Daily Suraj

ਪੰਜਾਬੀ

ਸਰਹੱਦ ਪਾਰ ਤਸਕਰੀ ਮਾਡਿਊਲ ਬੇਨਕਾਬ, ਡਰੋਨ ਤੇ 21 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

22 Mar, 2026 04:38 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 24.5 ਕਿਲੋਗ੍ਰਾਮ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਇੱਕ ਮਲਟੀ-ਕਾਪਟਰ ਡਰੋਨ ਵੀ ਜ਼ਬਤ ਕੀਤਾ ਗਿਆ ਹੈ, ਜਿਸਦੀ ਵਰਤੋਂ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਭੇਜਣ ਲਈ ਕੀਤੀ ਜਾਂਦੀ ਸੀ। ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਜਗਜੀਤ ਸਿੰਘ ਉਰਫ਼ ਰਾਣਾ, ਪਿੰਡ ਔਲਖ ਖੁਰਦ ਦੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਪਿੰਡ ਧੂਪਸੜੀ ਦੇ ਰੌਸ਼ਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇੱਕ ਐਸਯੂਵੀ ਮਹਿੰਦਰਾ ਥਾਰ ਸਮੇਤ ਦੋ ਕਾਰਾਂ ਵੀ ਜ਼ਬਤ ਕੀਤੀਆਂ ਹਨ, ਜਿਨ੍ਹਾਂ ਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਕੀਤੀ ਜਾਂਦੀ ਸੀ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸਿੱਧੇ ਸੰਪਰਕ ਸਨ। ਉਨ੍ਹਾਂ ਕਿਹਾ ਕਿ ਡੂੰਘੀ ਤਕਨੀਕੀ ਜਾਂਚ ਦੇ ਆਧਾਰ ‘ਤੇ ਪੁਲਿਸ ਅਤੇ ਬੀਐਸਐਫ ਟੀਮਾਂ ਨੇ ਇਸ ਸਰਹੱਦ ਪਾਰ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਹੋਰ ਜਾਣਕਾਰੀ ਦਿੰਦਿਆਂ ਏ.ਐਨ.ਟੀ.ਐਫ. ਦੇ ਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਦੋ ਪੜਾਵਾਂ ਵਿੱਚ ਕੀਤੀ ਗਈ। ਪਹਿਲੇ ਪੜਾਅ ਵਿੱਚ ਇੱਕ ਮਲਟੀ-ਕਾਪਟਰ ਡਰੋਨ ਦੇ ਨਾਲ 12.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਤੋਂ ਬਾਅਦ ਡਰੋਨ ਦੇ ਤਕਨੀਕੀ ਡਾਟਾ, ਲੈਟੀਟਿਊਡ-ਲੌਂਗੀਟਿਊਡ ਅਤੇ ਟਾਵਰ ਡੰਪਸ ਦੇ ਵਿਸ਼ਲੇਸ਼ਣ ਤੋਂ ਬਾਅਦ ਮਨਪ੍ਰੀਤ ਸਿੰਘ ਦੇ ਘਰੋਂ ਹੋਰ 12.4 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਨਾਲ ਕੁੱਲ ਬਰਾਮਦਗੀ 24.5 ਕਿਲੋਗ੍ਰਾਮ ਹੋ ਗਈ। ਐਸਪੀ ਨੇ ਇਹ ਵੀ ਖੁਲਾਸਾ ਕੀਤਾ ਕਿ ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗ ਮਨੀ ਨਾਲ ਮਹਿੰਗੇ ਅਤੇ ਪੌਸ਼ ਇਲਾਕਿਆਂ ਵਿੱਚ ਜਾਇਦਾਦਾਂ ਖਰੀਦੀਆਂ ਸਨ ਅਤੇ ਉਹ ਮਹਿੰਗੀਆਂ ਕਾਰਾਂ ਦਾ ਸ਼ੌਕੀਨ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 43 ਮਿਤੀ 2 ਮਾਰਚ 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 23 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 25, 26 ਅਤੇ 29 ਤਹਿਤ ਥਾਣਾ ਏ.ਐਨ.ਟੀ.ਐਫ. ਐਸਏਐਸ ਨਗਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

Posted By: Daily Suraj Bureau

Latest News