Daily Suraj

ਪੰਜਾਬੀ

ਪਰਵਿੰਦਰ ਝੋਟਾ ਕੇਸ: ਸੰਘਰਸ਼ ਨੂੰ ਹੋਰ ਤਰੋਤਾਜ਼ਾ ਤੇ ਵਿਸ਼ਾਲ ਕਰਨ ਲਈ 'ਐਕਸ਼ਨ ਕਮੇਟੀ ਮਾਨਸਾ' ਵੱਖ-ਵੱਖ ਧਿਰਾਂ ਨੂੰ ਭੇਜੇਗੀ ਲਿਖਤੀ ਪੱਤਰ

27 Oct, 2026 10:57 AM

ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਅਤੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੇ ਆਂਦੋਲਨ ਨੂੰ ਹੋਰ ਵਿਸ਼ਾਲ ਰੂਪ ਦੇਣ ਲਈ 'ਐਕਸ਼ਨ ਕਮੇਟੀ ਮਾਨਸਾ' ਨੇ ਵੱਡਾ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਕਮੇਟੀ ਵੱਲੋਂ ਸੂਬੇ ਦੀਆਂ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਪੰਥਕ ਜਥੇਬੰਦੀਆਂ ਨੂੰ ਲਿਖਤੀ ਪੱਤਰ ਭੇਜ ਕੇ ਇਸ ਸੰਘਰਸ਼ ਵਿੱਚ ਸਰਗਰਮ ਸ਼ਮੂਲੀਅਤ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਵੇਗੀ। ਕਮੇਟੀ ਦਾ ਮੁੱਖ ਮਕਸਦ ਇਸ ਮੁਹਿੰਮ ਨੂੰ ਹਰ ਵਰਗ ਤੱਕ ਪਹੁੰਚਾ ਕੇ ਨਸ਼ਿਆਂ ਵਿਰੁੱਧ ਇੱਕ ਵਿਆਪਕ ਲੋਕ ਅੰਦੋਲਨ ਖੜ੍ਹਾ ਕਰਨਾ ਹੈ। ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਅਤੇ ਪਤਨੀ ਮਨਪ੍ਰੀਤ ਕੌਰ ਦੇ ਹਵਾਲੇ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇੱਕ ਪਰਿਵਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦਾ ਸਾਂਝਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਪੰਜਾਬ ਦੀ ਜਵਾਨੀ ਨੂੰ ਇਸ ਬੁਰਾਈ ਤੋਂ ਬਚਾਉਣਾ ਬੇਹੱਦ ਜ਼ਰੂਰੀ ਹੈ, ਜਿਸ ਲਈ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਦਾ ਇੱਕ ਮੰਚ 'ਤੇ ਆਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਮਨਪ੍ਰੀਤ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰਾਂ ਦੀ ਪੀੜ ਪੂਰੇ ਸਮਾਜ ਲਈ ਚਿੰਤਾ ਦਾ ਦਾਇਰਾ ਹੋਣੀ ਚਾਹੀਦੀ ਹੈ। ਝੋਟਾ ਦੇ ਪਰਿਵਾਰ ਨਾਲ ਖੜ੍ਹਨਾ ਅਸਲ ਵਿੱਚ ਉਨ੍ਹਾਂ ਸਾਰੇ ਪੀੜਤ ਪਰਿਵਾਰਾਂ ਦੀ ਆਵਾਜ਼ ਬਣਨਾ ਹੈ ਜਿਨ੍ਹਾਂ ਦੇ ਦੁੱਖ ਚਾਰਦੀਵਾਰੀ ਅੰਦਰ ਦੱਬ ਕੇ ਰਹਿ ਜਾਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਰੀਆਂ ਮੰਗਾਂ ਮੰਨੇ ਜਾਣ ਵਾਲੇ ਦਾਅਵੇ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ ਮੁੱਖ ਮੰਗਾਂ ਬਾਰੇ ਅਜੇ ਤੱਕ ਕੋਈ ਗੱਲਬਾਤ ਹੀ ਨਹੀਂ ਹੋਈ ਹੈ। ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਨੇ ਕਿਹਾ ਕਿ ਸਮੁੱਚੇ ਪੰਜਾਬੀ ਸਮਾਜ ਦੀਆਂ ਚਿੰਤਾਵਾਂ ਸਾਂਝੀਆਂ ਹਨ। ਹਰ ਮਾਂ-ਬਾਪ ਆਪਣੇ ਬੱਚਿਆਂ ਦੀ ਸੁਰੱਖਿਆ, ਚੰਗੀ ਸਿੱਖਿਆ ਅਤੇ ਰੋਜ਼ਗਾਰ ਚਾਹੁੰਦਾ ਹੈ। ਉਨ੍ਹਾਂ ਨੇ ਸਾਰੀਆਂ ਜਥੇਬੰਦੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਨੇ ਵੀ ਪਹਿਲੀ ਵਾਰ ਧਰਨਾ ਸਥਾਨ 'ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ ਅਤੇ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ 'ਚੋਂ ਕੱਢਣ ਲਈ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ।

Latest News