ਭਾਰਤ ਤੋਂ ਕੈਨੇਡਾ ਤੱਕ ਪੰਜਾਬੀ ਕਲਾਕਾਰਾਂ 'ਤੇ ਮੰਡਰਾ ਰਿਹਾ ਖ਼ਤਰਾ, ਗੈਂਗਸਟਰਾਂ ਦੀਆਂ ਧਮਕੀਆਂ ਨਾਲ ਇੰਡਸਟਰੀ 'ਚ ਦਹਿਸ਼ਤ
- ਪੰਜਾਬ
- (Asia/Kolkata)
ਪੰਜਾਬੀ ਗਾਇਕ ਅਤੇ ਅਦਾਕਾਰ ਗੁਲਾਬ ਸਿੱਧੂ ਦੇ ਬਰਨਾਲਾ ਸਥਿਤ ਪਿੰਡ ਫਰਵਾਹੀ ਵਾਲੇ ਘਰ 'ਤੇ ਲੰਘੀ ਸ਼ਨੀਵਾਰ ਅੱਧੀ ਰਾਤ ਨੂੰ ਹੋਈ ਗੋਲੀਬਾਰੀ ਨੇ ਪੰਜਾਬੀ ਮਨੋਰੰਜਨ ਜਗਤ ਵਿੱਚ ਇੱਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਮੁੱਖ ਗੇਟ 'ਤੇ ਛੇ ਰੌਂਦ ਫਾਇਰ ਕੀਤੇ ਜਾਣ ਦੀ ਸੀਸੀਟੀਵੀ ਫੁਟੇਜ ਵਾਇਰਲ ਹੋਣ ਦੇ ਬਾਵਜੂਦ ਘਟਨਾ ਦੇ ਤਿੰਨ ਦਿਨ ਬੀਤ ਜਾਣ 'ਤੇ ਵੀ ਬਰਨਾਲਾ ਪੁਲਿਸ ਦੀ ਚੁੱਪ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਦੂਜੇ ਪਾਸੇ, ਭਗੌੜੇ ਗੈਂਗਸਟਰ ਬਲਵਿੰਦਰ ਸਿੰਘ ਉਰਫ਼ ਡੋਨੀ ਬੱਲ ਨੇ ਕਥਿਤ ਆਡੀਓ ਕਲਿੱਪ ਜਾਰੀ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਗੁਲਾਬ ਸਿੱਧੂ ਦੇ ਘਰ ਹੋਈ ਫਾਇਰਿੰਗ ਕੋਈ ਵੱਖਰੀ ਘਟਨਾ ਨਹੀਂ ਹੈ, ਬਲਕਿ ਪਿਛਲੇ ਕੁਝ ਸਾਲਾਂ ਵਿੱਚ ਕਈ ਪ੍ਰਮੁੱਖ ਪੰਜਾਬੀ ਕਲਾਕਾਰਾਂ ਨੂੰ ਅਪਰਾਧਿਕ ਅਨਸਰਾਂ ਅਤੇ ਗੈਂਗਸਟਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਸਾਲ 2018 ਵਿੱਚ ਮੁਹਾਲੀ ਵਿਖੇ ਮਸ਼ਹੂਰ ਗਾਇਕ ਪਰਮੀਸ਼ ਵਰਮਾ 'ਤੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਤੋਂ ਬਾਅਦ ਮਈ 2022 ਵਿੱਚ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਹਮਲੇ ਹੁਣ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਰਹੇ, ਬਲਕਿ ਵਿਦੇਸ਼ਾਂ ਵਿੱਚ ਵੀ ਪੰਜਾਬੀ ਕਲਾਕਾਰਾਂ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਚੁੱਕੇ ਹਨ। ਕੈਨੇਡਾ ਵਿੱਚ ਗਾਇਕ ਕਰਨ ਔਜਲਾ ਦੇ ਘਰ 'ਤੇ ਕਈ ਵਾਰ ਹਮਲੇ ਹੋਏ, ਜਦੋਂ ਕਿ ਸਾਲ 2023 ਵਿੱਚ ਗਾਇਕ ਗਿੱਪੀ ਗਰੇਵਾਲ ਦੇ ਘਰ ਬਾਹਰ ਗੋਲੀਬਾਰੀ ਕੀਤੀ ਗਈ ਸੀ। ਇਸੇ ਲੜੀ ਵਿੱਚ ਸਾਲ 2024 ਵਿੱਚ ਗਾਇਕ ਏਪੀ ਢਿੱਲੋਂ ਦੇ ਕੈਨੇਡਾ ਸਥਿਤ ਘਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਹਾਲ ਹੀ ਵਿੱਚ ਕੈਨੇਡਾ ਵਿੱਚ ਪੰਜਾਬੀ ਗਾਇਕ ਐਮੀ ਵਿਰਕ ਨਾਲ ਸਬੰਧਤ ਇੱਕ ਵਾਹਨ 'ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਇਨ੍ਹਾਂ ਤੋਂ ਇਲਾਵਾ, ਹਾਸਰਸ ਕਲਾਕਾਰ ਕਪਿਲ ਸ਼ਰਮਾ ਦੇ ਕੈਫੇ 'ਤੇ ਪਿਛਲੇ ਸਾਲ ਤਿੰਨ ਵੱਖ-ਵੱਖ ਫਾਇਰਿੰਗ ਦੀਆਂ ਘਟਨਾਵਾਂ ਵਾਪਰੀਆਂ ਸਨ, ਜਦੋਂ ਕਿ ਗਾਇਕ ਮਨਕੀਰਤ ਔਲਖ ਨੂੰ ਵੀ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਇੱਕ ਪ੍ਰਮੁੱਖ ਗਾਇਕ ਦੇ ਪਰਿਵਾਰਕ ਮੈਂਬਰ ਅਨੁਸਾਰ, ਸਖ਼ਤ ਮਿਹਨਤ ਤੋਂ ਬਾਅਦ ਹਾਸਲ ਕੀਤੀ ਸ਼ੋਹਰਤ ਅਤੇ ਕਮਾਇਆ ਪੈਸਾ ਹੁਣ ਕਲਾਕਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੁਰੱਖਿਆ ਦਾ ਵੱਡਾ ਸੰਕਟ ਬਣ ਗਿਆ ਹੈ, ਜਿਸ ਨਾਲ ਪੂਰੀ ਇੰਡਸਟਰੀ ਵਿੱਚ ਸਹਿਮ ਦਾ ਮਾਹੌਲ ਹੈ।
Leave a Reply