ਸਫਾਈ ਸੇਵਕਾਂ ਨੇ 30 ਜੁਲਾਈ ਨੂੰ ਪੰਜਾਬ ਬੰਦ ਦਾ ਕੀਤਾ ਐਲਾਨ, ਸੰਘਰਸ਼ ਹੋਵੇਗਾ ਹੋਰ ਤੇਜ਼
- ਪੰਜਾਬ
- (Asia/Kolkata)
ਪੰਜਾਬ ਭਰ ਦੇ ਸਫਾਈ ਸੇਵਕਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰਦਿਆਂ 30 ਜੁਲਾਈ (ਵੀਰਵਾਰ) ਨੂੰ ਪੰਜਾਬ ਪੱਧਰੀ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਬਰਨਾਲਾ ਸਫਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਗੁਲਸ਼ਨ ਕੁਮਾਰ ਨੇ ਦੱਸਿਆ ਕਿ ਬਰਨਾਲਾ ਵਿੱਚ ਸਫਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਅਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਵਿਰੋਧ ਵਜੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ 30 ਜੁਲਾਈ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਉਸ ਦਿਨ ਪੰਜਾਬ ਭਰ ਵਿੱਚ ਪੂਰਨ ਬੰਦ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਫਾਈ ਸੇਵਕ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਧਰ, ਬਰਨਾਲਾ ਵਿੱਚ ਸਫਾਈ ਸੇਵਕਾਂ ‘ਤੇ ਹੋਏ ਕਥਿਤ ਤਸ਼ੱਦਦ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਬਰਨਾਲਾ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀ ਸਫਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਚੱਲ ਰਹੇ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ। ਰਾਜਨੀਤਿਕ ਆਗੂਆਂ ਨੇ ਕਿਹਾ ਕਿ ਸਫਾਈ ਸੇਵਕ ਆਪਣੇ ਹੱਕਾਂ ਲਈ ਜੋ ਵੀ ਸੰਘਰਸ਼ ਦਾ ਐਲਾਨ ਕਰਨਗੇ, ਉਹ ਉਸ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।
Leave a Reply