ਬਠਿੰਡਾ ਫਲ ਮੰਡੀ ਵਿੱਚ ਚੋਰੀ ਦੇ ਸ਼ੱਕ ਹੇਠ ਦੋ ਨੌਜਵਾਨਾਂ ਦੀ ਕੁੱਟਮਾਰ, ਵੀਡੀਓ ਵਾਇਰਲ
- ਪੰਜਾਬ
- (Asia/Kolkata)
ਬਠਿੰਡਾ ਦੀ ਸਥਾਨਕ ਫਲ ਮੰਡੀ ਵਿੱਚ ਬੁੱਧਵਾਰ ਸਵੇਰੇ ਇੱਕ ਅਜਿਹੀ ਘਟਨਾ ਸਾਹਮਣੇ ਆਈ, ਜਿਸ ਨੇ ਮਨੁੱਖਤਾ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ। ਚੋਰੀ ਦੇ ਸ਼ੱਕ ਹੇਠ ਮੰਡੀ ਵਿੱਚ ਮਜ਼ਦੂਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਇੱਕ ਖੰਭੇ ਨਾਲ ਬੰਨ੍ਹ ਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਜਾਣਕਾਰੀ ਅਨੁਸਾਰ, ਦੋਵਾਂ ਨੌਜਵਾਨਾਂ 'ਤੇ ਦੋਸ਼ ਸੀ ਕਿ ਉਨ੍ਹਾਂ ਨੇ ਮੰਡੀ ਵਿੱਚ ਪਏ ਫਲ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਦੁਕਾਨਦਾਰਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਕਾਨੂੰਨ ਆਪਣੇ ਹੱਥ ਵਿੱਚ ਲੈਂਦਿਆਂ ਦੋਵਾਂ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ। ਦੱਸਿਆ ਗਿਆ ਹੈ ਕਿ ਬਾਅਦ ਵਿੱਚ ਮੰਡੀ ਵਿੱਚ ਤਾਇਨਾਤ ਦੋ ਮਹਿਲਾ ਪ੍ਰਾਈਵੇਟ ਸੁਰੱਖਿਆ ਗਾਰਡਾਂ ਨੇ ਵੀ ਉਨ੍ਹਾਂ ਨਾਲ ਮਾਰਕੁੱਟ ਕੀਤੀ। ਘਟਨਾ ਦੀ ਪੂਰੀ ਵੀਡੀਓ ਕੈਮਰੇ ਵਿੱਚ ਰਿਕਾਰਡ ਹੋ ਗਈ, ਜੋ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਈ ਲੋਕਾਂ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ। ਕੁੱਟਮਾਰ ਤੋਂ ਬਾਅਦ ਦੁਕਾਨਦਾਰਾਂ ਨੇ ਦੋਵਾਂ ਨੌਜਵਾਨਾਂ ਨੂੰ ਸਥਾਨਕ ਪੁਲੀਸ ਦੇ ਹਵਾਲੇ ਕਰ ਦਿੱਤਾ। ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਏ.ਐੱਸ.ਆਈ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਫਲ ਵਿਕਰੇਤਾ ਵੱਲੋਂ ਇੱਕ ਲਿਖਤੀ ਬੇਨਤੀ ਪੱਤਰ ਮਿਲਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਦੋਵਾਂ ਨੌਜਵਾਨਾਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਵਾਉਣਾ ਚਾਹੁੰਦਾ। ਏ.ਐੱਸ.ਆਈ. ਅੰਮ੍ਰਿਤਪਾਲ ਸਿੰਘ ਦੇ ਅਨੁਸਾਰ, ਜਦੋਂ ਸ਼ਿਕਾਇਤਕਰਤਾ ਖੁਦ ਹੀ ਕਾਰਵਾਈ ਨਹੀਂ ਚਾਹੁੰਦਾ, ਤਾਂ ਮੌਜੂਦਾ ਹਾਲਾਤ ਵਿੱਚ ਪੁਲੀਸ ਵੱਲੋਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ। ਲਿਖਤੀ ਸਮਝੌਤਾ ਮਿਲਣ ਤੋਂ ਬਾਅਦ ਫਿਲਹਾਲ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਰੋਕ ਦਿੱਤੀ ਗਈ ਹੈ।
Leave a Reply