ਬਹਿਰੀਨ ਤੋਂ ਔਰਤ ਲਿਆ ਕੇ ਮੇਰੀ ਕਿਰਦਾਰਕੁਸ਼ੀ ਕੀਤੀ ਗਈ: ਗਿਆਨੀ ਹਰਪ੍ਰੀਤ ਸਿੰਘ
- ਪੰਜਾਬ
- (Asia/Kolkata)
ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ ਜਨਾਹ ਦਾ ਕੇਸ ਦਰਜ ਕਰਵਾਉਣ ਵਾਲੀ ਔਰਤ ਨੂੰ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਬਹਿਰੀਨ ਤੋਂ ਭਾਰਤ ਲਿਆਂਦਾ ਗਿਆ ਸੀ। ਉਨ੍ਹਾਂ ਇਹ ਦੋਸ਼ ਚੰਡੀਗੜ੍ਹ ਵਿੱਚ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਗਾਏ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੁਝ ਲੋਕ ਦੋ ਦਸੰਬਰ ਦੇ ਹੁਕਮਨਾਮਿਆਂ ਦਾ ਬਦਲਾ ਲੈਣ ਲਈ ਹੇਠਲੇ ਪੱਧਰ ਤੱਕ ਚਲੇ ਗਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਵਿਦੇਸ਼ ਤੋਂ ਲਿਆਂਦੀ ਗਈ ਔਰਤ ਨੂੰ ਉਨ੍ਹਾਂ ਦੇ ਖ਼ਿਲਾਫ਼ ਵਰਤਣ ਲਈ ਸ਼੍ਰੋਮਣੀ ਕਮੇਟੀ ਵਿੱਚ ਰਹਾਇਸ਼ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਹੁਣ ਪੂਰੇ ਮਾਮਲੇ ਦੀ ਜ਼ਿੰਮੇਵਾਰੀ ਇਕ ਵਿਅਕਤੀ ’ਤੇ ਪਾ ਕੇ ਵੱਡੀ ਸਾਜ਼ਿਸ਼ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਜਾਂਚ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਬਣਾਈ ਜਾਣ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਬਹਿਰੀਨ ਤੋਂ ਔਰਤ ਨੂੰ ਭਾਰਤ ਲਿਆਉਣ ਪਿੱਛੇ ਦੇ ਕਾਰਨਾਂ ਅਤੇ ਮਨਸ਼ਿਆਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਪੁਲੀਸ ਦੀ ਕਾਰਵਾਈ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜਦੋਂ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ 21 ਅਗਸਤ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਜਬਰ ਜਨਾਹ ਦਾ ਕੇਸ ਦਰਜ ਕੀਤਾ ਗਿਆ ਸੀ ਤਾਂ ਉਸ ਦੇ ਖ਼ਿਲਾਫ਼ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਕਾਰਵਾਈ ਵਿੱਚ ਕਥਿਤ ਢਿੱਲ ਕਾਰਨ ਉਹ ਵਿਦੇਸ਼ ਜਾਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਤਾ ਹੈ ਕਿ ਬਹਿਰੀਨ ਤੋਂ ਪੀੜਤ ਔਰਤ ਨੂੰ ਭਾਰਤ ਕੌਣ ਲੈ ਕੇ ਆਇਆ ਸੀ ਅਤੇ ਕਿਸ ਮੰਤਵ ਨਾਲ ਲਿਆਂਦਾ ਗਿਆ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸਵਾਲ ਕੀਤਾ ਕਿ ਔਰਤ ਛੇ ਮਹੀਨੇ ਤੱਕ ਗੁਰੂ ਘਰ ਦੀ ਸਰਾਂ ਵਿੱਚ ਕਿਵੇਂ ਰਹਿੰਦੀ ਰਹੀ ਅਤੇ ਉਸ ਨੂੰ ਸਾਰੀਆਂ ਸਹੂਲਤਾਂ ਕਿਵੇਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਲੋਂ ਇਸ ਮਾਮਲੇ ਸਬੰਧੀ ਅਗਿਆਨਤਾ ਪ੍ਰਗਟਾਉਣ ’ਤੇ ਵੀ ਹੈਰਾਨੀ ਜਤਾਈ ਅਤੇ ਕਿਹਾ ਕਿ ਉਹ ਵੀ ਇਸ ਅਹੁਦੇ ’ਤੇ ਬਣੇ ਰਹਿਣ ਦੇ ਹੱਕਦਾਰ ਨਹੀਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਇਸ ਮਾਮਲੇ ਲਈ ਜ਼ਿੰਮੇਵਾਰ ਮੰਨੇ ਜਾਂਦੇ ਵਿਅਕਤੀਆਂ ਦੇ ਅਸਤੀਫ਼ਿਆਂ ਦੀ ਮੰਗ ਲਈ ਅਕਾਲ ਤਖ਼ਤ ’ਤੇ ਲਗਾਤਾਰ 11 ਦਿਨ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਸਰਵਣ ਸਿੰਘ ਫਿਲੌਰ, ਮਨਜੀਤ ਸਿੰਘ, ਗੋਬਿੰਦ ਸਿੰਘ ਲੌਂਗੋਵਾਲ, ਗਗਨਜੀਤ ਸਿੰਘ ਬਰਨਾਲਾ, ਜਸਟਿਸ ਨਿਰਮਲ ਸਿੰਘ, ਦਵਿੰਦਰ ਸਿੰਘ ਸੋਢੀ, ਕਰਨੈਲ ਸਿੰਘ ਪੀਰਮੁਹੰਮਦ, ਗੁਰਜੀਤ ਸਿੰਘ ਤਲਵੰਡੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
Leave a Reply