ਪੰਜਾਬ ਵਿਧਾਨ ਸਭਾ ਬਜਟ ਸੈਸ਼ਨ: ਸੁਖਪਾਲ ਖਹਿਰਾ ਦੇ ਬਿਆਨ ‘ਤੇ ਅੱਜ ਫਿਰ ਹੰਗਾਮੇ ਦੀ ਸੰਭਾਵਨਾ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ ਅਤੇ ਕਾਂਗਰਸ ਵਿਧਾਇਕ Sukhpal Singh Khaira ਦੇ ਇੱਕ ਵਿਵਾਦਿਤ ਬਿਆਨ ਕਾਰਨ ਸੈਸ਼ਨ ਵਿੱਚ ਅੱਜ ਵੀ ਹੰਗਾਮਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਬੀਤੇ ਦਿਨ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਕੀਤੀ ਗਈ ਇੱਕ ਪੋਸਟ ਨੂੰ ਲੈ ਕੇ ਵਿਧਾਨ ਸਭਾ ਵਿੱਚ ਤੀਖ਼ੀ ਪ੍ਰਤੀਕ੍ਰਿਆ ਸਾਹਮਣੇ ਆਈ ਸੀ। ਉਨ੍ਹਾਂ ਦੀ ਪੋਸਟ, ਜਿਸ ਵਿੱਚ ਲਿਖਿਆ ਸੀ “ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ”, ਨੂੰ ਲੈ ਕੇ ਸਦਨ ਵਿੱਚ ਕਾਫ਼ੀ ਹੰਗਾਮਾ ਹੋਇਆ। ਇਸ ਮਾਮਲੇ ਦੀ ਵਿਧਾਨ ਸਭਾ ਵਿੱਚ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਸ ਸਬੰਧੀ ਮਹਿਲਾ ਵਿਧਾਇਕ Sarvjit Kaur Manunke ਵੱਲੋਂ ਨਿੰਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸਨੂੰ ਸਦਨ ਨੇ ਪਾਸ ਕਰ ਦਿੱਤਾ। ਦੂਜੇ ਪਾਸੇ, ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਕਿ Aam Aadmi Party ਦੇ ਵਿਧਾਇਕਾਂ ਨੇ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਵਿਧਾਨ ਸਭਾ ਵਿੱਚ ਨਿੰਦਾ ਪ੍ਰਸਤਾਵ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਇਲਜ਼ਾਮ ਦਾ ਜਵਾਬ ਦੇਣ ਲਈ ਤਿਆਰ ਹਨ ਅਤੇ ਜੇ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਬੋਲਣ ਦਾ ਮੌਕਾ ਮਿਲਦਾ ਹੈ ਤਾਂ ਉਹ ਆਪਣਾ ਪੱਖ ਸਪਸ਼ਟ ਤੌਰ ‘ਤੇ ਰੱਖਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਉਹ ਆਪਣੇ ਬਿਆਨ ਬਾਰੇ ਸਦਨ ਵਿੱਚ ਵਿਆਖਿਆ ਵੀ ਦੇ ਸਕਦੇ ਹਨ। ਇਸ ਵਿਵਾਦ ਦੇ ਮੱਦੇਨਜ਼ਰ Punjab State Women Commission ਨੇ ਮਾਮਲੇ ਦਾ ਸੁਓ ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਨੇ ਸੁਖਪਾਲ ਸਿੰਘ ਖਹਿਰਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ Amarinder Singh Raja Warring ਨੂੰ ਤਲਬ ਕੀਤਾ ਹੈ। ਕਮਿਸ਼ਨ ਦੀ ਚੇਅਰਪਰਸਨ ਨੇ ਸਪੱਸ਼ਟ ਕੀਤਾ ਹੈ ਕਿ ਸਿਆਸੀ ਲਾਭ ਲਈ ਔਰਤਾਂ ਖ਼ਿਲਾਫ਼ ਭੱਦੀ ਭਾਸ਼ਾ ਦੀ ਵਰਤੋਂ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਸਐਸਪੀ ਕਪੂਰਥਲਾ ਰਾਹੀਂ ਦੋਵਾਂ ਆਗੂਆਂ ਨੂੰ ਨੋਟਿਸ ਭੇਜੇ ਗਏ ਹਨ ਅਤੇ ਉਨ੍ਹਾਂ ਨੂੰ 12 ਮਾਰਚ ਨੂੰ ਮਹਿਲਾ ਕਮਿਸ਼ਨ ਦੇ ਦਫ਼ਤਰ ਵਿੱਚ ਨਿੱਜੀ ਤੌਰ ‘ਤੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ।
Posted By: Daily Suraj Bureau