Daily Suraj

ਪੰਜਾਬੀ

ਪੰਜਾਬ ਕਾਂਗਰਸ ਵਿੱਚ ਵੱਡਾ ਬਦਲਾਅ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਨੂੰ ਐਲਾਨਿਆ 'ਸਾਬਕਾ ਪ੍ਰਧਾਨ', ਹਾਈਕਮਾਂਡ ਵੱਲੋਂ ਅਸਤੀਫ਼ਾ ਪ੍ਰਵਾਨ

01 Oct, 2026 03:44 PM

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਨਵੇਂ ਐਲਾਨ ਤੋਂ ਐਨ ਪਹਿਲਾਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਨੂੰ ਪੰਜਾਬ ਕਾਂਗਰਸ ਦੇ 'ਸਾਬਕਾ ਪ੍ਰਧਾਨ' ਵਜੋਂ ਪੁਸ਼ਟੀ ਕਰ ਦਿੱਤੀ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) ਉੱਤੇ ਆਪਣੇ ਆਪ ਨੂੰ ਸਾਬਕਾ ਪ੍ਰਧਾਨ ਐਲਾਨ ਦਿੱਤਾ ਹੈ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ कि ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਇਸ ਘਟਨਾਕ੍ਰਮ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਸਰਗਰਮੀ ਕਾਫ਼ੀ ਤੇਜ਼ ਹੋ ਗਈ ਹੈ। ਸੂਤਰਾਂ ਅਨੁਸਾਰ, ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਨੂੰ ਠੱਲ੍ਹ ਪਾਉਣ ਲਈ ਆਖ਼ਰਕਾਰ ਹਾਈਕਮਾਂਡ ਨੇ ਆਪਣਾ ਫ਼ੈਸਲਾ ਬਦਲ ਲਿਆ ਹੈ। ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਨੇ ਜਨਤਕ ਤੌਰ 'ਤੇ ਰਾਜਾ ਵੜਿੰਗ ਵਿਰੁੱਧ ਮੋਰਚਾ ਖੋਲ੍ਹਿਆ ਸੀ, ਤਾਂ ਸ਼ੁਰੂ ਵਿੱਚ ਹਾਈਕਮਾਂਡ ਨੇ ਕਿਸੇ ਵੀ ਧੜੇ ਦੇ ਦਬਾਅ ਹੇਠ ਝੁਕਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਹਾਲਾਂਕਿ, ਹੁਣ ਹਾਈਕਮਾਂਡ ਨੇ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੂੰ ਬਦਲਿਆ ਅਤੇ ਹੁਣ ਰਾਜਾ ਵੜਿੰਗ ਨੂੰ ਵੀ ਅਹੁਦੇ ਤੋਂ ਲਾਂਭੇ ਕਰ ਦਿੱਤਾ ਹੈ। ਇਸ ਨੂੰ ਚੰਨੀ ਧੜੇ ਦੀ ਵੱਡੀ ਸਫ਼ਲਤਾ ਵਜੋਂ ਦੇਖਿਆ ਜਾ ਰਿਹਾ ਹੈ, ਕਿਉਂਕਿ ਬਘੇਲ ਨੂੰ ਬਦਲੇ ਜਾਣ ਤੋਂ ਬਾਅਦ ਹੁਣ ਵੜਿੰਗ ਦੀ ਛੁੱਟੀ ਨਾਲ ਵੀ ਇਸ ਧੜੇ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ। ਕਾਂਗਰਸ ਹਾਈਕਮਾਂਡ ਵੱਲੋਂ ਹੁਣ ਪੰਜਾਬ ਕਾਂਗਰਸ ਦੀ ਨਵੀਂ ਕਮਾਨ ਕਿਸੇ ਵੀ ਸਮੇਂ ਕਿਸੇ ਨਵੇਂ ਚਿਹਰੇ ਨੂੰ ਸੌਂਪੀ ਜਾ ਸਕਦੀ ਹੈ। ਇਸ ਦੌੜ ਵਿੱਚ ਕਾਂਗਰਸੀ ਵਿਧਾਇਕ ਪਰਗਟ ਸਿੰਘ, ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦੇ ਨਾਮ ਸਭ ਤੋਂ ਅੱਗੇ ਚੱਲ ਰਹੇ ਹਨ। ਫ਼ਿਲहाल ਸਾਰੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਹਾਈਕਮਾਂਡ ਦੇ ਅਗਲੇ ਵੱਡੇ ਫ਼ੈਸਲੇ 'ਤੇ ਟਿਕੀਆਂ ਹੋਈਆਂ ਹਨ।

Latest News