ਵਿਧਾਇਕ ਗਿਆਸਪੁਰਾ ਨੇ ਪਿੰਡ ਰਾਈਮਾਜਰਾ 'ਚ ਸਾਢੇ 32 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸੜਕ ਦਾ ਰੱਖਿਆ ਨੀਹ ਪੱਥਰ
ਪਾਇਲ/ ਖੰਨਾ(ਹਰਪ੍ਰੀਤ ਸਿੰਘ ਪ੍ਰਿੰਸ)- ਪਾਇਲ ਹਲਕੇ ਦੇ ਪਿੰਡ ਰਾਈਮਾਜਰਾ ਦੇ ਵਾਸੀਆਂ ਲਈ ਅੱਜ ਦਾ ਦਿਨ ਇਤਿਹਾਸਕ ਸਾਬਤ ਹੋਇਆ, ਜਦੋਂ 25 ਸਾਲਾਂ ਤੋਂ ਨਿਰਮਾਣ ਦੀ ਉਡੀਕ ਕਰ ਰਹੀ ਸੜਕ ਦੀ ਆਖ਼ਰਕਾਰ ਸੁਧ ਲੈ ਲਈ ਗਈ। ਪਿਛਲੇ ਦੋ ਢਾਈ ਦਹਾਕਿਆਂ ਦੌਰਾਨ ਕਈ ਸਰਕਾਰਾਂ ਆਈਆਂ ਤੇ ਗਈਆਂ, ਪਰ ਇਸ ਟੁੱਟੀ ਤੇ ਖਤਮ ਹੋ ਚੁੱਕੀ ਸੜਕ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ, ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਵਾਸੀਆਂ ਦੀ ਬਾਂਹ ਫੜਦਿਆਂ ਇਸ ਸੜਕ ਦੇ ਨਿਰਮਾਣ ਦਾ ਨੀਹ ਪੱਥਰ ਰੱਖਿਆ। ਇਹ ਸੜਕ ਸਾਢੇ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਨੀਹ ਪੱਥਰ ਸਮਾਗਮ ਦੌਰਾਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ 25 ਸਾਲਾਂ ਤੋਂ ਇਹ ਸੜਕ ਬਿਲਕੁਲ ਖ਼ਸਤਾਹਾਲ 'ਚ ਸੀ, ਜਿਸ ਕਰਕੇ ਪਿੰਡ ਵਾਸੀਆਂ ਨੂੰ ਹਰ ਰੋਜ਼ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਇਹ ਸੜਕ ਸਿਰਫ਼ ਪਿੰਡ ਦੇ ਘਰਾਂ ਤੱਕ ਹੀ ਨਹੀਂ ਜਾਂਦੀ, ਸਗੋਂ ਕਿਸਾਨਾਂ ਦੇ ਖੇਤਾਂ ਅਤੇ ਇਲਾਕੇ ਦੇ ਪ੍ਰਸਿੱਧ ਧਾਰਮਿਕ ਸਥਾਨ ਤੱਕ ਪਹੁੰਚ ਦਾ ਮੁੱਖ ਸਾਧਨ ਵੀ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸੜਕ ਟੁੱਟੀ ਹੋਣ ਕਾਰਨ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਲਈ ਆਵਾਜਾਈ 'ਚ ਦਿੱਕਤ ਆਉਂਦੀ ਸੀ, ਜਦਕਿ ਸ਼ਰਧਾਲੂਆਂ ਨੂੰ ਵੀ ਭਾਰੀ ਪਰੇਸ਼ਾਨੀ ਝੱਲਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਪਹਿਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ ਅਤੇ ਇਸੇ ਸੋਚ ਦੇ ਤਹਿਤ ਰਾਈਮਾਜਰਾ ਦੀ ਇਸ ਲੰਬੇ ਸਮੇਂ ਤੋਂ ਲਟਕੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਇਲ ਸ਼ਹਿਰ ਦੀ ਨੁਹਾਰ ਨੂੰ ਬਦਲਣ ਲਈ ਕਰੀਬ ਡੇਢ ਕਰੋੜ ਰੁਪਏ ਦੇ ਵਿਕਾਸ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ 'ਚ ਸੜਕਾਂ, ਪਾਣੀ ਦੀ ਨਿਕਾਸੀ ਪ੍ਰਣਾਲੀ ਅਤੇ ਹੋਰ ਜਨਹਿੱਤ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਟੈਂਡਰ ਛੇਤੀ ਹੀ ਲਾਏ ਜਾਣਗੇ, ਤਾਂ ਜੋ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲ 'ਚ ਲਿਆਂਦਾ ਜਾ ਸਕੇ। ਦੂਜੇ ਪਾਸੇ ਪਿੰਡ ਰਾਈਮਾਜਰਾ ਦੇ ਵਾਸੀਆਂ 'ਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ। ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਸ ਸੜਕ ਦੀ ਮੰਗ ਕਰ ਰਹੇ ਸਨ ਪਰ ਹਰ ਵਾਰ ਉਨ੍ਹਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ ਸੀ। ਪਿੰਡ ਵਾਸੀਆਂ ਨੇ ਕਿਹਾ ਕਿ ਹੁਣ ਜਦੋਂ ਸੜਕ ਦਾ ਕੰਮ ਸ਼ੁਰੂ ਹੋਇਆ ਹੈ ਤਾਂ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਉਣ ਵਾਲੇ ਸਮੇਂ 'ਚ ਪਿੰਡ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।
ਪਿੰਡ ਵਾਸੀਆਂ ਨੇ ਆਸ ਜਤਾਈ ਕਿ ਸੜਕ ਦਾ ਨਿਰਮਾਣ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਪੂਰਾ ਕੀਤਾ ਜਾਵੇਗਾ ਤਾਂ ਜੋ 25 ਸਾਲਾਂ ਦਾ ਇੰਤਜ਼ਾਰ ਸੱਚਮੁੱਚ ਸੁਖਦਾਇਕ ਨਤੀਜੇ ਵਿੱਚ ਬਦਲ ਸਕੇ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋਂ, ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ ਅਤੇ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
Posted By: Daily Suraj Bureau