ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਜਲੌ ਸਜਾਏ ਗਏ ਸਨ।ਅਧਿਕਾਰੀਆਂ ਮੁਤਾਬਕ, ਗੁਰਦੁਆਰਾ ਮੰਜੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਦੀਪਮਾਲਾ ਕੀਤੀ ਜਾਵੇਗੀ ਅਤੇ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਇਸ ਤੋਂ ਇਲਾਵਾ, ਸਵੇਰੇ ਸਿੱਖ ਸੰਗਤ ਵੱਲੋਂ ਗੁਰਦੁਆਰਾ ਭਾਈ ਵੀਰ ਸਿੰਘ ਨਿਵਾਸ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਪ੍ਰਭਾਤ ਫੇਰੀ ਵੀ ਸਜਾਈ ਗਈ। ਗੁਰਪੁਰਬ ਦੇ ਇਸ ਮੌਕੇ ’ਤੇ ਸਿੱਖ ਸੰਗਤਾਂ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਾਏ ਗਏ ਹਨ। ਇਸ ਦੇ ਨਾਲ ਹੀ ਵੱਖ-ਵੱਖ ਹੋਰ ਗੁਰਦੁਆਰਿਆਂ ਵਿੱਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ।