ਰਿਸ਼ਵਤਖੋਰੀ ਦੇ ਮਾਮਲੇ ’ਚ ਏਐਸਆਈ ਗ੍ਰਿਫ਼ਤਾਰ, ਵਿਜੀਲੈਂਸ ਨੇ ਵਿਛਾਇਆ ਜਾਲ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਬੈਂਕ ਕਲੋਨੀ, ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇੱਕ ਕੇਸ ਦਰਜ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਉਸ ਦੀ ਭੈਣ ਅਤੇ ਮਾਤਾ ਨੂੰ ਮਾਮਲੇ ਵਿੱਚ ਨਾ ਫਸਾਉਣ ਦੇ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਵੀ ਕਰ ਲਈ ਸੀ। ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਨਾ ਦੇਣ ਦਾ ਫੈਸਲਾ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਕਾਰਵਾਈ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਏਐਸਆਈ ਨੂੰ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
Posted By: Daily Suraj Bureau