸਐੱਸਪੀ ਨਾਲ ਆਪਣੀ ਪੜ੍ਹਾਈ, ਦਿਲਚਸਪੀ, ਸਮਾਂ ਮੈਨੇਜਮੈਂਟ ਅਤੇ ਪੜ੍ਹਾਈ ਦੌਰਾਨ ਹੋਰ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ. ਨਾਲ ਨਾਸ਼ਤਾ ਵੀ ਕੀਤਾ।
ਇਸ ਉਪਰੰਤ ਵਿਦਿਆਰਥਣਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਐੱਸਐੱਸਪੀ ਦਫ਼ਤਰ ਦਾ ਦੌਰਾ ਵੀ ਕਰਵਾਇਆ ਗਿਆ। ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਕਾਜ, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਅਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਪ੍ਰਤੱਖ ਤੌਰ ’ਤੇ ਦੇਖਣ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਮੀਟਿੰਗ ਵਿਚ ਵੀ ਹਿੱਸਾ ਲਿਆ ਜਿਥੇ ਜ਼ਿਲ੍ਹੇ ਦੇ ਵਿਕਾਸ ਮੁੱਦਿਆਂ ’ਤੇ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਨੇ ਵਿਦਿਆਰਥੀਣਾਂ ਨਾਲ ਆਪਣੇ-ਆਪਣੇ ਪੜ੍ਹਾਈ, ਖੇਡਾਂ, ਨੌਕਰੀ ਪ੍ਰਾਪਤ ਕਰਨ ਅਤੇ ਨੌਕਰੀ ਦੌਰਾਨ ਤਜ਼ਰਬੇ ਸਾਂਝੇ ਕੀਤੇ। ਇਸ ਉਪਰੰਤ ਵਿਦਿਆਰਥੀਆਂ ਨੇ ਅਧਿਕਾਰੀਆਂ ਨਾਲ ਦੁਪਹਿਰ ਦਾ ਖਾਣਾ ਖਾਦਾ। ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨਾਲ ਸੰਵਾਦ ਸੈਸ਼ਨ ਵਿਚ ਵਿਦਿਆਰਥਣਾਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਜ਼ਿਲ੍ਹਾ ਅਧਿਕਾਰੀਆਂ ਦੇ ਪ੍ਰੇਰਨਾਦਾਇਕ ਵਿਚਾਰ ਸੁਣੇ।
ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥਣਾਂ ਨੂੰ ਆਧੁਨਿਕ ਟੈਬਲੇਟ, ਪ੍ਰਸੰਸਾ ਪੱਤਰ ਤੇ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਨਾ ਕੇਵਲ ਸਰਕਾਰੀ ਪ੍ਰਸ਼ਾਸਨ ਦੇ ਕੰਮਕਾਜ ਤੋਂ ਜਾਣੂ ਕਰਵਾਇਆ ਸਗੋਂ ਉਨ੍ਹਾਂ ਵਿਚ ਲੀਡਰਸ਼ਿਪ, ਅਨੁਸ਼ਾਸਨ ਅਤੇ ਲੋਕ ਸੇਵਾ ਦੀ ਭਾਵਨਾ ਵੀ ਭਰੀ।
ਉਨ੍ਹਾਂ ਕਿਹਾ ਕਿ ‘ਇਕ ਦਿਨ ਡੀਸੀ /ਐੱਸਐੱਸਪੀ ਦੇ ਸੰਗ’ ਵਰਗੇ ਉਪਰਾਲੇ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਇਕ ਮੀਲ ਪੱਥਰ ਸਾਬਤ ਹੋ ਸਕਦੇ ਹਨ। ਇਸ ਮੌਕੇ ਦਸਵੀਂ ਵਿੱਚੋਂ 99.38 ਫੀਸਦੀ ਅੰਕ ਪ੍ਰਾਪਤ ਕਰਨ ਵਾਲੀ ਅਨਮੋਲਪ੍ਰੀਤ ਕੌਰ, 98.15 ਫੀਸਦੀ ਅੰਕ ਪ੍ਰਾਪਤ ਕਰਨ ਵਾਲੀ ਜੋਬਨਪ੍ਰੀਤ ਕੌਰ, 98 ਫੀਸਦੀ ਅੰਕ ਪ੍ਰਾਪਤ ਕਰਨ ਵਾਲੀ ਨਿਰਮਾ ਰਾਣੀ ਅਤੇ ਬਾਰ੍ਹਵੀਂ ਵਿੱਚੋਂ 99.60 ਫੀਸਦੀ ਅੰਕ ਪ੍ਰਾਪਤ ਕਰਨ ਵਾਲੀ ਮਨਵੀਰ ਕੌਰ, 99.40 ਫੀਸਦੀ ਅੰਕ ਪ੍ਰਾਪਤ ਕਰਨ ਵਾਲੀ ਸੋਨਾਕਸ਼ੀ ਅਤੇ 98 ਫੀਸਦੀ ਅੰਕ ਪ੍ਰਾਪਤ ਕਰਨ ਵਾਲੀ ਪਲਕਪ੍ਰੀਤ ਕੌਰ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਇਕ ਵਿਲੱਖਣ ਮੌਕਾ ਸੀ ਜਿਸ ਨੇ ਉਨ੍ਹਾਂ ਨੂੰ ਪ੍ਰਸ਼ਾਸਨਿਕ ਪ੍ਰਕਿਰਿਆ, ਲੀਡਰਸ਼ਿਪ ਅਤੇ ਜਨਤਕ ਸੇਵਾ ਦੀਆਂ ਬਾਰੀਕੀਆਂ ਨੂੰ ਸਮਝਣ ਦਾ ਮੌਕਾ ਦਿੱਤਾ। ਉਨ੍ਹਾਂ ਨੇ ਇਸ ਅਨੁਭਵ ਨੂੰ ਅਭੁੱਲ ਅਤੇ ਪ੍ਰੇਰਨਾਦਾਇਕ ਦੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਟੀਚੇ ਨਿਰਧਾਰਤ ਕਰਨ ਵਿਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਸਰਕਾਰੀ ਸਕੂਲਾਂ ਦੇ ਵਿਦਿਅਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋਵੇਗੀ। ਬੱਚਿਆਂ ਦੇ ਮਾਪਿਆਂ/ਅਧਿਆਪਕਾਂ ਨੇ ਵੀ ਇਸਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਕ ਪ੍ਰੇਰਨਾਦਾਇਕ ਕਦਮ ਦੱਸਿਆ। ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਸਤਿੰਦਰ ਸਿੰਘ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਵਿਦਿਆਰਥੀਆਂ ਲਈ ਗਿਆਨ ਵਰਧਕ, ਪ੍ਰੇਰਨਾਦਾਇਕ ਹੋਣ ਦੇ ਨਾਲ-ਨਾਲ ਆਨੰਦ ਦਾਇਕ ਵੀ ਰਿਹਾ। ਇਸ ਮੌਕੇ ਵਿਦਿਆਰਥਣਾਂ ਨਾਲ ਦਿਨੇਸ਼ ਕੁਮਾਰ ਡੀਆਰਪੀ ਕੋਆਰਡੀਨੇਟਰ, ਰਾਜੀਵ ਮੋਂਗਾ ਲੈਕਚਰਾਰ, ਸੰਦੀਪ ਕੁਮਾਰ ਬੀਆਰਪੀ ਅਤੇ ਨੀਲਮ ਰਾਣੀ ਲੈਕਚਰਾਰ ਜ਼ੀਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
#FirozepurToppers #LeadershipExperience #AdministrativeTraining #StudentInspiration #PublicService #YouthEmpowerment #FutureLeaders
Leave a Reply