ਜੰਤਰ-ਮੰਤਰ 'ਤੇ CJP ਦਾ ਪ੍ਰਦਰਸ਼ਨ ਮੁੜ ਸ਼ੁਰੂ, ਦੇਰ ਰਾਤ ਕਾਰਕੁਨ ਹੋਏ ਇਕੱਠੇ
ਕੌਕਰੇਚ ਜਨਤਾ ਪਾਰਟੀ (CJP) ਨੇ ਦਿੱਲੀ ਦੇ ਜੰਤਰ-ਮੰਤਰ 'ਤੇ ਆਪਣਾ ਪ੍ਰਦਰਸ਼ਨ ਸੋਮਵਾਰ ਰਾਤ ਕਰੀਬ 11 ਵਜੇ ਮੁੜ ਸ਼ੁਰੂ ਕਰ ਦਿੱਤਾ। ਪਾਰਟੀ ਦੇ ਕਾਰਕੁਨਾਂ ਅਤੇ ਸਮਰਥਕਾਂ ਨੇ ਦੇਰ ਰਾਤ ਮੁੜ ਇਕੱਠੇ ਹੋ ਕੇ ਸਟੇਜ ਲਗਾਈ ਅਤੇ ਧਰਨਾ ਸ਼ੁਰੂ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਵੀ ਜੰਤਰ-ਮੰਤਰ ਵੱਲ ਪਹੁੰਚੇ। ਇਸ ਤੋਂ ਪਹਿਲਾਂ ਦਿਨ ਭਰ CJP ਦੇ ਕਾਰਕੁਨਾਂ ਨੇ ਸੰਸਦ ਭਵਨ ਵੱਲ ਕਈ ਵਾਰ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਵੀ ਦਾਗੇ। ਹਾਲਾਂਕਿ ਇਸ ਤੋਂ ਬਾਅਦ ਵੀ ਪ੍ਰਦਰਸ਼ਨਕਾਰੀ ਮੁੜ ਜੰਤਰ-ਮੰਤਰ 'ਤੇ ਇਕੱਠੇ ਹੋ ਗਏ। ਪਾਰਟੀ ਨੇ ਦੋਸ਼ ਲਗਾਇਆ ਕਿ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦੇ ਟੈਂਟ ਹਟਾ ਦਿੱਤੇ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਦੂਜੇ ਪਾਸੇ, ਦਿੱਲੀ ਪੁਲੀਸ ਨੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। 118 ਤੋਂ ਵੱਧ ਪੁਲੀਸ ਕਰਮੀ ਜ਼ਖ਼ਮੀ, 70 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ ਦਿੱਲੀ ਪੁਲੀਸ ਮੁਤਾਬਕ, CJP ਦੇ "ਸੰਸਦ ਚਲੋ" ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ ਵਿੱਚ 118 ਤੋਂ ਵੱਧ ਪੁਲੀਸ ਕਰਮੀ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿੱਚ ਸਪੈਸ਼ਲ ਪੁਲੀਸ ਕਮਿਸ਼ਨਰ, ਜੁਆਇੰਟ ਪੁਲੀਸ ਕਮਿਸ਼ਨਰ, ਐਡੀਸ਼ਨਲ ਪੁਲੀਸ ਕਮਿਸ਼ਨਰ, ਡਿਪਟੀ ਪੁਲੀਸ ਕਮਿਸ਼ਨਰ (DCP), ਐਡੀਸ਼ਨਲ ਡਿਪਟੀ ਪੁਲੀਸ ਕਮਿਸ਼ਨਰ, ਅਸਿਸਟੈਂਟ ਪੁਲੀਸ ਕਮਿਸ਼ਨਰ ਸਮੇਤ ਕਈ ਸੀਨੀਅਰ ਅਧਿਕਾਰੀ ਅਤੇ ਮਹਿਲਾ ਪੁਲੀਸ ਕਰਮੀ ਵੀ ਸ਼ਾਮਲ ਹਨ। ਪੁਲੀਸ ਨੇ ਲਗਭਗ 70 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਜਾਣਕਾਰੀ ਵੀ ਦਿੱਤੀ ਹੈ। ਪੁਲੀਸ ਨੇ ਹਿੰਸਕ ਵਿਹਾਰ ਦੇ ਲਗਾਏ ਦੋਸ਼ ਪੁਲੀਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਵਾਰ-ਵਾਰ ਦਿੱਤੀਆਂ ਗਈਆਂ ਚੇਤਾਵਨੀਆਂ ਅਤੇ ਕਾਨੂੰਨੀ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਬਿਆਨ ਅਨੁਸਾਰ, ਪ੍ਰਦਰਸ਼ਨਕਾਰੀਆਂ ਨੇ ਪੁਲੀਸ 'ਤੇ ਪੱਥਰਬਾਜ਼ੀ ਕੀਤੀ, ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਸਰਕਾਰੀ ਵਾਹਨਾਂ ਅਤੇ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਅਤੇ ਹਿੰਸਕ ਰਵੱਈਆ ਅਪਣਾਇਆ, ਜਿਸ ਨਾਲ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਲਈ ਗੰਭੀਰ ਚੁਣੌਤੀ ਪੈਦਾ ਹੋਈ। 60 ਪ੍ਰਦਰਸ਼ਨਕਾਰੀ ਵੀ ਹੋਏ ਜ਼ਖ਼ਮੀ ਝੜਪਾਂ ਦੌਰਾਨ ਕਰੀਬ 60 ਪ੍ਰਦਰਸ਼ਨਕਾਰੀਆਂ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲੀਸ ਨੇ ਦੱਸਿਆ ਕਿ ਜ਼ਖ਼ਮੀ ਕਰਮਚਾਰੀਆਂ ਦੀ ਮੈਡੀਕਲ-ਲੀਗਲ ਜਾਂਚ (MLC) ਕਰਵਾਈ ਜਾ ਰਹੀ ਹੈ। ਸਰਕਾਰੀ ਵਾਹਨਾਂ ਅਤੇ ਜਨਤਕ ਸੰਪਤੀ ਨੂੰ ਨੁਕਸਾਨ ਪੁਲੀਸ ਦੇ ਅਨੁਸਾਰ, ਹਿੰਸਾ ਦੌਰਾਨ ਜਨਤਕ ਸੰਪਤੀ ਨੂੰ ਵੱਡਾ ਨੁਕਸਾਨ ਪਹੁੰਚਿਆ। ਪੁਲੀਸ ਦਾ ਕਹਿਣਾ ਹੈ ਕਿ ਲਗਭਗ 15 ਤੋਂ 20 ਸਰਕਾਰੀ ਵਾਹਨਾਂ ਦੀ ਭੰਨਤੋੜ ਕੀਤੀ ਗਈ ਅਤੇ ਹੋਰ ਸਰਕਾਰੀ ਸੰਪਤੀ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।
Posted By: Daily Suraj Bureau